ਰੂਪਨਗਰ, 4 ਜੂਨ (ਯਸ਼ਵੰਤ ਬੱਸੀ)- ਮਿਡ-ਡੇ-ਮੀਲ ਵਰਕਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਵਿਚ ਇੱਕ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਕੂਲਾਂ ਵਿਚ ਬੱਚਿਆਂ ਲਈ ਖਾਣਾ ਬਣਾਉਣ ਦਾ ਕੰਮ ਇਹ ਸਾਰੇ ਵਰਕਰ ਸੇਵਾ ਭਾਵਨਾ ਅਤੇ ਇਮਾਨਦਾਰੀ ਨਾਲ ਕਰਦੇ ਹਨ ਪਰ ਮਹਿੰਗਾਈ ਦੇ ਸਮੇਂ ਮਹਿਜ 3000 ਰੁਪਏ ਪ੍ਰਤੀ ਮਹੀਨਾ ਦੀ ਤਨਖ਼ਾਹ ਲੈਣ ਵਾਲੇ ਇਹ ਕਾਮੇ ਆਪਣੇ ਪਰਿਵਾਰਾਂ ਨੂੰ ਪਾਲਣ 'ਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤਨਖ਼ਾਹ ਨੂੰ ਵਧਾ ਕੇ ਘੱਟੋ ਘੱਟ 18000 ਪ੍ਰਤੀ ਮਹੀਨਾ ਕੀਤਾ ਜਾਵੇ | ਇਸ ਤੋਂ ਇਲਾਵਾ ਯੂਨੀਅਨ ਨੇ ਵਰਕਰਾਂ ਨੂੰ ਪੱਕੇ ਕਰਨ ਤੇ ਬਾਕੀ ਮੁਲਾਜ਼ਮਾਂ ਵਾਂਗ ਸਰਕਾਰੀ ਸਹੂਲਤਾਂ ਦਾ ਲਾਭ ਦੇਣ ਦੀ ਮੰਗ ਵੀ ਕੀਤੀ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮਿਡ-ਡੇ-ਮੀਲ ਵਰਕਰਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਵੱਲ ਜਲਦ ਧਿਆਨ ਦੇ ਕੇ ਕੋਈ ਨਾ ਕੋਈ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਉਹ ਆਪਣੀਆਂ ਸਮਾਜ ਅਤੇ ਵਿਦਿਆਰਥੀਆਂ ਪ੍ਰਤੀ ਸੇਵਾਵਾਂ ਨਿਰਵਿਘਨ ਜਾਰੀ ਰੱਖ ਸਕਣ |
ਜ਼ਿਲ੍ਹਾ ਮਿਡ-ਡੇ-ਮੀਲ ਵਰਕਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ <br/>
ਅਜੀਤ ਡੈਸਕ
05-06-2026