ਸ੍ਰੀ ਚਮਕੌਰ ਸਾਹਿਬ, 17 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਭਾਰਤੀ ਜਨਤਾ ਪਾਰਟੀ ਐੱਸ. ਸੀ. ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਜਪਾ ਕਾਰਕੁੰਨਾਂ ਤੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕਰਦਿਆਂ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਮਨੁੱਖਤਾਵਾਦੀ ਸੰਦੇਸ਼ ਨੂੰ ਯਾਦ ਕੀਤਾ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਭਾਜਪਾ ਐਸਸੀ ਮੋਰਚਾ ਦੇ ਕੌਮੀ ਮਹਾ ਮੰਤਰੀ ਸੰਜੇ ਨਿਰਮਲ ਨੇ ਸ਼ਿਰਕਤ ਕੀਤੀ | ਉਨ੍ਹਾਂ ਨਾਲ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਅਤੇ ਸੂਬਾ ਐੱਸ. ਸੀ. ਮੋਰਚਾ ਪ੍ਰਧਾਨ ਸੁੱਚਾ ਰਾਮ ਲੱਧੜ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਸੰਜੇ ਨਿਰਮਲ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਭੇਦਭਾਵ ਤੋਂ ਉੱਪਰ ਉੱਠ ਕੇ ਸਮਾਨਤਾ ਅਤੇ ਭਾਈਚਾਰੇ ਦਾ ਰਾਹ ਦਿਖਾਇਆ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾਉਣਾ ਅਤੇ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਸਨਮਾਨ ਅਤੇ ਮੌਕੇ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਡਾ. ਸੁਭਾਸ਼ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੇਵਾ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਵਾਲੀ ਪਾਰਟੀ ਹੈ | ਉਨ੍ਹਾਂ ਨੇ ਲੋਕਾਂ ਨੂੰ ਆਪਸੀ ਸਦਭਾਵਨਾ ਤੇ ਸਮਾਜਿਕ ਏਕਤਾ ਮਜ਼ਬੂਤ ਕਰਨ ਦੀ ਅਪੀਲ ਕੀਤੀ | ਸੂਬਾ ਐੱਸ. ਸੀ. ਮੋਰਚਾ ਪ੍ਰਧਾਨ ਸੁੱਚਾ ਰਾਮ ਲੱਧੜ ਨੇ ਵੀ ਗੁਰੂ ਰਵਿਦਾਸ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਕ ਹੈ | ਜ਼ਿਲ੍ਹਾ ਪ੍ਰਧਾਨ ਮੇਜਰ ਅੰਜੂ ਬਾਲਾ ਸਿੰਘ ਨੇ ਸਾਰੇ ਮਹਿਮਾਨਾਂ, ਸੰਤ ਮਹਾਪੁਰਖਾਂ, ਅਤੇ ਸੰਗਤ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਗਮ ਸਮਾਜ ਵਿਚ ਸਕਾਰਾਤਮਕ ਊਰਜਾ ਪੈਦਾ ਕਰਦੇ ਹਨ | ਸਮਾਗਮ ਦੌਰਾਨ ਸੰਗਤ ਨੇ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦੇ ਰਾਹ ਤੇ ਚੱਲਣ ਦਾ ਸੰਕਲਪ ਲਿਆ | ਇਸ ਮੌਕੇ ਜਗਦੀਪ ਸਿੰਘ, ਹਰਨੇਕ ਸਿੰਘ, ਰਜੇਸ਼ ਭਾਟੀਆ, ਵਿਨੋਦ ਰਾਣਾ, ਜਤਿੰਦਰਪਾਲ ਸਿੰਘ ਨੰਨੂਆ, ਪਵਿੱਤਰ ਸਿੰਘ, ਰਮਨ ਮੱਟੂ, ਜਸਮੇਰ ਰਾਣਾ, ਸੰਗਤ ਸਿੰਘ ਭਾਮੀਆ ਆਦਿ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਅਤੇ ਸੰਗਤ ਮੌਜੂਦ ਸੀ |