ਰੂਪਨਗਰ, 28 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਵਪਾਰਕ ਭਾਈਚਾਰੇ ਨੂੰ ਆ ਰਹੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਅਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਮਨਿੰਦਰ ਸਿੰਘ ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਦੇ ਪੋਰਟਲ 'ਤੇ ਦਰਜ ਕੀਤੀਆਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਰਾਜ ਸਰਕਾਰ ਵਪਾਰ-ਮਿੱਤਰ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹੁਣ ਤੱਕ ਵਪਾਰੀ ਕਮਿਸ਼ਨ ਦੀਆਂ ਜ਼ਿਲ੍ਹੇ ਵਿਚ ਕੁੱਲ 55 ਸ਼ਿਕਾਇਤਾਂ ਆਈਆਂ, ਜਿਨ੍ਹਾਂ ਵਿਚੋਂ 40 ਹੱਲ ਕਰ ਦਿੱਤੀਆਂ ਗਈਆਂ ਹਨ, 9 ਸਰਕਾਰ ਪੱਧਰ ਦੀਆਂ ਹਨ ਅਤੇ ਬਾਕੀ 6 ਬਕਾਇਆ ਹਨ | ਡਿਪਟੀ ਕਮਿਸ਼ਨਰ ਨੇ ਸਬ-ਡਿਵੀਜ਼ਨਲ ਮੈਜਿਸਟਰੇਟਾਂ ਅਤੇ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਵਿਚਕਾਰ ਵਧੀਆ ਤਾਲਮੇਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਜ਼ਮੀਨੀ ਪੱਧਰ 'ਤੇ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪ੍ਰਭਾਵਸ਼ਾਲੀ ਸੰਚਾਰ ਅਤੇ ਸਹਿਯੋਗ ਨਾਲ ਤੇਜ਼ ਅਤੇ ਬਿਹਤਰ ਹੱਲ ਸੰਭਵ ਹੋ ਸਕਦੇ ਹਨ | ਮੀਟਿੰਗ ਦੌਰਾਨ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ਸੁਰੱਖਿਆ ਅਤੇ ਸਹਿਯੋਗ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਮੀਟਿੰਗਾਂ ਲਗਾਤਾਰ ਕਰਵਾਈਆਂ ਜਾਣਗੀਆਂ ਤਾਂ ਜੋ ਵਪਾਰੀਆਂ ਨਾਲ ਸਿੱਧਾ ਸੰਪਰਕ ਬਣਾਇਆ ਰੱਖਿਆ ਜਾ ਸਕੇ ਅਤੇ ਮਸਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ, ਐਸ.ਡੀ.ਐਮ. ਨੰਗਲ ਸਚਿਨ ਪਾਠਕ, ਚੇਅਰਮੈਨ ਵਪਾਰੀ ਕਮਿਸ਼ਨ ਰੂਪਨਗਰ ਦਾਰਾ ਸਿੰਘ, ਮੈਂਬਰ ਸ੍ਰੀ ਅਨੰਦਪੁਰ ਸਾਹਿਬ ਗੁਰਪ੍ਰੀਤ ਸਿੰਘ ਅਰੋੜਾ, ਮੈਂਬਰ ਸ਼੍ਰੀ ਚਮਕੌਰ ਸਾਹਿਬ ਲਖਵਿੰਦਰ ਸਿੰਘ ਕਾਕਾ, ਮੈਂਬਰ ਰੂਪਨਗਰ ਅਮਨਦੀਪ ਸਿੰਘ ਸੋਨੀ, ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਅਤੇ ਕਾਰਜ ਸਾਧਕ ਅਫ਼ਸਰ ਅਤੇ ਹੋਰ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |