ਖਰੜ, 28 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਅੱਜ ਪੂਰਾ ਪੰਜਾਬ ਅਤਿ ਦੀ ਗਰਮੀ ਅਤੇ ਲੰਮੇ ਬਿਜਲੀ ਕੱਟਾਂ ਦੀ ਦੋਹਰੀ ਮਾਰ ਝੱਲ ਰਿਹਾ ਹੈ ਤੇ ਸੂਬੇ 'ਚ ਬਿਜਲੀ ਦੀ ਮੰਗ 12,114 ਮੈਗਾਵਾਟ ਤੱਕ ਪਹੁੰਚ ਚੁੱਕੀ ਹੈ, ਜਿਸ ਕਾਰਨ ਰੋਜ਼ਾਨਾ ਲਗਭਗ 197 ਲੱਖ ਯੂਨਿਟ ਬਿਜਲੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਹਾਲਾਤ ਸਾਫ਼ ਸਪੱਸ਼ਟ ਕਰਦੇ ਹਨ ਕਿ ਪੰਜਾਬ ਵਿਚਲੀ 'ਆਪ' ਸਰਕਾਰ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ 'ਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਹਰ ਘਰ ਨੂੰ 300 ਯੂਨਿਟ ਮੁਫ਼ਤ ਅਤੇ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਜ਼ਮੀਨੀ ਹਕੀਕਤ ਇਹ ਹੈ ਕਿ ਲੋਕਾਂ ਨੂੰ ਮੁਫ਼ਤ ਬਿਜਲੀ ਤਾਂ ਦੂਰ ਦੀ ਗੱਲ ਬੁਨਿਆਦੀ ਸਪਲਾਈ ਵੀ ਨਸੀਬ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਪਿੰਡਾਂ 'ਚ 8 ਘੰਟਿਆਂ ਤੋਂ ਵੱਧ ਅਤੇ ਸ਼ਹਿਰਾਂ 'ਚ 4-4 ਘੰਟਿਆਂ ਦੇ ਅਣ-ਐਲਾਨੇ ਬਿਜਲੀ ਕੱਟ ਲੱਗ ਰਹੇ ਹਨ, ਜੋ ਕਿ ਸਰਕਾਰ ਦੀ ਗ਼ਲਤ ਯੋਜਨਾਬੰਦੀ ਅਤੇ ਕਮਜ਼ੋਰ ਪ੍ਰਬੰਧਕੀ ਸਮਝ ਨੂੰ ਦਰਸਾਉਂਦੇ ਹਨ | ਉਨ੍ਹਾਂ ਕਿਹਾ ਕਿ ਤਕਨੀਕੀ ਖ਼ਰਾਬੀਆਂ ਅਤੇ ਬਿਜਲੀ ਵਿਭਾਗ 'ਚ ਸਟਾਫ਼ ਦੀ ਭਾਰੀ ਘਾਟ ਕਾਰਨ ਇਹ ਸੰਕਟ ਹੋਰ ਵੀ ਗੰਭੀਰ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਧੀ ਰਾਤ ਨੂੰ ਬਿਜਲੀ ਗੁੱਲ ਹੋਣ ਕਾਰਨ ਬਜ਼ੁਰਗਾਂ, ਮਰੀਜ਼ਾਂ ਅਤੇ ਛੋਟੇ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਵਪਾਰੀਆਂ ਦੇ ਕਾਰੋਬਾਰੀਆਂ ਨੂੰ ਵੀ ਨੁਕਸਾਨ ਝੱਲਣਾ ਪੈ ਰਿਹਾ ਹੈ |