ਐੱਸ. ਏ. ਐੱਸ. ਨਗਰ, 29 ਅਗਸਤ (ਪ੍ਰੋ. ਅਵਤਾਰ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਹੋਏ ਫ਼ੈਸਲੇ ਅਨੁਸਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਮੁਹਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਅੱਜ ਸਵੇਰੇ 10 ਵਜੇ ਭੋਗ ਪਾਏ ਗਏ। ਇਸ ਉਪਰੰਤ ਰਾਗੀ ਸਿੰਘਾਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਅਤੇ ਗੁਰੂ ਚਰਨਾਂ ‘ਚ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਮੁਹਾਲੀ ਤੋਂ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦੀ ਸਿੰਘਾਂ ਵਜੋਂ ਜਾਣੇ ਜਾਂਦੇ ਕਈ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ‘ਚ ਬੰਦ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਕੈਦੀ ਕਾਨੂੰਨ ਅਨੁਸਾਰ ਆਪਣੀ ਸਜ਼ਾ ਪੂਰੀ ਕਰ ਲੈਂਦਾ ਹੈ ਤਾਂ ਉਸ ਨੂੰ ਸਿਰਫ਼ ਉਸ ਦੀ ਧਾਰਮਿਕ ਜਾਂ ਸਿਆਸੀ ਪਛਾਣ ਦੇ ਆਧਾਰ ‘ਤੇ ਲੰਮੇ ਸਮੇਂ ਤੱਕ ਜੇਲ੍ਹ ‘ਚ ਰੱਖਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ 30 ਸਾਲਾਂ ਤੱਕ ਦਾ ਸਮਾਂ ਜੇਲ੍ਹਾਂ ‘ਚ ਬਤੀਤ ਕਰ ਚੁੱਕੇ ਹਨ, ਜਦਕਿ ਕੁਝ ਮਾਮਲਿਆਂ ‘ਚ ਉਮਰ ਕੈਦ ਤੋਂ ਵੀ ਵੱਧ ਸਮਾਂ ਜੇਲ੍ਹ ਕੱਟ ਚੁੱਕੇ ਹਨ, ਪਰ ਇਸ ਦੇ ਬਾਵਜੂਦ ਸਰਕਾਰਾਂ ਵਲੋਂ ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵੀ ਪਹਿਲਾਂ ਇਹ ਮਾਮਲਾ ਸਰਕਾਰਾਂ ਅਤੇ ਰਾਸ਼ਟਰਪਤੀ ਤੱਕ ਪਹੁੰਚਾਇਆ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਅਨੁਸਾਰ 26 ਲੱਖ ਲੋਕਾਂ ਦੀ ਦਸਤਖ਼ਤੀ ਮੁਹਿੰਮ ਰਾਹੀਂ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਕ ਪਾਸੇ ਗੰਭੀਰ ਅਪਰਾਧਾਂ ‘ਚ ਸਜ਼ਾਵਾਂ ਭੁਗਤ ਰਹੇ ਕਈ ਵਿਅਕਤੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਬੰਦੀ ਸਿੰਘਾਂ ਨੂੰ ਸਾਲਾਂ ਤੋਂ ਰਿਹਾਈ ਅਤੇ ਪੈਰੋਲ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੋਹਰੇ ਮਾਪਦੰਡ ਨੂੰ ਖ਼ਤਮ ਕਰਨ ਦੀ ਲੋੜ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ‘ਚ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਫੌਰੀ ਤੌਰ ‘ਤੇ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ਼ ਕਿਸੇ ਇਕ ਪਰਿਵਾਰ ਜਾਂ ਵਿਅਕਤੀ ਦਾ ਮਾਮਲਾ ਨਹੀਂ, ਸਗੋਂ ਲੰਮੇ ਸਮੇਂ ਤੋਂ ਚੱਲ ਰਹੇ ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਸਲੇ ਨੂੰ ਹੋਰ ਲਟਕਾਉਣ ਦੀ ਬਜਾਏ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਤਹਿਤ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕਰਨਾ ਚਾਹੀਦਾ ਹੈ। ਇਸ ਮੌਕੇ ਮਨਜੀਤ ਸਿੰਘ ਮਾਨ, ਪ੍ਰੀਤਮ ਸਿੰਘ, ਕਰਮਜੀਤ ਸਿੰਘ ਬਬਰਾ, ਸੁਰਜੀਤ ਸਿੰਘ ਮਠਾਰੂ, ਕੇਸਰ ਸਿੰਘ ਬਲੌਂਗੀ, ਕੌਂਸਲਰ ਪਰਮਜੀਤ ਸਿੰਘ, ਸਤਬੀਰ ਸਿੰਘ, ਸਰਬਜੀਤ ਸਿੰਘ ਪਾਰਸ, ਮਨਮੋਹਨ ਸਿੰਘ ਕਾਹਲੋਂ, ਇੰਦਰਜੀਤ ਸਿੰਘ , ਹਰਜਿੰਦਰ ਸਿੰਘ ਅਤੇ ਗੁਰਸ਼ਰਨਦੀਪ ਸਿੰਘ ਸਮੇਤ ਵੱਡੀ ਗਿਣਤੀ ‘ਚ ਖੇਤਰ ਦੀ ਸੰਗਤ ਹਾਜ਼ਰ ਸੀ।