ਐੱਸ. ਏ. ਐੱਸ. ਨਗਰ, 24 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ਨਾਲ ਪੰਜਾਬ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਦੇ ਲੋਕਾਂ ਵਿਚ ਇਸ ਗੱਠਜੋੜ ਨੂੰ ਲੈ ਕੇ ਉਤਸ਼ਾਹ ਅਤੇ ਨਵੀਂ ਉਮੀਦ ਜਾਗੀ ਹੈ। ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਅਕਾਲੀ-ਭਾਜਪਾ ਗੱਠਜੋੜ ਸੂਬੇ ਨੂੰ ਬਚਾਉਣ ਅਤੇ ਮੁੜ ਤਰੱਕੀ ਦੇ ਰਾਹ ’ਤੇ ਲਿਜਾਣ ਲਈ ਸਮੇਂ ਦੀ ਲੋੜ ਹੈ। ਇਹ ਵਿਚਾਰ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਵਿਚ ਡਬਲ ਇੰਜਨ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਯੋਜਨਾਵਾਂ ਅਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਇਆ ਜਾ ਸਕਦਾ ਹੈ। ਉੱਭਾ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ, ਬੇਰੁਜ਼ਗਾਰੀ, ਕਿਸਾਨਾਂ ਦੀਆਂ ਸਮੱਸਿਆਵਾਂ, ਉਦਯੋਗਾਂ ਦੀ ਕਮੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਪੰਜਾਬ ਨੂੰ ਇਨ੍ਹਾਂ ਮੁਸ਼ਕਿਲਾਂ ਵਿਚੋਂ ਬਾਹਰ ਕੱਢਣ ਲਈ ਇਕ ਮਜ਼ਬੂਤ, ਸਥਿਰ ਅਤੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਵਿਕਾਸ ਲਈ ਨਵੀਂ ਦਿਸ਼ਾ ਤੈਅ ਕਰ ਸਕਦਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਪੰਜਾਬ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਇੱਕਜੁੱਟ ਹੋ ਕੇ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। 24 ਐਮਓਐਚ25 ਹਰਦੇਵ ਸਿੰਘ ਉੱਭਾ।