19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਾਬਕਾ ਮੰਤਰੀ ਸਿੱਧੂ ਨੇ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਐੱਸ. ਏ.

ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ। ਅਜੀਤ ਤਸਵੀਰ 19-10-2026
ਐੱਸ. ਏ. ਐੱਸ. ਨਗਰ, 18 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਪਿੰਡ ਭਾਗੋਮਾਜਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਮੰਡੀ ‘ਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ‘ਚ ਹੋ ਰਹੀ ਦੇਰੀ ਨੂੰ ਦੇਖਦਿਆਂ ਉਨ੍ਹਾਂ ਨੇ ਡਾਇਰੈਕਟਰ ਫ਼ੂਡ ਸਪਲਾਈਜ਼ ਵਰਿੰਦਰ ਕੁਮਾਰ ਸ਼ਰਮਾ ਅਤੇ ਮਾਰਕਫੈੱਡ ਦੇ ਐੱਮ. ਡੀ. ਵਿਸ਼ੇਸ਼ ਸਾਰੰਗਲ ਨਾਲ ਫ਼ੋਨ ‘ਤੇ ਗੱਲਬਾਤ ਕਰਕੇ ਕਿਸਾਨਾਂ ਦੀ ਫ਼ਸਲ ਦੀ ਜਲਦ ਖ਼ਰੀਦ ਅਤੇ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਪੰਜਾਬ ਭਰ ਦੀਆਂ ਮੰਡੀਆਂ ‘ਚ ਖ਼ਰੀਦ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਕਿਸਾਨਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਮੰਡੀ ਨਾ ਫ਼ਸਲ ਰੱਖਣ ਲਈ ਢੁਕਵੀਂ ਜਗ੍ਹਾ ਹੈ ਅਤੇ ਨਾ ਹੀ ਭੰਡਾਰਨ ਦੇ ਪੁਖ਼ਤਾ ਪ੍ਰਬੰਧ ਹਨ। ਇਹ ਹਾਲਾਤ ਸਰਕਾਰ ਦੇ ਖ਼ਰੀਦ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ੈਲਰਾਂ ਦੀ ਅਜ਼ਾਰੇਦਾਰੀ ਅਤੇ ਖ਼ਰੀਦ ਤੇ ਲਿਫ਼ਟਿੰਗ ਨਾਲ ਜੁੜੀਆਂ ਸਮੱਸਿਆਵਾਂ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਹੈ ਅਤੇ ਕਿਸਾਨਾਂ ਨਾਲ ਹੋਣ ਵਾਲੀ ਕਿਸੇ ਵੀ ਬੇਇਨਸਾਫ਼ੀ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਜੀਤ ਸਿੰਘ ਭਾਗੋਮਾਜਰਾ, ਅਵਤਾਰ ਸਿੰਘ ਤਾਰੀ ਸਾਬਕਾ ਸਰਪੰਚ ਭਾਗੋਮਾਜਰਾ, ਭੁਪਿੰਦਰ ਸਿੰਘ ਨੰਬਰਦਾਰ ਭਾਗੋਮਾਜਰਾ, ਗਗਨਦੀਪ ਸਿੰਘ ਬੈਰੋਂਪੁਰ, ਚਰਨਜੀਤ ਸਿੰਘ ਮੰਗਾ ਭਾਗੋਮਾਜਰਾ ਅਤੇ ਕਰਮਜੀਤ ਸਿੰਘ ਭਾਗੋਮਾਜਰਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਾਰ ਦੀ ਟੱਕਰ ਨਾਲ ਜ਼ਖ਼ਮੀ ਐਕਟਿਵਾ ਸਵਾਰ ਦੀ ਅੱਠ ਦਿਨਾਂ ਬਾਅਦ ਮੌਤ, ਕੇਸ ਦਰਜ ਅਗਲੀ ਖ਼ਬਰ ਸਿਹਤ ਕੈਂਪ ਵਿਚ 188 ਮਰੀਜ਼ਾਂ ਦੀ ਜਾਂਚ ਅਤੇ 124 ਲੋਕਾਂ ਦੇ ਹੈਲਥ ਕਾਰਡ ਜਾਰੀ - ਡਾ . ਸੰਨੀ ਸਿੰਘ ਆਹਲੂਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।