ਕੁਰਾਲੀ 17 ਮਈ (ਬਿੱਲਾ ਅਕਾਲਗੜੀਆ)-ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਸੱਤਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਅੱਜ ਸਫ਼ਾਈ ਸੇਵਕਾਂ ਦੀ ਹਮਾਇਤ ਕਰਨ ਲਈ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਨੰਨਹੇੜੀਆਂ ਅਤੇ ਕਾਂਗਰਸੀ ਆਗੂ ਗਿਆਨ ਸਿੰਘ ਛੱਤ ਨੇ ਆਪਣੀ ਟੀਮ ਸਮੇਤ ਕੁਰਾਲੀ ਧਰਨੇ ਵਿਚ ਪਹੁੰਚ ਕੇ ਸਫ਼ਾਈ ਕਰਮਚਾਰੀਆਂ ਨੂੰ ਆਪਣਾ ਪੂਰਾ ਸਮਰਥਨ ਦਿੱਤਾ | ਇਨਾਂ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਪੰਜਾਬ ਸਰਕਾਰ ਨੂੰ ਮਸਲੇ ਦਾ ਜਲਦ ਹੱਲ ਕੱਢਣ ਦੀ ਅਪੀਲ ਕੀਤੀ | ਇਸ ਮੌਕੇ ਉਨਾਂ ਕਿਹਾ ਕਿ ਇਹ ਹੜਤਾਲ ਕਿਸੇ ਇਕ ਸ਼ਹਿਰ ਤੱਕ ਸੀਮਿਤ ਨਹੀਂ ਰਹੀ, ਸਗੋਂ ਪੂਰੇ ਪੰਜਾਬ ਵਿਚ ਸਫ਼ਾਈ ਕਰਮਚਾਰੀ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਸੰਘਰਸ਼ ਕਰ ਰਹੇ ਹਨ | ਉਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਡਿਊਟੀ ਬਹੁਤ ਸੁਚੱਜੇ ਢੰਗ ਨਾਲ ਨਿਭਾਈ ਸੀ, ਇਸ ਲਈ ਉਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਣਾ ਚਾਹੀਦਾ ਹੈ | ਉਨਾਂ ਕਿਹਾ ਕਿ ਜੇਕਰ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਵਾਲੇ ਇਹ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ 'ਤੇ ਬੈਠਣ ਲਈ ਮਜ਼ਬੂਰ ਹੋ ਰਹੇ ਹਨ ਤਾਂ ਇਹ ਸਰਕਾਰ ਲਈ ਵੀ ਚਿੰਤਾ ਦਾ ਵਿਸ਼ਾ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਹੜਤਾਲ ਲੰਬੀ ਚੱਲਦੀ ਹੈ ਤਾਂ ਸੂਬੇ ਦੀ ਸਫ਼ਾਈ ਪ੍ਰਣਾਲੀ ਬੁਰੀ ਤਰਾਂ ਪ੍ਰਭਾਵਿਤ ਹੋ ਸਕਦੀ ਹੈ ਅਤੇ ਸ਼ਹਿਰਾਂ ਵਿਚ ਗੰਦਗੀ ਵਧਣ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਬਣ ਸਕਦਾ ਹੈ, ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨਾਂ ਕਿਹਾ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਧਰਨੇ 'ਚ ਯੂਥ ਆਗੂ ਰਣਜੀਤ ਸਿੰਘ ਕਾਕਾ ਨੇ ਵੀ ਪਹੁੰਚ ਕੇ ਹਮਾਇਤ ਕੀਤੀ |