ਐੱਸ. ਏ. ਐੱਸ. ਨਗਰ, 20 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਐਨ. ਐਸ. ਕਿਊ. ਐਫ. ਵੋਕੇਸ਼ਨਲ ਟੀਚਰਜ਼ ਫ਼ਰੰਟ ਪੰਜਾਬ ਵਲੋਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਪਿਛਲੀ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਟਾਲਮਟੋਲ ਅਤੇ ਲਾਰੇ ਲਾਪੇ ਨੀਤੀ ਖ਼ਿਲਾਫ਼ ਤੇ ਹੱਕੀ ਮੰਗਾਂ ਨੂੰ ਅਣਗੌਲਿਆ ਕਰਨ ਦੇ ਵਿਰੋਧ ਵਿਚ ਮੁਹਾਲੀ ਫ਼ੇਜ਼-8 ਸਥਿਤ ਵਿੱਦਿਆ ਭਵਨ ਅੱਗੇ ਲੱਗੇ ਪੱਕੇ ਧਰਨੇ ਦੇ 13ਵੇਂ ਦਿਨ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਵਿਚ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ, ਰਣਜੀਤ ਸਿੰਘ, ਗੁਰਜੀਤ ਸਿੰਘ, ਮਹਿਤਾਬ ਸਿੰਘ, ਹੇਮੰਤ ਡੰਗਵਾਲ, ਵਰਿੰਦਰ ਸਿੰਘ, ਨਵਨੀਤ ਕੌਰ, ਰੁਪਿੰਦਰ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਕੁੰਭਕਰਨੀ ਨੀਂਦ ਸੁੱਤੀ ਸਰਕਾਰ ਨੂੰ ਜਗਾਉਣ ਲਈ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਅਤੇ ਪੰਜਾਬ ਸਰਕਾਰ ਨਾਲ ਸੈਂਕੜੇ ਮੀਟਿੰਗਾਂ ਉਪਰੰਤ ਵੀ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਪੱਕਾ ਹੱਲ ਨਹੀਂ ਨਿਕਲ ਸਕਿਆ ਹੈ। ਉਨ੍ਹਾਂ ਕਿਹਾ ਕਿ 21 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਜੇ ਕਰ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਪੱਕਾ ਹੱਲ ਨਾ ਨਿਕਲਿਆ ਤਾਂ ਵੋਕੇਸ਼ਨਲ ਅਧਿਆਪਕਾਂ ਵਲੋਂ 23 ਅਕਤੂਬਰ ਨੂੰ ਵਿਧਾਨ ਸਭਾ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ।