29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਏਅਰ ਫੋਰਸ ਅਕੈਡਮੀ 'ਚ ਦੇਸ਼ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਮਹਿਕਪ੍ਰੀਤ ਕੌਰ ਦਾ ਮੁੱਖ ਮੰਤਰੀ ਵਲੋਂ ਮਾਈ ਭਾਗੋ ਐਵਾਰਡ ਨਾਲ ਸਨਮਾਨ

ਬੜਵਾ ਵਿਖੇ ਮਹਿਕਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ | ਤਸਵੀਰ : ਰਾਜੇਸ਼ ਚੌਧਰੀ <br/> 10-06-2026
ਨੂਰਪੁਰ ਬੇਦੀ, 9 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਰੂਪਨਗਰ ਜ਼ਿਲ੍ਹੇ ਦੇ ਪਿੰਡ ਪਪਰਾਲੀ ਦੀ ਮਹਿਕਪ੍ਰੀਤ ਕੌਰ ਪੁੱਤਰੀ ਅਮਰਜੀਤ ਸਿੰਘ ਅਤੇ ਮਾਤਾ ਰੁਪਿੰਦਰ ਕੌਰ, ਜਿਸ ਨੇ ਭਾਰਤੀ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿਚ ਆਲ ਇੰਡੀਆ 'ਚ ਪਹਿਲਾ ਸਥਾਨ ਹਾਸਲ ਕਰਕੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ, ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨੂਰਪੁਰ ਬੇਦੀ ਦੇ ਪਿੰਡ ਬੜਵਾ ਵਿਖੇ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਮਾਈ ਭਾਗੋ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮੰਤਰੀ ਨੇ ਮਹਿਕਪ੍ਰੀਤ ਕੌਰ ਨੂੰ ਸ਼ਾਲ ਤੇ ਯਾਦਗਾਰੀ ਚਿੰਨ੍ਹ ਭੇਟ ਕਰਦਿਆਂ ਉਸ ਦੀ ਸ਼ਾਨਦਾਰ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਮਹਿਕਪ੍ਰੀਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀਆਂ ਧੀਆਂ ਕਿਸੇ ਵੀ ਖੇਤਰ ਵਿਚ ਮੁੰਡਿਆਂ ਤੋਂ ਘੱਟ ਨਹੀਂ ਹਨ ਤੇ ਜੇਕਰ ਉਨ੍ਹਾਂ ਨੂੰ ਸਹੀ ਮਾਰਗ ਦਰਸ਼ਨ ਮਿਲੇ ਤਾਂ ਉਹ ਦੇਸ਼ ਦੀਆਂ ਸਭ ਤੋਂ ਉੱਚੀਆਂ ਪ੍ਰਾਪਤੀਆਂ ਹਾਸਲ ਕਰ ਸਕਦੀਆਂ ਹਨ | ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਹਿਕਪ੍ਰੀਤ ਕੌਰ ਦੀ ਇਹ ਉਪਲਬਧੀ ਸਿਰਫ਼ ਉਸਦੇ ਪਰਿਵਾਰ ਲਈ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਇੱਕ ਕਿਸਾਨ ਪਰਿਵਾਰ ਦੀ ਧੀ ਵਲੋਂ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚੀ ਵਿਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਨਾ ਲੱਖਾਂ ਨੌਜਵਾਨਾਂ, ਖ਼ਾਸ ਕਰਕੇ ਪਿੰਡਾਂ ਦੀਆਂ ਧੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗਾ | ਉਨ੍ਹਾਂ ਕਿਹਾ ਕਿ ਅਜਿਹੀਆਂ ਧੀਆਂ ਪੰਜਾਬ ਦੀ ਅਸਲ ਤਾਕਤ ਹਨ, ਜੋ ਆਪਣੇ ਜਜ਼ਬੇ, ਮਿਹਨਤ ਤੇ ਲਗਨ ਨਾਲ ਨਵੇਂ ਕੀਰਤੀਮਾਨ ਸਥਾਪਤ ਕਰ ਰਹੀਆਂ ਹਨ | ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੀ ਮਹਿਕਪ੍ਰੀਤ ਕੌਰ ਦੀ ਇਸ ਉਪਲਬਧੀ ਦੀ ਜ਼ੋਰਦਾਰ ਪ੍ਰਸ਼ੰਸਾ ਕੀਤੀ | ਇਹ ਪ੍ਰਾਪਤੀ ਰਾਜ ਦੀਆਂ ਧੀਆਂ ਲਈ ਇੱਕ ਨਵਾਂ ਮਾਪਦੰਡ ਸਥਾਪਤ ਕਰਦੀ ਹੈ ਅਤੇ ਸਾਬਤ ਕਰਦੀ ਹੈ ਕਿ ਪੰਜਾਬ ਦੀਆਂ ਬੇਟੀਆਂ ਦੇਸ਼ ਦੀ ਰੱਖਿਆ ਅਤੇ ਸੇਵਾ ਲਈ ਹਰ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ |
ਪਿਛਲੀ ਖ਼ਬਰ ਚਨੌਲੀ ਦੀ ਪੰਚਾਇਤ ਨੇ ਮੁੱਖ ਮੰਤਰੀ ਮਾਨ ਦਾ ਕੀਤਾ ਸਵਾਗਤ <br/> ਅਗਲੀ ਖ਼ਬਰ ਊਨਾ ਵਿਚ ਆਫ਼ਤ ਪ੍ਰਬੰਧਨ ਸੰਬੰਧੀ ਪ੍ਰਸ਼ਾਸਨ ਅਲਰਟ, ਪਹਿਲਾਂ ਤੋਂ ਤਿਆਰੀਆਂ ਯਕੀਨੀ ਬਣਾਉਣ 'ਤੇ ਜ਼ੋਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।