ਨੂਰਪੁਰ ਬੇਦੀ, 28 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਂਗੜ ਵਿਖੇ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਏਕ ਭਾਰਤ ਸਰੇਸ਼ਟ ਭਾਰਤ' ਮੁਹਿੰਮ ਤਹਿਤ ਵੱਖ-ਵੱਖ ਸਿੱਖਿਆਤਮਕ ਅਤੇ ਸਾਂਸਕਿ੍ਤਿਕ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਵਿਚ ਰਾਸ਼ਟਰੀ ਏਕਤਾ, ਸਾਂਝੀ ਸਭਿਆਚਾਰਕ ਵਿਰਾਸਤ ਅਤੇ ਭਾਸ਼ਾਈ ਵਿਭਿੰਨਤਾ ਪ੍ਰਤੀ ਸਨਮਾਨ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸੀ | ਇਸ ਮੌਕੇ ਸਕੂਲ ਵਿਚ ਕੁਇਜ਼ ਮੁਕਾਬਲੇ, ਕਵਿਤਾ ਪਾਠ, ਭਾਸ਼ਣ ਅਤੇ ਡਿਬੇਟ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਰਾਹੀਂ ਦੇਸ਼ ਦੀ ਏਕਤਾ, ਵੱਖ-ਵੱਖ ਰਾਜਾਂ ਦੀ ਸੰਸਕਿ੍ਤੀ ਅਤੇ ਭਾਸ਼ਾਈ ਵਿਭਿੰਨਤਾ ਨੂੰ ਰੂਪਕਾਰੀ ਢੰਗ ਨਾਲ ਪੇਸ਼ ਕੀਤਾ | ਸਕੂਲ ਦੇ ਪਿ੍ੰਸੀਪਲ ਪਾਖਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |