ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਲੋਂ ਸਕੂਲ ਕੈਂਪਸ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ। ਇਸ ਮੌਕੇ ਸਕੂਲ ਦਾ ਖੇਡ ਮੈਦਾਨ ਖਿਡਾਰੀਆਂ ਦੇ ਜੋਸ਼, ਉਤਸ਼ਾਹ ਤੇ ਰੌਣਕਾਂ ਨਾਲ ਭਰਿਆ ਦਿਖਾਈ ਦਿੱਤਾ। ਸਾਲਾਨਾ ਖੇਡ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ‘ਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਖੇਡ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ‘ਚ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਟੀਮ ਭਾਵਨਾ ਤੇ ਅਗਵਾਈ ਦੇ ਗੁਣ ਪੈਦਾ ਕਰਨਾ ਸੀ। ਇਸ ਮੌਕੇ ਸਕੂਲ ਪ੍ਰਿੰ. ਜਸਵੀਰ ਚੰਦਰ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰ ਨੂੰ ਤੰਦਰੁਸਤ ਹੀ ਨਹੀਂ ਬਣਾਉਂਦੀਆਂ, ਸਗੋਂ ਮਜ਼ਬੂਤ ਮਨ ਅਤੇ ਚੰਗੇ ਚਰਿੱਤਰ ਦਾ ਨਿਰਮਾਣ ਵੀ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖੇਡਾਂ ਮਨੁੱਖ ਦੇ ਸਰਬਪੱਖੀ ਵਿਕਾਸ ‘ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਸਮੁੱਚੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਵੀ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਨੂੰ ਸਫ਼ਲ ਬਣਾਉਣ ਲਈ ਅਧਿਆਪਕਾਂ ਤੇ ਖੇਡ ਵਿਭਾਗ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।