ਬੇਲਾ, 3 ਜੂਨ (ਮਨਜੀਤ ਸਿੰਘ ਸੈਣੀ)-ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ ਆਉਂਦੇ ਪਿੰਡ ਦਾਊਦਪੁਰ ਅਤੇ ਫੱਸੇ ਵਿਖੇ ਸਤਲੁਜ ਦਰਿਆ ਦੇ ਬੰਨਾ ਦਾ ਹੜ੍ਹਾਂ ਦੇ ਮੱਦੇਨਜ਼ਰ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ ਕਰਕੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਡੇਚਲਵਾਲ ਨੇ ਦੱਸਿਆ ਕਿ ਪਿਛਲੇ ਸਾਲ ਖੇਤਰਾਂ ਦੇ ਕਈ ਪਿੰਡਾਂ ਵਿਚ ਹੜ੍ਹਾਂ ਕਾਰਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ | ਇਸ ਲਈ ਇਸ ਵਾਰ ਬਰਸਾਤਾਂ ਤੋਂ ਪਹਿਲਾਂ ਹੀ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਸਥਿਤੀ ਤੋਂ ਬਚਿਆ ਜਾ ਸਕੇ ਅਤੇ ਇਲਾਕੇ ਦੇ ਲੋਕਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਪਿੰਡ ਦਾਊਦਪੁਰ ਵਿਖੇ 2 ਸਪਰਾਂ (ਠੋਕਰਾਂ) ਅਤੇ 850 ਫੁੱਟ ਰਿਵੈਟਮੈਂਟ (ਸੁਰੱਖਿਆ ਦੀਵਾਰ) 'ਤੇ ਪੱਥਰ ਲਗਾਉਣ ਦੇ ਕੰਮ ਜਾਰੀ ਹਨ ਜਦਕਿ ਪਿੰਡ ਫੱਸੇ ਵਿਖੇ 3 ਸਪਰਾਂ (ਠੋਕਰਾਂ) ਅਤੇ 2300 ਫੁੱਟ ਰਿਵੈਟਮੈਂਟ (ਸੁਰੱਖਿਆ ਦੀਵਾਰ) ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਲਗਭਗ 8.50 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਇਹ ਸਾਰੇ ਕੰਮ 30 ਜੂਨ 2026 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ | ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਇਨ੍ਹਾਂ ਹੜ੍ਹ ਰੋਕੂ ਕੰਮਾਂ ਨੂੰ ਲਗਭਗ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਸਬੰਧਿਤ ਵਿਭਾਗ ਨੂੰ ਰਹਿੰਦੇ ਕੰਮ ਨਿਰਧਾਰਿਤ ਸਮੇਂ ਅੰਦਰ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹੋਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਦਰਿਆਵਾਂ ਅਤੇ ਚੋਆਂ ਦੀ ਡੀ-ਸਿਲਟਿੰਗ, ਰਿਵੈਟਮੈਂਟ, ਸਫ਼ਾਈ ਅਤੇ ਹੋਰ ਹੜ੍ਹ ਰੋਕੂ ਕੰਮ ਤੇਜ਼ੀ ਨਾਲ ਚੱਲ ਰਹੇ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਹਰ ਪੱਖੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੇ ਸਬੰਧਿਤ ਵਿਭਾਗਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਪ੍ਰਦੀਪ ਬੈਂਸ ਅਤੇ ਡਰੇਨੇਜ ਉਪ ਮੰਡਲ ਦੇ ਐਸ.ਡੀ.ਓ. ਨਿਸ਼ਾਂਤ ਗਰਗ ਵੀ ਮੌਜੂਦ ਸਨ |