ਰੂਪਨਗਰ, 3 ਜੂਨ (ਗੁਰਪ੍ਰੀਤ ਸਿੰਘ ਹੁੰਦਲ)- ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗਾਂ ਵਿਚ ਕੱਚੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਕੀਤੇ ਜਾ ਰਹੇ ਵੱਡੇ-ਵੱਡੇ ਐਲਾਨਾਂ ਅਤੇ ਜ਼ਮੀਨੀ ਹਕੀਕਤ ਵਿਚਾਲੇ ਜ਼ਮੀਨ ਆਸਮਾਨ ਦੇ ਫਰਕ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਦਾ ਗੁੱਸਾ ਹੁਣ ਸੜਕਾਂ 'ਤੇ ਫੁੱਟ ਰਿਹਾ ਹੈ | ਪੰਜ ਦਿਨਾਂ ਤੋਂ ਚੱਲ ਰਹੀ ਹੜਤਾਲ ਦੇ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਸਮੂਹ 23 ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਡੀ.ਸੀ. ਦਫ਼ਤਰ ਰੂਪਨਗਰ ਤੋਂ ਬੇਲਾ ਚੌਕ ਤੱਕ ਵਿਸ਼ਾਲ ਤੇ ਰੋਸਪੂਰਣ ਮਾਰਚ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਰੂਪਨਗਰ ਦੇ ਪ੍ਰਧਾਨ ਰਾਮ ਦਿਆਲ, ਵਾਈਸ ਪ੍ਰਧਾਨ ਨਵਦੀਪ ਕੌਰ ਤੇ ਪਰਮਿੰਦਰ ਸਿੰਘ, ਸਰਪ੍ਰਸਤ ਜਗਦੇਵ ਕੌਸ਼ਲ, ਕੈਸ਼ੀਅਰ ਮਨਮੋਹਨ ਸਿੰਘ ਤੇ ਮੀਡੀਆ ਸਲਾਹਕਾਰ ਸਤੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਹਜ਼ਾਰਾਂ ਨੌਜਵਾਨ ਪਿਛਲੇ ਦਸ ਸਾਲਾਂ ਤੋਂ ਸਿਰਫ਼ 10 ਹਜ਼ਾਰ ਰੁਪਏ ਮਹੀਨਾ ਦੀ ਨਿਗੂਣੀ ਤਨਖ਼ਾਹ 'ਤੇ ਸਰਕਾਰੀ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਬਹੁਤੇ ਮੁਲਾਜ਼ਮ ਪੋਸਟ ਗ੍ਰੈਜੂਏਟ ਤੇ ਉੱਚ ਸਿੱਖਿਆ ਪ੍ਰਾਪਤ ਹਨ, ਮਹਿੰਗਾਈ ਦੇ ਇਸ ਦੌਰ ਵਿਚ ਇੰਨੀ ਘੱਟ ਤਨਖ਼ਾਹ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੈ | ਯੂਨੀਅਨ ਆਗੂਆਂ ਨੇ ਦੱਸਿਆ ਕਿ ਸੇਵਾ ਕੇਂਦਰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸੇਵਾਵਾਂ ਦਾ ਸਭ ਤੋਂ ਅਹਿਮ ਹਿੱਸਾ ਹਨ | ਸਾਲ 2018 ਤੋਂ ਹੁਣ ਤੱਕ 8.49 ਕਰੋੜ ਤੋਂ ਵੱਧ ਅਰਜ਼ੀਆਂ ਤੇ ਸੇਵਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਸੇਵਾ ਕੇਂਦਰ ਪ੍ਰੋਜੈਕਟ ਨੂੰ ਨਿੱਜੀ ਕੰਪਨੀਆਂ ਦੀ ਬਜਾਏ ਸਰਕਾਰ ਦੇ ਸਿੱਧੇ ਕੰਟਰੋਲ ਹੇਠ ਲਿਆ ਕੇ ਸਮੂਹ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ | ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਇਸ਼ਤਿਹਾਰਾਂ ਤੇ ਕੈਬਨਿਟ ਮੀਟਿੰਗਾਂ ਦੇ ਐਲਾਨਾਂ ਨਾਲ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਨਹੀਂ ਹੋ ਸਕਦਾ | ਸਰਕਾਰ ਨੂੰ ਹੁਣ ਜ਼ਮੀਨੀ ਹਕੀਕਤ ਦਾ ਸਾਹਮਣਾ ਕਰਦੇ ਹੋਏ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਣਾ ਚਾਹੀਦਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੱਡੇ ਪੱਧਰ 'ਤੇ ਲੈ ਜਾਇਆ ਜਾਵੇਗਾ | ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਕਿਰਤੀ ਕਿਸਾਨ ਮੋਰਚਾ ਤੋਂ ਜਗੀਰ ਸਿੰਘ ਮਗਰੋੜ, ਸੂਬੇਦਾਰ ਰੋਸ਼ਨ ਲਾਲ, ਗੁਰਬਚਨ ਸਿੰਘ ਬੈਂਸ, ਹਰਬਾਜਨ ਸਿੰਘ ਸਮੇਤ ਵੱਡੀ ਗਿਣਤੀ 'ਚ ਸਮਾਜਿਕ, ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ 'ਚ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ |