ਬਠਿੰਡਾ, 11 ਮਈ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਚੋਣ ਕਮਿਸ਼ਨ ਵਲੋਂ ਸੂਬੇ ਅੰਦਰ ਨਗਰ ਨਿਗਮਾਂ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੇ ਬਾਅਦ ਸਾਰੀਆਂ ਸਿਆਸੀ ਧਿਰਾਂ ਨੇ ਕਮਰਕਸ ਲਈ ਹੈ | ਇਸੇ ਕੜੀ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੀ ਜਥੇਬੰਦੀ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਇਹ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ, ਜੋ ਇਸ ਜਥੇਬੰਦੀ ਵਲੋਂ ਪਹਿਲੀ ਵਾਰ ਲੜੀਆਂ ਜਾਣੀਆਂ ਹਨ | ਇਨ੍ਹਾਂ ਚੋਣਾਂ ਸਬੰਧੀ ਅੱਜ ਬਠਿੰਡਾ ਵਿਖੇ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕਰਦਿਆਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਚਮਕੌਰ ਸਿੰਘ ਬਰਾੜ ਅਤੇ ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਪੰਜਾਬ ਅੰਦਰ ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲ ਚੋਣਾਂ ਲੜਨ ਦਾ ਫੈਸਲਾ ਲਿਆ ਹੈ, ਜਿਸ ਦੇ ਤਹਿਤ ਨਗਰ ਨਿਗਮ ਬਠਿੰਡਾ ਸਮੇਤ ਜ਼ਿਲੇ੍ਹ ਅਧੀਨ ਪੈਂਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣੇ ਉਮੀਦਵਾਰ ਉਤਾਰੇ ਜਾਣਗੇ | ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਇਹ ਚੋਣਾਂ ਨਸ਼ਾ, ਬੇਰੁਜ਼ਗਾਰੀ ਤੇ ਭਿ੍ਸ਼ਟਾਚਾਰ ਦੇ ਖ਼ਾਤਮੇ ਅਤੇ ਪੰਜਾਬ ਤੇ ਪੰਥਕ ਹਿੱਤਾਂ ਦੀ ਰਾਖੀ ਦੇ ਮੁੱਦੇ ਉਪਰ ਲੜੀਆਂ ਜਾਣਗੀਆਂ, ਜਿਸ ਲਈ ਕੋਈ ਵੀ ਆਜ਼ਾਦ ਤੌਰ 'ਤੇ ਚੋਣ ਲੜਨ ਦੇ ਚਾਹਵਾਨ ਅਤੇ ਸਾਫ਼-ਸੁਥਰੀ ਤੇ ਬੇਦਾਗ਼ ਸ਼ਖ਼ਸੀਅਤ ਦੇ ਮਾਲਕ ਲੋਕ ਉਨ੍ਹਾਂ ਦੀ ਜਥੇਬੰਦੀ ਨਾਲ ਰਾਬਤਾ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੀ ਰਣਨੀਤੀ ਤਿਆਰ ਕਰਨ ਲਈ ਟੀਮਾਂ ਦਾ ਗਠਨ ਕਰ ਦਿੱਤਾ ਹੈ | ਇਸ ਮੌਕੇ ਜ਼ਿਲ੍ਹਾ ਸੀਨੀਅਰ ਉਪ-ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਤੇ ਸੁਖਦੀਪ ਸਿੰਘ, ਜਨਰਲ ਸਕੱਤਰ ਗੁਰਤੇਜ ਸਿੰਘ ਫ਼ੌਜੀ, ਪ੍ਰੈੱਸ ਸਕੱਤਰ ਗੁਰਮੀਤ ਸਿੰਘ, ਮਾਸਟਰ ਕੁਲਦੀਪ ਸਿੰਘ ਗੋਸਲ, ਬੀਬੀ ਮਨਦੀਪ ਕੌਰ ਖ਼ਜ਼ਾਨਚੀ, ਸਤਵਿੰਦਰ ਸਿੰਘ, ਬਾਬਾ ਸਤਿਨਾਮ ਸਿੰਘ, ਬਾਬਾ ਲੱਖਾ ਸਿੰਘ ਤੇ ਗੁਰਮੀਤ ਸਿੰਘ ਫ਼ੌਜੀ (ਚਾਰੇ ਉਪ-ਪ੍ਰਧਾਨ), ਨਰਿੰਦਰਪਾਲ ਸਿੰਘ, ਦਰਸ਼ਨ ਸਿੰਘ ਸਰਾਂ, ਬੀਬੀ ਸਿਮਰਨ ਕੌਰ, ਰਾਜਬਿੰਦਰ ਸਿੰਘ ਸਰਪੰਚ ਆਦਿ ਮੌਜੂਦ ਸਨ |