ਨੂਰਪੁਰ ਬੇਦੀ, 6 ਜੂਨ (ਰਾਜੇਸ਼ ਚੌਧਰੀ ਤਖਤਗੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਨੰਦਪੁਰ ਸਾਹਿਬ ਵੱਲੋਂ ਪਿੰਡ ਮੋਠਾਪੁਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਦਸ ਰੋਜ਼ਾ 'ਗਿਆਨ ਅੰਜਨ ਸਮਰ ਕੈਂਪ' ਸ਼ੁਰੂ ਕੀਤਾ ਗਿਆ ਹੈ | ਇਹ ਕੈਂਪ 15 ਜੂਨ ਤੱਕ ਰੋਜ਼ਾਨਾ ਸ਼ਾਮ 5 ਵਜੇ ਤੋਂ 7 ਵਜੇ ਤੱਕ ਲਗਾਇਆ ਜਾ ਰਿਹਾ ਹੈ | ਕੈਂਪ ਦੇ ਕਨਵੀਨਰ ਦਲਵਿੰਦਰ ਸਿੰਘ ਸਮੀਰੋਵਾਲ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮੰਤਵ ਬੱਚਿਆਂ ਦੀ ਸ਼ਖ਼ਸੀਅਤ ਦਾ ਬਹੁਪੱਖੀ ਵਿਕਾਸ ਕਰਨਾ ਹੈ | ਉਨਾਂ ਕਿਹਾ ਕਿ ਅਜੋਕੇ ਸਮੇਂ ਵਿਚ ਬੱਚਿਆਂ ਨੂੰ ਅਧਿਆਤਮਿਕ ਤੇ ਨੈਤਿਕ ਸਿੱਖਿਆ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਕੈਂਪ ਦੌਰਾਨ ਬੱਚਿਆਂ ਨੂੰ ਧਾਰਮਿਕ ਵਿੱਦਿਆ, ਨੈਤਿਕ ਕਦਰਾਂ-ਕੀਮਤਾਂ ਤੇ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨਾਂ ਦੇ ਬੌਧਿਕ ਤੇ ਸਰੀਰਕ ਵਿਕਾਸ ਲਈ ਵਿਸ਼ੇਸ਼ ਖੇਡ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਭਾਈ ਮਨਦੀਪ ਸਿੰਘ ਅਨੰਦਪੁਰੀ ਨੇ ਕੈਂਪ ਦੇ ਉਦੇਸ਼ਾਂ 'ਤੇ ਚਾਨਣਾ ਪਾਉਂਦਿਆਂ ਬੱਚਿਆਂ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸ਼ਮਸ਼ੇਰ ਸਿੰਘ ਕੋਟਲਾ, ਕੈਪਟਨ ਗੁਰਪ੍ਰੀਤਮ ਸਿੰਘ, ਦਿਆਲ ਸਿੰਘ ਮੁਕਾਰੀ ਅਤੇ ਪ੍ਰਭਜੋਤ ਕੌਰ ਮੋਠਾਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਗੁਰਦੁਆਰਾ ਸਿੰਘ ਸਭਾ ਮੋਠਾਪੁਰ ਦੇ ਪ੍ਰਧਾਨ ਅਜੀਤ ਸਿੰਘ ਅਤੇ ਸਮੂਹ ਮੈਂਬਰਾਂ ਵੱਲੋਂ ਕੈਂਪ ਦੌਰਾਨ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ |