ਕੀਰਤਪੁਰ ਸਾਹਿਬ/ ਬੰੁਗਾ ਸਾਹਿਬ, 28 ਅਪ੍ਰੈਲ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਇਤਿਹਾਸਿਕ ਨਗਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸ਼ਤਾਬਦੀ ਸਮਾਰੋਹ ਅੱਜ ਤੋਂ ਕੀਰਤਪੁਰ ਸਾਹਿਬ ਵਿਖੇ ਆਰੰਭ ਹੋ ਰਹੇ ਹਨ | ਅੱਜ ਸਵੇਰੇ ਸਭ ਤੋਂ ਪਹਿਲਾਂ ਸਥਾਨਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਰਜਿੰਦਰ ਸਿੰਘ ਮਹਿਤਾ ਸਮੇਤ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਹੁਦੇਦਾਰ ਸ਼ਿਰਕਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਸ਼ਤਾਬਦੀ ਸਮਾਰੋਹ ਦੇ ਸਮੁੱਚੇ ਧਾਰਮਿਕ ਸਮਾਗਮ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਵੱਖ-ਵੱਖ ਪੜਾਵਾਂ ਵਿਚ ਹੋਣਗੇ | ਇੱਥੇ ਲਗਾਤਾਰ ਤਿੰਨ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ | ਸੰਗਤਾਂ ਦੀ ਸਹੂਲਤ ਲਈ ਗੁਰੂ ਰਾਮਦਾਸ ਮੈਡੀਕਲ ਕਾਲਜ ਵਲੋਂ ਮੈਡੀਕਲ ਕੈਂਪ ਲਗਾਇਆ ਜਾਵੇਗਾ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਤੋਂ ਇਲਾਵਾ ਮਲਕੀਤ ਸਿੰਘ ਮੈਨੇਜਰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਮੀਤ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਠੇਕੇਦਾਰ ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਕੀਰਤਪੁਰ ਸਾਹਿਬ, ਸੁਖਬੀਰ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |