ਸਰਦੂਲਗੜ੍ਹ, 19 ਨਵੰਬਰ (ਜੀ.ਐਮ.ਅਰੋੜਾ)- ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 16 ਤੋਂ 30 ਨਵੰਬਰ ਤੱਕ ਚੱਲ ਰਹੀ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ’ਚ ਆਪਣੇ ਪਰਿਵਾਰ ਦੀ ਪੂਰੀ ਅਤੇ ਸਹੀ ਜਾਣਕਾਰੀ ਜ਼ਰੂਰ ਦਰਜ ਕਰਨ। ਉਨ੍ਹਾਂ ਕਿਹਾ ਕਿ ਸਹੀ ਅਤੇ ਸਟੀਕ ਅੰਕੜੇ ਕਿਸੇ ਵੀ ਸੂਬੇ ਅਤੇ ਦੇਸ਼ ਦੇ ਬਿਹਤਰ ਵਿਕਾਸ, ਭਲਾਈ ਸਕੀਮਾਂ ਅਤੇ ਭਵਿੱਖ ਦੀ ਯੋਜਨਾਬੰਦੀ ਦਾ ਅਹਿਮ ਆਧਾਰ ਬਣਦੇ ਹਨ। ਉਨ੍ਹਾਂ ਆਖਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਘਰ ਬੈਠੇ ਹੀ ਆਨਲਾਈਨ ਸਵੈ-ਗਣਨਾ ਕਰਨ ਦਾ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ, ਜਿਸ ਦਾ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਵਿਧਾਇਕ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫ਼ਰਜ਼ ਨਿਭਾਉਂਦਿਆਂ ਇਸ ਅਹਿਮ ਕੌਮੀ ਕਾਰਜ ’ਚ ਸਹਿਯੋਗ ਦੇਣ ਅਤੇ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ। ਇਸ ਦੌਰਾਨ ਉਨ੍ਹਾਂ ਖ਼ੁਦ ਵੀ ਆਨਲਾਈਨ ਪੋਰਟਲ ’ਤੇ ਸਵੈ ਗਣਨਾ ਦੀ ਪ੍ਰਕਿਰਿਆ ਪੂਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਜਾ ਕੇ ਗਣਨਾ ਕੀਤੀ ਜਾਵੇਗੀ। ਇਕੱਤਰ ਕੀਤੇ ਗਏ ਇਹ ਅੰਕੜੇ ਸੂਬੇ ਦੀਆਂ ਭਵਿੱਖੀ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਨੂੰ ਨਵਾਂ ਰੂਪ ਦੇਣ ’ਚ ਅਹਿਮ ਭੂਮਿਕਾ ਨਿਭਾਉਣਗੇ।