ਨੂਰਪੁਰ ਬੇਦੀ, 4 ਜੂਨ (ਵਿੰਦਰਪਾਲ ਝਾਂਡੀਆਂ)- ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਵਲੋਂ ਨੂਰਪੁਰ ਬੇਦੀ ਵਿਖੇ ਬੀ.ਡੀ.ਪੀ.ਓ. ਮੂਹਰੇ ਧਰਨਾ ਦੇ ਕੇ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਦੂਜੇ ਦਿਨ ਵਿਚ ਦਾਖਲ ਹੋ ਗਈ | ਹੜਤਾਲ ਦੌਰਾਨ ਕਰਮਚਾਰੀਆਂ ਨੇ ਸਰਕਾਰ ਤੇ ਵਿਭਾਗੀ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਮਨਰੇਗਾ ਨਾਲ ਸਬੰਧਤ ਸਾਰੇ ਕੰਮਕਾਜ ਠੱਪ ਰੱਖੇ ਤੇ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ | ਹੜਤਾਲ ਦੌਰਾਨ ਇਕੱਤਰ ਹੋਏ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਮਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਕੁਲਦੀਪ ਸਿੰਘ ਚਨੌਲੀ ਨੇ ਕਿਹਾ ਕਿ ਮਨਰੇਗਾ ਮੁਲਾਜ਼ਮ ਪਿਛਲੇ ਲਗਭਗ 18 ਸਾਲਾਂ ਤੋਂ ਪੰਚਾਇਤ ਵਿਭਾਗ ਵਿਚ ਕੰਟਰੈਕਟ ਆਧਾਰ 'ਤੇ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਘੱਟ ਤਨਖਾਹਾਂ 'ਤੇ ਕੰਮ ਕਰਨ ਦੇ ਬਾਵਜੂਦ ਕਰਮਚਾਰੀਆਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਆਰਥਿਕ ਤੰਗੀ ਤੁਰਸ਼ੀਆਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਉੱਚ ਅਧਿਕਾਰੀਆਂ ਵਲੋਂ ਸਮੇਂ-ਸਮੇਂ 'ਤੇ ਭਰੋਸੇ ਤਾਂ ਦਿੱਤੇ ਜਾਂਦੇ ਹਨ ਪਰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਮਨਰੇਗਾ ਯੋਜਨਾ ਨੂੰ ਸਫਲਤਾ ਪੂਰਵਕ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਕਾਇਆ ਤਨਖ਼ਾਹਾਂ ਜਲਦ ਜਾਰੀ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਕਲਮ ਛੋੜ ਹੜਤਾਲ ਜਾਰੀ ਰਹੇਗੀ | ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਚਨੌਲੀ, ਪ੍ਰੈੱਸ ਸਕੱਤਰ ਸਤਨਾਮ ਸਿੰਘ ਅਬਿਆਣਾ, ਜਸਪਾਲ ਸਿੰਘ ਅਬਿਆਣਾ, ਜੇ.ਈ. ਜਗਜੀਤ ਸਿੰਘ, ਰੋਹਿਤ ਕੁਮਾਰ, ਜਿੰਦਰਪਾਲ, ਕਪਿਲ ਚੌਹਾਨ, ਮਨਦੀਪ ਸਿੰਘ ਚਨੌਲੀ, ਰਾਕੇਸ਼ ਕੁਮਾਰ, ਰਵੀ ਕੁਮਾਰ, ਰਾਜ ਕੁਮਾਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ |