ਰੂਪਨਗਰ, 4 ਜੂਨ (ਮਨਜੀਤ ਸਿੰਘ ਸੈਣੀ)- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਗਾਮੀ ਮਾਨਸੂਨ ਤੇ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ, ਰਾਹਤ ਤੇ ਬਚਾਅ ਕਾਰਜਾਂ ਦੀ ਤਿਆਰੀ, ਰਾਹਤ ਕੈਂਪਾਂ ਦੀ ਸਥਾਪਨਾ ਤੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤੇ ਉਪ ਮੰਡਲ ਪੱਧਰ 'ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕਰਕੇ ਉਨ੍ਹਾਂ ਨੂੰ 24 ਘੰਟੇ ਕਾਰਜਸ਼ੀਲ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਟੈਲੀਫ਼ੋਨ ਨੰਬਰਾਂ ਦਾ ਵਿਆਪਕ ਪ੍ਰਚਾਰ ਕੀਤਾ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਰਾਜ ਫਲੱਡ ਕੰਟਰੋਲ ਰੂਮ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਤੇ ਹੜ੍ਹ ਰੋਕੂ ਕੰਮਾਂ ਦੀ ਜਾਂਚ, ਮੁਰੰਮਤ ਤੇ ਪੁਨਰ ਸਥਾਪਨਾ ਦੇ ਕਾਰਜ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਕਿਹਾ ਗਿਆ | ਮੀਟਿੰਗ ਦੌਰਾਨ ਕਿਸ਼ਤੀਆਂ, ਆਊਟ ਬੋਰਡ ਮੋਟਰ ਇੰਜਣਾਂ, ਲਾਈਫ਼ ਜੈਕਟਾਂ ਤੇ ਹੋਰ ਬਚਾਅ ਉਪਕਰਨਾਂ ਦੀ ਸਰਵਿਸ ਕਰਵਾ ਕੇ ਉਨ੍ਹਾਂ ਨੂੰ ਹਰ ਵੇਲੇ ਵਰਤੋਂ ਯੋਗ ਹਾਲਤ 'ਚ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ | ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਲੋੜ ਪੈਣ 'ਤੇ ਤੁਰੰਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਤਿਆਰ ਰਹਿਣ ਤੇ ਪੀਣ ਵਾਲੇ ਪਾਣੀ ਵਿਚ ਕਲੋਰੀਨੇਸ਼ਨ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਸਮੂਹ ਸ਼ਹਿਰੀ ਕਾਰਜ ਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਕਾਰਜ ਯੋਜਨਾ ਤਿਆਰ ਕਰਕੇ ਕੰਮ ਕਰਨ ਤੇ ਸ਼ਹਿਰੀ ਖੇਤਰਾਂ ਵਿਚ ਵਰਤੇ ਜਾਣ ਵਾਲੀਆਂ ਮਸ਼ੀਨਾਂ ਤੇ ਸਾਜ਼ੋ-ਸਾਮਾਨ ਨੂੰ ਹਰ ਸਮੇਂ ਤਿਆਰ ਰੱਖਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰ ਜਯੋਤੀ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ, ਐਸ.ਡੀ.ਐਮ. ਨੰਗਲ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਜਸਵਿੰਦਰ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਕੰਟਰੋਲਰ ਡਾ. ਕਿੰਮੀ ਵਿਨੀਤ ਕੌਰ ਸੇਠੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ |
ਹੜ੍ਹਾਂ ਦੇ ਸੀਜ਼ਨ ਸੰਬੰਧੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼: ਡਿਪਟੀ ਕਮਿਸ਼ਨਰ <br/>
ਅਜੀਤ ਡੈਸਕ
05-06-2026