ਐੱਸ. ਏ. ਐੱਸ. ਨਗਰ, 9 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਵਲੋਂ ਅੱਜ ਖ਼ਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨੈੱਸ ਸਟੱਡੀਜ਼ ਮੁਹਾਲੀ ਵਿਖੇ ਵਿਦਿਆਰਥੀਆਂ ਦੇ ਲਿਖਤੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਨਾਲ ਸੰਬੰਧਿਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਲਗਭਗ 112 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਭ ਤੋਂ ਪਹਿਲਾਂ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵਲੋਂ ਮੁਕਾਬਲਿਆਂ ‘ਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ ਜੀ ਆਇਆ ਆਖਦਿਆਂ ਮੁਕਾਬਲਿਆਂ ਦੇ ਨਿਯਮ ਸਾਂਝੇ ਕੀਤੇ ਗਏ। ਨਿਯਮਾਂ ਅਨੁਸਾਰ ਕੁਇਜ਼ ਮੁਕਾਬਲੇ ਲਿਖਤੀ ਰੂਪ ‘ਚ ਕਰਵਾਏ ਗਏ ਅਤੇ ਇਨ੍ਹਾਂ ਲਈ 1 ਘੰਟੇ ਦਾ ਸਮਾਂ ਨਿਰਧਾਰਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ, ਧਰਮ, ਸ਼ਖ਼ਸੀਅਤਾਂ, ਸੱਭਿਆਚਾਰਕ, ਇਤਿਹਾਸ ਅਤੇ ਭੂਗੋਲ ਨਾਲ ਸੰਬੰਧਿਤ ਕੁੱਲ 100 ਪ੍ਰਸ਼ਨ ਪੁੱਛੇ ਗਏ ਤੇ ਪ੍ਰਸ਼ਨ-ਪੱਤਰ ਦੇ ਕੁੱਲ ਅੰਕ 400 ਰੱਖੇ ਗਏ ਸਨ। ਇਨ੍ਹਾਂ ਮੁਕਾਬਲਿਆਂ ਦੌਰਾਨ ਵੱਖ-ਵੱਖ ਵਰਗਾਂ ‘ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪੰਜਾਬੀ ਮਾਹ ਦੌਰਾਨ ਰਾਜ ਪੱਧਰੀ ਕੁਇਜ਼ ਮੁਕਾਬਲਿਆਂ ‘ਚ ਭਾਗ ਲੈਣਗੇ। ਇਸ ਮੌਕੇ ਸੀਨੀਅਰ ਸਹਾਇਕ ਮਨਜੀਤ ਸਿੰਘ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੌਰਾਨ ਸਹਿਯੋਗ ਦੇਣ ਬਦਲੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਲੋਂ ਖ਼ਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜ਼ਨੈੱਸ ਸਟੱਡੀਜ਼ ਮੁਹਾਲੀ ਦੇ ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਗਿਆ।