ਨੰਗਲ, 3 ਜੂਨ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਸਰਗਰਮ ਨੌਜਵਾਨ ਭਾਜਪਾ ਆਗੂ ਗੋਵਰਧਨ ਸੋਨੀ ਜੀ.ਡੀ. ਵਲੋਂ ਅੱਜ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਭਾਜਪਾ ਆਗੂ ਸੋਨੀ ਨੇ ਕਿਹਾ ਕਿ ਉਨ੍ਹਾਂ ਜਿੱਥੇ ਨਵ-ਨਿਯੁਕਤ ਪ੍ਰਧਾਨ ਨੂੰ ਸ਼ੁੱਭ ਕਾਮਨਾਵਾਂ ਤੇ ਵਧਾਈ ਦਿੱਤੀ ਗਈ ਉਥੇ ਹੀ ਉਨ੍ਹਾਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅੰਦਰ ਭਾਜਪਾ ਦੀ ਮਜ਼ਬੂਤੀ ਨੂੰ ਲੈ ਕੇ ਤੇ ਹੋਰ ਮੁੱਦਿਆਂ ਸੰਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ | ਸੋਨੀ ਨੇ ਦੱਸਿਆ ਕਿ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਭਾਜਪਾ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਤੇ ਨਵੇਂ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤੇ ਜਨਤਾ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਉਣ ਸੰਬੰਧੀ ਤੇ ਵਿਸ਼ੇਸ਼ ਤੌਰ 'ਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਪੂਰਨ ਭਰੋਸਾ ਪ੍ਰਗਟਾਇਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਸੂਬੇ ਅੰਦਰ ਇੱਕਜੁੱਟ ਹੋ ਕੇ ਕੰਮ ਕਰੇਗੀ ਤਾਂ ਜੋ ਸੂਬੇ ਅੰਦਰ ਭਾਜਪਾ ਦੀ ਸਰਕਾਰ ਗਠਿਤ ਕੀਤੀ ਜਾ ਸਕੇ |