ਰੂਪਨਗਰ, 4 ਜੂਨ (ਗੁਰਪ੍ਰੀਤ ਸਿੰਘ ਹੁੰਦਲ) - ਰੂਪਨਗਰ ਰੇਂਜ ਅਧੀਨ ਪੁਲਿਸ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਸੁਰੱਖਿਆ ਅਤੇ ਆਪਰੇਸ਼ਨਲ ਡਰਿੱਲਾਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਥਾਣਾ ਸਦਰ ਰੂਪਨਗਰ ਵਿਖੇ ਇੱਕ ਵਿਸ਼ੇਸ਼ ਹਾਊਸ ਇੰਟਰਵੈਨਸ਼ਨ ਮੌਕ ਡਰਿੱਲ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਰੂਪਨਗਰ ਰੇਂਜ ਨਾਨਕ ਸਿੰਘ ਨੇ ਦੱਸਿਆ ਕਿ ਇਸ ਡਰਿੱਲ ਦਾ ਮੁੱਖ ਉਦੇਸ਼ ਪੁਲਿਸ ਮੁਲਾਜ਼ਮਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰ ਕਰਨਾ ਸੀ, ਉਨ੍ਹਾਂ ਦੱਸਿਆ ਕਿ ਜਦੋਂ ਕੋਈ ਸ਼ੱਕੀ ਜਾਂ ਗ਼ਲਤ ਅਨਸਰ ਕਿਸੇ ਘਰ ਜਾਂ ਇਮਾਰਤ ਅੰਦਰ ਲੁਕਿਆ ਹੋਵੇ ਤਾਂ ਇਸ ਡਰਿੱਲ ਦੌਰਾਨ ਪੁਲਿਸ ਟੀਮਾਂ ਨੂੰ ਆਪਣੀ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੇ ਹੋਏ ਇਮਾਰਤ ਅੰਦਰ ਦਾਖਲ ਹੋਣ, ਸ਼ੱਕੀ ਵਿਅਕਤੀ ਦੀ ਭਾਲ ਕਰਨ, ਉਸ ਦੀ ਸਥਿਤੀ ਦਾ ਪਤਾ ਲਗਾਉਣ ਅਤੇ ਉਸਨੂੰ ਸੁਰੱਖਿਅਤ ਢੰਗ ਨਾਲ ਕਾਬੂ ਕਰਨ ਸਬੰਧੀ ਵਿਹਾਰਕ ਸਿਖਲਾਈ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਿਰਫ਼ ਇਕ ਟੀਮ ਤੱਕ ਸਿਮਤ ਨਹੀਂ ਹੈ, ਸਗੋਂ ਜ਼ਿਲ੍ਹਾ ਪੁਲਿਸ ਦੇ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ | ਕਿਸੇ ਵੀ ਐਮਰਜੈਂਸੀ ਜਾਂ ਸੰਵੇਦਨਸ਼ੀਲ ਸਥਿਤੀ ਦੌਰਾਨ ਕਿਹੜੀ ਟੀਮ ਅੰਦਰੂਨੀ ਕਾਰਵਾਈ ਕਰੇਗੀ, ਕੌਣ ਨਾਕਾਬੰਦੀ ਸੰਭਾਲੇਗਾ, ਕੌਣ ਵੱਖ-ਵੱਖ ਏਜੰਸੀਆਂ ਨਾਲ ਤਾਲਮੇਲ ਕਰੇਗਾ ਤੇ ਕੌਣ ਕਮਾਂਡ ਤੇ ਕੰਟਰੋਲ ਦੀ ਜ਼ਿੰਮੇਵਾਰੀ ਨਿਭਾਏਗਾ, ਇਸ ਸਬੰਧੀ ਵੀ ਵਿਸਥਾਰਪੂਰਵਕ ਅਭਿਆਸ ਕਰਵਾਇਆ ਗਿਆ | ਨਾਨਕ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਸਮੇਂ-ਸਮੇਂ 'ਤੇ ਬੰਬ ਧਮਕੀ, ਅੱਤਵਾਦ ਵਿਰੋਧੀ ਕਾਰਵਾਈਆਂ, ਸੰਵੇਦਨਸ਼ੀਲ ਸਥਾਨਾਂ ਦੀ ਸੁਰੱਖਿਆ ਤੇ ਹੋਰ ਐਮਰਜੈਂਸੀ ਸਥਿਤੀਆਂ ਨਾਲ ਸਬੰਧਿਤ ਮੌਕ ਡਰਿੱਲਾਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਪੁਲਿਸ ਬਲ ਨੂੰ ਹਰ ਤਰ੍ਹਾਂ ਦੀ ਅਣਹੋਣੀ ਸਥਿਤੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਤਿਆਰ ਰੱਖਿਆ ਜਾ ਸਕੇ | ਡੀ.ਆਈ.ਜੀ. ਰੂਪਨਗਰ ਰੇਂਜ ਨੇ ਦੱਸਿਆ ਕਿ ਮੌਜੂਦਾ ਸੁਰੱਖਿਆ ਚੁਣੌਤੀਆਂ ਨੂੰ ਧਿਆਨ ਵਿਚ ਰੱਖਦਿਆਂ ਸਾਈਬਰ ਅਪਰਾਧਾਂ ਖ਼ਿਲਾਫ਼ ਵੀ ਪੁਲਿਸ ਵਲੋਂ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਅਜਿਹੇ ਅਪਰਾਧਾਂ ਵਿਚ ਸ਼ਾਮਲ ਵਿਅਕਤੀਆਂ ਨੂੰ ਜਲਦ ਕਾਬੂ ਕੀਤਾ ਜਾਵੇਗਾ | ਉਨ੍ਹਾਂ ਦੁਹਰਾਇਆ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਮਕਸਦ ਲਈ ਸਿਖਲਾਈ ਅਤੇ ਤਿਆਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ | ਸੀਨੀਅਰ ਕਪਤਾਨ ਪੁਲਿਸ ਰੂਪਨਗਰ ਮਨਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੂੰ ਹਰ ਤਰ੍ਹਾਂ ਦੀ ਆਪਾਤਕਾਲੀਨ ਸਥਿਤੀ ਨਾਲ ਨਜਿੱਠਣ ਲਈ ਨਿਰੰਤਰ ਸਿਖਲਾਈ ਦਿੱਤੀ ਜਾ ਰਹੀ ਹੈ | ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਅੱਜ ਕਰਵਾਈ ਗਈ ਮੌਕ ਡਰਿੱਲ ਵਿਚ ਇੱਕ ਐਸ.ਪੀ., ਦੋ ਡੀ.ਐਸ.ਪੀ. ਤੇ ਕਰੀਬ 60 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ | ਡਰਿੱਲ ਦੌਰਾਨ ਪੁਲਿਸ ਫੋਰਸ ਨੂੰ ਕਿਸੇ ਵੀ ਆਪਾਤਕਾਲੀਨ ਸਥਿਤੀ ਦਾ ਮੁਕਾਬਲਾ ਕਰਨ, ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਤੇ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ | ਡੀ.ਆਈ.ਜੀ. ਰੂਪਨਗਰ ਰੇਂਜ ਵਲੋਂ ਵੀ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ, ਇਮਾਨਦਾਰੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਹੋਰ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਰੋਜ਼ਾਨਾ ਗਸ਼ਤਾਂ, ਨਾਕਾਬੰਦੀਆਂ, ਸਰਚ ਅਪਰੇਸ਼ਨ ਤੇ ਖ਼ੁਫ਼ੀਆ ਸੂਚਨਾਵਾਂ ਦੇ ਆਧਾਰ 'ਤੇ ਵਿਸ਼ੇਸ਼ ਕਾਰਵਾਈਆਂ ਲਗਾਤਾਰ ਜਾਰੀ ਹਨ | ਕਿਸੇ ਵੀ ਸ਼ਰਾਰਤੀ, ਸਮਾਜ ਵਿਰੋਧੀ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਹਰ ਹਾਲਤ ਵਿਚ ਕਾਇਮ ਰੱਖੀ ਜਾਵੇਗੀ | ਇਸ ਮੌਕੇ ਐੱਸ.ਪੀ. ਅਰਵਿੰਦ ਮੀਨਾ, ਡੀ.ਐੱਸ.ਪੀ. ਦੀਪਇੰਦਰ ਸਿੰਘ, ਐੱਸ.ਐੱਚ.ਓ. ਸਦਰ ਥਾਣਾ ਸੰਨੀ ਖੰਨਾ, ਐੱਸ.ਐੱਚ.ਓ. ਥਾਣਾ ਸਿਟੀ ਪਵਨ ਚੌਧਰੀ ਤੇ ਪੁਲਿਸ ਵਿਭਾਗ ਦੇ ਹੋਰ ਉੱਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ |
ਕਿਸੇ ਵੀ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ-ਡੀ.ਆਈ.ਜੀ. ਨਾਨਕ ਸਿੰਘ <br/>
ਥਾਣਾ ਸਦਰ ਰੂਪਨਗਰ ਵਿਖੇ ਮੌਕ ਡਰਿੱਲ ਸਮੇਂ ਜਾਣਕਾਰੀ ਦਿੰਦੇ ਹੋਏ ਡੀ.ਆਈ.ਜੀ. ਰੂਪਨਗਰ ਰੇਂਜ ਨਾਨਕ ਸਿੰਘ | ਨਾਲ ਹਾਜ਼ਰ ਹੋਰ ਅਧਿਕਾਰੀ | ਅਜੀਤ ਤਸਵੀਰ<br/>
05-06-2026