ਸੰਤੋਖਗੜ੍ਹ, 9 ਜੂਨ (ਧਰਮ ਪਾਲ)-ਊਨਾ ਜ਼ਿਲ੍ਹਾ ਪ੍ਰਸ਼ਾਸਨ ਮਾਨਸੂਨ 2026 ਦੇ ਮੱਦੇਨਜ਼ਰ ਸੰਭਾਵੀ ਕੁਦਰਤੀ ਆਫ਼ਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਨੂੰ ਯਕੀਨੀ ਬਣਾ ਰਿਹਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਗੁੱਜਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ | ਉਨ੍ਹਾਂ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਕੇ.ਕੇ. ਪੰਤ ਦੀ ਪ੍ਰਧਾਨਗੀ ਹੇਠ ਸ਼ਿਮਲਾ ਤੋਂ ਆਯੋਜਿਤ ਵੀਡੀਓ ਕਾਨਫ਼ਰੰਸ ਵਿਚ ਹਿੱਸਾ ਲਿਆ | ਮੀਟਿੰਗ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਆਫ਼ਤ ਪ੍ਰਬੰਧਨ ਦੀਆਂ ਤਿਆਰੀਆਂ ਲਈ ਸਾਰੇ ਸਬੰਧਿਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਅਧਿਕਾਰੀਆਂ ਨੂੰ ਇੱਕ ਦੂਜੇ ਨਾਲ ਤਾਲਮੇਲ ਵਿਚ ਕੰਮ ਕਰਨ ਇੱਕ ਸਰਗਰਮ ਸ਼ੁਰੂਆਤੀ ਚੇਤਾਵਨੀ ਪ੍ਰਣਾਲੀ ਬਣਾਈ ਰੱਖਣ ਅਤੇ ਜਾਣਕਾਰੀ ਦੇ ਤੁਰੰਤ ਆਦਾਨ-ਪ੍ਰਦਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਾਰੇ ਵਿਭਾਗਾਂ ਨੂੰ ਮਾਨਸੂਨ ਦੌਰਾਨ ਲੋਕਾਂ ਅਤੇ ਜਾਇਦਾਦ ਦੀ ਸੁਰੱਖਿਆ ਨੂੰ ਪ੍ਰਮੁੱਖਤਾ ਦਿੰਦੇ ਹੋਏ ਪੂਰੀ ਚੌਕਸੀ ਅਤੇ ਤਿਆਰੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਨੂੰ ਨਦੀਆਂ ਅਤੇ ਨਾਲਿਆਂ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ, ਪਾਣੀ ਭਰੇ ਇਲਾਕਿਆਂ ਤੋਂ ਰੁਕਾਵਟਾਂ ਨੂੰ ਹਟਾਉਣ, ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿਚ ਵਿਸ਼ੇਸ਼ ਚੌਕਸੀ ਵਰਤਣ ਅਤੇ ਪੁਲਾਂ ਅਤੇ ਪੁਲੀਆਂ ਦੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਨੂੰ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਲਈ ਲੋੜੀਂਦੇ ਸਰੋਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ 2026 ਦੇ ਮਾਨਸੂਨ ਸੀਜ਼ਨ ਦੀ ਤਿਆਰੀ ਅਤੇ ਸੰਭਾਵੀ ਐਮਰਜੈਂਸੀ ਨਾਲ ਨਜਿੱਠਣ ਲਈ ਬੁੱਧਵਾਰ 10 ਜੂਨ ਨੂੰ ਊਨਾ ਦੇ ਬੱਚਤ ਭਵਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਜਾਵੇਗੀ | ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੁਆਰਾ ਕੀਤੇ ਗਏ ਪਹਿਲਾਂ ਦੇ ਪ੍ਰਬੰਧਾਂ, ਸਰੋਤਾਂ ਦੀ ਉਪਲਬਧਤਾ ਅਤੇ ਆਫ਼ਤ ਦੀ ਸਥਿਤੀ ਵਿਚ ਤੇਜ਼ ਪ੍ਰਤੀਕਿਰਿਆ ਲਈ ਤਿਆਰੀਆਂ ਦੀ ਵਿਆਪਕ ਸਮੀਖਿਆ ਕੀਤੀ ਜਾਵੇਗੀ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਧੀਕ ਡਿਪਟੀ ਕਮਿਸ਼ਨਰ ਦੇ ਨਾਲ ਐਨ.ਆਈ.ਸੀ. ਰੂਮ ਵਿਚ ਮੌਜੂਦ ਸਨ |