ਰੂਪਨਗਰ, 19 ਮਈ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਦੇ ਸਫ਼ਾਈ ਕਰਮੀਆਂ ਅਤੇ ਹੋਰ ਕਰਮਚਾਰੀਆਂ ਵਲੋਂ ਆਰੰਭੀ ਗਈ ਹੜਤਾਲ ਨੂੰ ਵੱਖ-ਵੱਖ ਆਗੂਆਂ ਵਲੋਂ ਲਗਾਤਾਰ ਸਮਰਥਨ ਦਿੱਤਾ ਜਾ ਰਿਹਾ ਹੈ | ਦੂਜੇ ਪਾਸੇ ਸਫ਼ਾਈ ਪ੍ਰਬੰਧ ਠੱਪ ਹੋਣ ਕਾਰਨ ਅਤੇ ਕੂੜਾ ਨਾ ਚੁੱਕੇ ਜਾਣ ਕਰਕੇ ਪੂਰਾ ਸ਼ਹਿਰ ਗੰਦਗੀ ਦੀ ਲਪੇਟ ਵਿਚ ਆ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਯੂਥ ਕਾਂਗਰਸ ਆਗੂ ਸੁਰਿੰਦਰ ਸਿੰਘ ਹਰੀਪੁਰ ਨੇ ਨਗਰ ਕੌਂਸਲ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਦੀ ਹੜਤਾਲ ਵਿਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮੰਨਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਸਿਰ 'ਤੇ ਹਨ ਪਰ ਸ਼ਹਿਰਾਂ ਦੀ ਹਾਲਤ ਗੰਦਗੀ ਕਾਰਨ ਬੇਹੱਦ ਖ਼ਰਾਬ ਹੋ ਚੁੱਕੀ ਹੈ, ਜਿਸ ਦਾ ਸਿਆਸੀ ਨੁਕਸਾਨ ਆਮ ਆਦਮੀ ਪਾਰਟੀ ਨੂੰ ਝੱਲਣਾ ਪਵੇਗਾ | ਉਨ੍ਹਾਂ ਕਿਹਾ ਕਿ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੱਕ ਲਟਕਾਉਣਾ ਠੀਕ ਨਹੀਂ ਹੈ | ਗੰਦਗੀ ਸਾਫ਼ ਕਰਨ ਵਾਲੇ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕੀਤਾ ਜਾਣਾ ਚਾਹੀਦਾ ਹੈ, ਉਨ੍ਹਾਂ ਦੇ ਵੇਤਨ ਵਿਚ ਵਾਧਾ ਕੀਤਾ ਜਾਵੇ ਅਤੇ ਹੋਰ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ | ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਆਪਣੇ ਵੀ.ਆਈ.ਪੀ. ਸਭਿਆਚਾਰ ਨੂੰ ਅੱਗੇ ਵਧਾਉਣ ਲਈ ਕਰੋੜਾਂ ਰੁਪਏ ਖ਼ਰਚ ਕਰਦੀਆਂ ਹਨ, ਜਦਕਿ ਦੂਜੇ ਪਾਸੇ ਗੰਦਗੀ ਚੁੱਕਣ ਵਾਲੇ ਕਰਮਚਾਰੀਆਂ ਨੂੰ ਹੜਤਾਲਾਂ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਥਿਤੀ ਕਾਰਨ ਨਾ ਸਿਰਫ਼ ਕਰਮਚਾਰੀ ਸਗੋਂ ਆਮ ਲੋਕ ਵੀ ਬੇਹੱਦ ਪ੍ਰੇਸ਼ਾਨ ਹਨ |