03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅਧਿਕਾਰੀਆਂ ਨੂੰ ਸੜਕਾਂ ’ਤੋਂ ਲਾਵਾਰਿਸ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਆਖਿਆ

ਐੱਸ. ਏ.

ਮੁਹਾਲੀ ਵਿਖੇ ਸੱਦੀ ਗਈ ਮੀਟਿੰਗ ਦੌਰਾਨ ਗਊਧਨ ਦੀ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ। ਅਜੀਤ ਤਸਵੀਰ 03-10-2026
ਐੱਸ. ਏ. ਐੱਸ. ਨਗਰ, 2 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵਲੋਂ ਅੱਜ ਮੁਹਾਲੀ ਵਿਖੇ ਸਥਾਨਕ ਸਰਕਾਰ ਸੰਸਥਾਵਾਂ, ਪਸ਼ੂ-ਪਾਲਣ ਵਿਭਾਗ ਅਤੇ ਹੋਰ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ‘ਚ ਗਊਸ਼ਾਲਾਵਾਂ ਦੇ ਪ੍ਰਬੰਧਾਂ, ਲਾਵਾਰਿਸ ਪਸ਼ੂਆਂ ਦੀ ਸਾਂਭ-ਸੰਭਾਲ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਸੰਬੰਧੀ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਉਪ ਚੇਅਰਮੈਨ ਕੀਮਤੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ‘ਚ ਰੱਖੇ ਗਊਧਨ ਦੀ ਸਾਂਭ-ਸੰਭਾਲ ਲਈ 61 ਰੁ. ਪ੍ਰਤੀ ਗਊ ਪ੍ਰਤੀ ਦਿਨ ਦੇਣ ਦੇ ਫ਼ੈਸਲੇ ਨੂੰ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਗਊਸ਼ਾਲਾਵਾਂ ਨੂੰ ਗਊਧਨ ਦੀ ਸਾਂਭ-ਸੰਭਾਲ ਲਈ ਵਿੱਤੀ ਸਹਾਇਤਾ ਮਿਲੇਗੀ ਅਤੇ ਸੜਕਾਂ ‘ਤੇ ਘੁੰਮਦੇ ਲਾਵਾਰਿਸ ਪਸ਼ੂਆਂ ਦਾ ਚਾਰਾ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ‘ਤੇ ਘੁੰਮਦੇ ਲਾਵਾਰਿਸ ਪਸ਼ੂਆਂ ਨੂੰ ਤੁਰੰਤ ਗਊਸ਼ਾਲਾਵਾਂ ਤੱਕ ਪਹੁੰਚਾਉਣ ਦੀ ਮੁਹਿੰਮ ‘ਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ 4 ਮਹੀਨਿਆਂ ਦੌਰਾਨ ਸੂਬੇ ‘ਚ ਕਰੀਬ 9,000 ਲਾਵਾਰਿਸ ਪਸ਼ੂਆਂ ਨੂੰ ਗਊਸ਼ਾਲਾਵਾਂ ‘ਚ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 518 ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦੇ ਬਿਜਲੀ ਦੇ ਬਿੱਲ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਗਊਸ਼ਾਲਾਵਾਂ ਨੂੰ ਵਿੱਤੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਜਾਂ ਬੇਸਹਾਰਾ ਗਊਧਨ ਨੂੰ ਸੁਰੱਖਿਅਤ ਢੰਗ ਨਾਲ ਗਊਸ਼ਾਲਾਵਾਂ ਤੱਕ ਪਹੁੰਚਾਉਣ ਅਤੇ ਲੋੜ ਅਨੁਸਾਰ ਇਲਾਜ ਤੇ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕਾਓ ਲਿਫਟਰ ਮੁਫ਼ਤ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ‘ਤੇ ਕਰੀਬ 3.06 ਕਰੋੜ ਰੁ. ਖ਼ਰਚ ਕੀਤੇ ਗਏ ਹਨ। ਇਹ ਕਾਓ ਲਿਫਟਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਕਾਊ ਸੈੱਸ ਵਜੋਂ ਇਕੱਠੀ ਹੋਈ ਰਾਸ਼ੀ ਦੀ ਪ੍ਰਾਪਤੀ ਲਈ ਨਗਰ ਨਿਗਮ ਅਤੇ ਨਗਰ ਕੌਂਸਲਾਂ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਨ ਅਤੇ ਇਹ ਰਾਸ਼ੀ ਜਾਰੀ ਕਰਵਾ ਕੇ ਲਾਵਾਰਿਸ ਪਸ਼ੂਆਂ ਦੀ ਸਾਂਭ-ਸੰਭਾਲ ਲਈ ਵਰਤੀ ਜਾਵੇ। ਉਪ ਚੇਅਰਮੈਨ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਊ ਹੱਤਿਆ ਨੂੰ ਰੋਕਣ ਲਈ 10 ਸਾਲਾਂ ਤੱਕ ਦੀ ਸਜ਼ਾ ਦੀ ਵਿਵਸਥਾ, ਨਵੀਆਂ ਗਊਸ਼ਾਲਾਵਾਂ ਲਈ ਸਟੈਂਪ ਡਿਊਟੀ ਤੋਂ ਛੋਟ, ਹਰੇਕ ਜ਼ਿਲ੍ਹੇ ‘ਚ ਗਜ਼ਟਿਡ ਪੁਲਿਸ ਅਧਿਕਾਰੀ ਦੀ ਅਗਵਾਈ ਹੇਠ ਕਾਊ ਪ੍ਰੋਟੈਕਸ਼ਨ ਸੈੱਲ ਅਤੇ ਗਊਸ਼ਾਲਾਵਾਂ ‘ਚ ਰੱਖੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਲੋੜੀਂਦੇ ਟੀਕਾਕਰਨ ਸਮੇਤ ਵੱਖ-ਵੱਖ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ ‘ਚ ਮਨਜ਼ੂਰਸ਼ੁਦਾ ਚਾਰ ਸਲਾਟਰ ਹਾਊਸ ਯੂਨਿਟਾਂ ਨੂੰ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਅਨੁਸਾਰ ਚਲਾਉਣ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਵਲੋਂ ਅੱਜ ਵੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੀਟਿੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਇਸ ਸੰਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਨਵੀਆਂ ਰਜਿਸਟਰਡ ਹੋਈਆਂ ਗਊਸ਼ਾਲਾਵਾਂ ਨੂੰ ਸਰਟੀਫ਼ਿਕੇਟ ਵੀ ਸੌਂਪੇ ਗਏ। ਮੀਟਿੰਗ ‘ਚ ਨਗਰ ਨਿਗਮ ਮੁਹਾਲੀ ਦੇ ਜੁਆਇੰਟ ਕਮਿਸ਼ਨਰ ਨਵਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਬੀਰ ਕੌਰ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਕਮਲਦੀਪ ਸਿੰਘ ਅਤੇ ਆਬਕਾਰੀ ਵਿਭਾਗ ਤੋਂ ਈ. ਟੀ. ਓ. ਦੀਵਾਨ ਚੰਦ ਸਮੇਤ ਵੱਖ-ਵੱਖ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫ਼ਸਰ ਅਤੇ ਹੋਰ ਸੰਬੰਧਿਤ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਖਰੜ ਦੇ ਵਾ. ਨੰ. 6 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਮਹਾਰਾਜਾ ਅੱਜ ਸਰੋਵਰ ਦੇ ਵਿਕਾਸ ਲਈ 93.94 ਕਰੋੜ ਰੁ. ਮਨਜ਼ੂਰ ਕੀਤੇ- ਸ਼ਸ਼ੀਪਾਲ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।