ਐੱਸ. ਏ. ਐੱਸ. ਨਗਰ, 19 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਲਾਂਡਰਾਂ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 300 ਤੋਂ ਵੱਧ ਮਰੀਜ਼ਾਂ ਨੇ ਪਹੁੰਚ ਕੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਨਾਲ ਹੀ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਮੁਹਾਲੀ ਫਰਸਟ ਫਾਊਂਡੇਸ਼ਨ ਤੇਰਾ-ਤੇਰਾ ਅਤੇ ਹੈਡਨ ਕਲੀਨਿਕਸ ਦੇ ਸਹਿਯੋਗ ਨਾਲ ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ‘ਚ ਲਗਾਏ ਗਏ ਇਸ ਕੈਂਪ ਦੌਰਾਨ ਅੱਖਾਂ ਅਤੇ ਦੰਦਾਂ ਦੇ ਮਾਹਿਰ ਡਾਕਟਰਾਂ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀਆਂ ਟੀਮਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਮਰੀਜ਼ਾਂ ਦੇ ਬਲੱਡ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਵੀ ਮੁਫ਼ਤ ਜਾਂਚ ਕੀਤੀ ਗਈ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਸਭ ਤੋਂ ਵੱਡੀ ਤਰਜ਼ੀਹ ਹੈ। ਇਸੇ ਉਦੇਸ਼ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ‘ਚ ਲਗਾਤਾਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕੈਂਪ ਦੇ ਪ੍ਰਬੰਧਾਂ ਦੌਰਾਨ ਸਹਿਯੋਗ ਦੇਣ ਵਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਦੇ ਮੁਹਤਬਰਾਂ ਅਤੇ ਸਮੂਹ ਸਹਿਯੋਗੀਆਂ ਦਾ ਉਚੇਚੇ ਤੌਰ ‘ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੀ. ਐੱਸ. ਰਿਆੜ, ਗੁਰਦੇਵ ਸਿੰਘ ਚੌਹਾਨ, ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ, ਲਖਬੀਰ ਸਿੰਘ ਕਾਲਾ, ਅਜੈਬ ਸਿੰਘ ਬਾਕਰਪੁਰ ਅਤੇ ਚੱਪੜਚਿੜੀ ਦੇ ਸਾਬਕਾ ਸਰਪੰਚ ਸਾਹਿਬਾਨਾਂ ਸਮੇਤ ਖੇਤਰ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।