ਨੂਰਪੁਰ ਬੇਦੀ, 6 ਜੂਨ (ਰਾਜੇਸ਼ ਚੌਧਰੀ ਤਖਤਗੜ)-ਪਟਿਆਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਧਰਨਾ ਪ੍ਰਦਰਸ਼ਨ ਕਰ ਰਹੇ ਲਾਈਨਮੈਨਾਂ ਉੱਤੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਵਹਿਸ਼ੀਆਨਾ ਕਾਰਵਾਈ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ | ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਜ਼ਿਲਾ ਕਾਂਗਰਸ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸ਼ਾਂਤੀਪੂਰਵਕ ਢੰਗ ਨਾਲ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਵਾਲੇ ਮੁਲਾਜ਼ਮਾਂ 'ਤੇ ਬਲ ਪ੍ਰਯੋਗ ਕਰਨਾ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ | ਉਨਾਂ ਕਿਹਾ ਕਿ ਕਿਸੇ ਵੀ ਲੋਕਤੰਤਰਿਕ ਪ੍ਰਬੰਧ ਵਿਚ ਹਰ ਨਾਗਰਿਕ ਅਤੇ ਮੁਲਾਜ਼ਮ ਨੂੰ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਰਕਾਰ ਅੱਗੇ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ ਪਰ ਪਟਿਆਲਾ ਵਿਚ ਜਿਸ ਤਰਾਂ ਲਾਈਨਮੈਨਾਂ ਨਾਲ ਧੱਕੇਸ਼ਾਹੀ ਕੀਤੀ ਗਈ ਤੇ ਉਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ, ਉਹ ਬਹੁਤ ਹੀ ਨਿੰਦਣਯੋਗ ਤੇ ਮੰਦਭਾਗੀ ਘਟਨਾ ਹੈ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੱਢਣਾ ਚਾਹੀਦਾ ਹੈ ਨਾ ਕਿ ਪੁਲਿਸ ਦੇ ਜ਼ਰੀਏ ਉਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ | ਉਨਾਂ ਦੋਸ਼ ਲਗਾਇਆ ਕਿ ਸਰਕਾਰ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਡਿੱਠਾ ਕਰ ਰਹੀ ਹੈ ਜਿਸ ਕਾਰਨ ਉਨਾਂ ਨੂੰ ਸੜਕਾਂ 'ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨਾਂ ਮੰਗ ਕੀਤੀ ਕਿ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ |