ਐੱਸ. ਏ. ਐੱਸ. ਨਗਰ, 15 ਨਵੰਬਰ (ਪ੍ਰੋ. ਅਵਤਾਰ ਸਿੰਘ)-’ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਲਾਲ ਡੋਰੇ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਵਾਲੇ ਪੱਤਰ ਵੰਡੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਕੈਲੋਂ ਵਿਖੇ 300 ਲਾਭਪਾਤਰੀਆਂ ਨੂੰ ਘਰਾਂ ਦੇ ਮਾਲਕੀ ਹੱਕ ਵਾਲੇ ਪੱਤਰ ਵੰਡੇ ਗਏ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰ ਦਾ ਉਦੇਸ਼ ਪੰਜਾਬ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਹੈ ਤਾਂ ਜੋ ਉਹ ਆਪਣੀ ਮਲਕੀਅਤ ਦੇ ਅਸਲ ਮਾਲਕ ਬਣ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰਾਂ ਦੇ ਮਾਲਕੀ ਹੱਕ ਵਾਲੇ ਪੱਤਰ ਤਿਆਰ ਹੋ ਚੁੱਕੇ ਹਨ, ਉਨ੍ਹਾਂ ਨੂੰ ਪਿੰਡ-ਪਿੰਡ ਜਾ ਕੇ ਵੰਡਿਆ ਜਾ ਰਿਹਾ ਹੈ, ਜਦਕਿ ਬਾਕੀ ਮਾਲਕੀ ਹੱਕ ਵਾਲੇ ਪੱਤਰ ਤਿਆਰ ਹੋਣ ਉਪਰੰਤ ਜਲਦ ਹੀ ਸੰਬੰਧਿਤ ਮਾਲਕਾਂ ਨੂੰ ਸੌਂਪ ਦਿੱਤੇ ਜਾਣਗੇ। ਇਸ ਮੌਕੇ ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ, ਪਿੰਡ ਦੇ ਸਰਪੰਚ ਤਰਲੋਚਨ ਸਿੰਘ ਤੋਚੀ, ਗੁਰਜੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਜਰਨੈਲ ਸਿੰਘ ਪੰਚ, ਮਹਿੰਦਰ ਕੌਰ ਪੰਚ, ਸੰਤੋਖ ਸਿੰਘ ਸਾਬਕਾ ਪੰਚ, ਜਗਤਾਰ ਸਿੰਘ ਤੇ ਗਗਨਦੀਪ ਸਿੰਘ ਸਮੇਤ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।