ਨੰਗਲ, 14 ਮਈ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਵੈ ਜਨਗਣਨਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ | ਉਨ੍ਹਾਂ ਨੇ ਜਨਗਣਨਾ ਲਈ ਬਣਾਈ ਗਈ ਐਪ ਵਿਚ ਆਪਣੀ ਵਿਅਕਤੀਗਤ ਜਾਣਕਾਰੀ ਭਰ ਕੇ ਇਸ ਮੁਹਿੰਮ ਨੂੰ ਅੱਗੇ ਵਧਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਰਾਜ ਦੀ ਯੋਜਨਾਬੰਦੀ ਲਈ ਬਹੁਤ ਜ਼ਰੂਰੀ ਹੁੰਦੇ ਹਨ, ਇਸ ਲਈ ਹਰ ਨਾਗਰਿਕ ਨੂੰ ਇਸ ਵਿਚ ਪੂਰੀ ਸਹਿਯੋਗ ਦੇਣਾ ਚਾਹੀਦਾ ਹੈ | ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਸੰਬੰਧੀ ਦਿੱਤੀ ਜਾਣ ਵਾਲੀ ਜਾਣਕਾਰੀ ਪੂਰੀ ਤਰ੍ਹਾਂ ਸਹੀ ਅਤੇ ਪ੍ਰਮਾਣਿਕ ਹੋਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਗਲਤ ਜਾਂ ਅਧੂਰੀ ਜਾਣਕਾਰੀ ਨਾਲ ਸਰਕਾਰੀ ਯੋਜਨਾਵਾਂ ਦੀ ਯੋਜਨਾ ਬਣਾਉਣ ਵਿਚ ਰੁਕਾਵਟ ਆ ਸਕਦੀ ਹੈ | ਇਸ ਲਈ ਹਰ ਇੱਕ ਵਿਅਕਤੀ ਦੀ ਜਿਜ਼ਮੇਵਾਰੀ ਬਣਦੀ ਹੈ ਕਿ ਉਹ ਆਪਣੇ ਪਰਿਵਾਰ ਅਤੇ ਘਰ ਦੀ ਸਹੀ ਜਾਣਕਾਰੀ ਦਰਜ ਕਰੇ | ਹਰਜੋਤ ਸਿੰਘ ਬੈਂਸ ਨੇ ਇਹ ਵੀ ਕਿਹਾ ਕਿ ਡਿਜ਼ੀਟਲ ਮਾਧਿਅਮਾਂ ਰਾਹੀਂ ਜਨਗਣਨਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਪ੍ਰਕਿਰਿਆ ਤੇਜ਼, ਸਹਿਜ ਤੇ ਪਾਰਦਰਸ਼ੀ ਬਣਦੀ ਹੈ | ਉਨ੍ਹਾਂ ਕਿਹਾ ਕਿ ਐਪ ਰਾਹੀਂ ਸਵੈ-ਜਨਗਣਨਾ ਕਰਨ ਨਾਲ ਲੋਕ ਘਰ ਬੈਠੇ ਹੀ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ ਅਤੇ ਸਰਕਾਰੀ ਅਧਿਕਾਰੀਆਂ ਉੱਤੇ ਭਾਰ ਵੀ ਘਟੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਜਨਗਣਨਾ ਸਿਰਫ ਸਰਕਾਰੀ ਕਾਰਜ ਨਹੀਂ, ਸਗੋਂ ਇਹ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਸਹੀ ਤੇ ਪੂਰੀ ਜਾਣਕਾਰੀ ਦੇਣ ਨਾਲ ਹੀ ਸਰਕਾਰ ਵਲੋਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਠੀਕ ਤਰੀਕੇ ਨਾਲ ਲਾਗੂ ਕੀਤਾ ਜਾ ਸਕਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਜਨਗਣਨਾ ਨੂੰ ਸਫਲ ਬਣਾਉਣ ਵਿਚ ਆਪਣਾ ਯੋਗਦਾਨ ਦੇਣ | ਇਸ ਮੌਕੇ ਮਾਸਟਰ ਟਰੇਨਰ ਅਸ਼ਵਨੀ ਕੁਮਾਰ ਤੇ ਪਤਵੰਤੇ ਹਾਜ਼ਰ ਸਨ |