22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਦਾ ਦਿਹਾੜਾ ਮਨਾਇਆ

ਐੱਸ. ਏ.

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਗਤਾਂ ਨੂੰ ਢਾਡੀ ਵਾਰਾਂ ਦੁਆਰਾ ਨਿਹਾਲ ਕਰਦਾ ਹੋਇਆ ਢਾਡੀ ਜਥਾ। ਅਜੀਤ ਤਸਵੀਰ 22-10-2026
ਐੱਸ. ਏ. ਐੱਸ. ਨਗਰ, 21 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ‘ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਅਮਰਜੀਤ ਸਿੰਘ ਰੁਪਾਲੋਂ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਵਲੋਂ 1710 ਈ. ‘ਚ ਸਿੱਖ ਰਾਜ ਦੀ ਸਥਾਪਨਾ ਕਰਨ ਬਾਰੇ ਅਤੇ 18ਵੀਂ ਸਦੀ ‘ਚ ਜਬਰ ਅਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਵਲੋਂ ਪ੍ਰਾਪਤ ਕੀਤੀਆਂ ਲਾਸਾਨੀ ਸ਼ਹਾਦਤਾਂ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ‘ਚ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਬਾਅਦ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਦੇਗ਼ਸਰ ਸਾਹਿਬ ਕਟਾਣਾ ਵਾਲਿਆਂ ਨੇ ਆਪਣੇ ਪ੍ਰਵਚਨਾਂ ਦੌਰਾਨ ਸੰਗਤਾਂ ਨੂੰ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸੇ ਦੌਰਾਨ ਭਾਈ ਤੇਜਿੰਦਰ ਸਿੰਘ ਲੁਧਿਆਣਾ ਵਾਲਿਆਂ, ਭਾਈ ਤਰਸੇਮ ਸਿੰਘ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ, ਭਾਈ ਰਜਿੰਦਰ ਸਿੰਘ ਮਾਨਸਾ, ਗਿਆਨੀ ਗਗਨਦੀਪ ਸਿੰਘ ਗੁਰਦੁਆਰਾ ਨਾਢਾ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਅਤੇ ਭਾਈ ਦਵਿੰਦਰ ਸਿੰਘ ਦੇ ਜਥਿਆਂ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਨਾਮ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ। ਸਮਾਗਮ ਦੌਰਾਨ ਮਹਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਨੂੰ ਲੈ ਕੇ ਨਿਗਮ ਟੀਮ ਨੇ ਦੁਕਾਨਦਾਰਾਂ ਦੇ ਕੱਟੇ ਚਲਾਨ ਅਗਲੀ ਖ਼ਬਰ ਘਰ ਦੀ ਭੰਨ-ਤੋੜ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।