ਨੰਗਲ, 12 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਹਲਕੇ ਵਿਚ 5 ਨਵੇਂ ਪੁਲਾਂ ਦੇ ਨਿਰਮਾਣ ਨੂੰ ਅਧਿਕਾਰਤ ਮਨਜ਼ੂਰੀ ਦੇ ਦਿੱਤੀ ਗਈ ਹੈ ਜੋ ਕਈ ਦਿਨਾਂ ਤੋਂ ਬੀ. ਬੀ. ਐੱਮ. ਬੀ. ਦੇ ਉੱਚ ਅਧਿਕਾਰੀਆਂ ਨਾਲ ਹੋਏ ਤਾਲਮੇਲ ਦਾ ਨਤੀਜਾ ਅੱਜ ਲੋਕਾਂ ਸਾਹਮਣੇ ਆਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਲੋਂ ਕੀਤਾ ਗਿਆ | ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਨਵੇਂ ਪੁਲਾਂ ਦੇ ਬਣਨ ਨਾਲ ਇਲਾਕੇ ਦੇ ਕਈ ਪਿੰਡਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਤੇ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਵਿਚ ਆ ਰਹੀਆਂ ਮੁਸ਼ਕਿਲਾਂ ਤੋਂ ਵੱਡੀ ਰਾਹਤ ਮਿਲੇਗੀ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸੀ ਪ੍ਰੋਜੈਕਟਾਂ ਨੂੰ ਤਰਜੀਹ ਦੇ ਰਹੀ ਹੈ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਮਨਜ਼ੂਰੀ ਮਿਲਣ ਤੋਂ ਬਾਅਦ ਜਲਦੀ ਹੀ ਟੈਂਡਰ ਪ੍ਰਕਿਰਿਆ ਸ਼ੁਰੂ ਕਰਕੇ ਕੰਮ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਂਦਾ ਜਾਵੇਗਾ, ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਸ ਦਾ ਫ਼ਾਇਦਾ ਮਿਲ ਸਕੇ | ਸ.ਬੈਂਸ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਹੋਰ ਵਿਕਾਸੀ ਕੰਮ ਜਾਰੀ ਰਹਿਣਗੇ ਅਤੇ ਨੰਗਲ ਹਲਕੇ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਕੀਤਾ ਜਾਵੇਗਾ |