27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਐਸ.ਵਾਈ.ਐਲ. ਨੂੰ ਬੰਦ ਕਰਾਉਣ ਵਾਲੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਭਰਾ ਦਲਵੀਰ ਸਿੰਘ ਬੰਟੀ ਜਟਾਣਾ ਵਲੋਂ ਹਲਕਾ ਰੂਪਨਗਰ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣਾਂ ਲੜਣ ਦਾ ਐਲਾਨ

ਅਜੀਤ ਡੈਸਕ 17-06-2026
ਰੂਪਨਗਰ, 16 ਜੂਨ (ਮਨਜੀਤ ਸਿੰਘ ਸੈਣੀ)-ਐਸ.ਵਾਈ.ਐਲ. ਨੂੰ ਪੱਕੇ ਬੰਨ੍ਹ ਲਗਾਉਣ ਵਾਲੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਜੀ ਦੇ ਛੋਟੇ ਭਰਾ ਭਾਈ ਦਲਵੀਰ ਸਿੰਘ ਬੰਟੀ ਜਟਾਣਾ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਲਕਾ ਰੂਪਨਗਰ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣਾਂ ਲੜਨ ਦਾ ਐਲਾਨ ਕੀਤਾ। ਇਸ ਸਬੰਧੀ ਨੇੜਲੇ ਪਿੰਡ ਫੂਲ ਵਿਖੇ ਇੱਕ ਵਿਸ਼ਾਲ ਪੰਥਕ ਅਤੇ ਸਮਾਜਿਕ ਇਕੱਠ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਨੂੰ ਦਰਪੇਸ਼ ਗੰਭੀਰ ਮੁੱਦਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਦਲਵੀਰ ਸਿੰਘ ਬੰਟੀ ਜਟਾਣਾ ਨੇ ਕਿਹਾ ਕਿ ਉਹ ਕੋਈ ਰਾਜਨੀਤੀ ਕਰਨ ਲਈ ਇਸ ਖੇਤਰ ਵਿਚ ਨਹੀਂ ਆਏ, ਉਨ੍ਹਾਂ ਦਾ ਮੁੱਖ ਉਦੇਸ਼ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨਾ ਹੈ। ਕਿਉਂਕਿ ਅੱਜ ਤੱਕ ਕਿਸੇ ਵੀ ਪਾਰਟੀ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਗਿਆ। ਇਸ ਮੌਕੇ ਦਲਵੀਰ ਸਿੰਘ ਬੰਟੀ ਨੇ ਕਿਹਾ ਕਿ ਉਨ੍ਹਾਂ ਦੇ ਮੁੱਖ ਮੁੱਦੇ ਪੰਜਾਬ ਦੇ ਦਰਿਆਈ ਪਾਣੀਆਂ ਤੇ ਹੱਕ, ਨਸ਼ਾਖੋਰੀ ਤੇ, ਬੇਰੋਜ਼ਗਾਰੀ ਦੀ ਵੱਧ ਰਹੀ ਸਮੱਸਿਆ ਨੂੰ ਠੱਲ੍ਹ ਪਾਉਣਾ, ਕਿਸਾਨੀ ਨੂੰ ਲੀਹਾਂ ਤੇ ਲਿਆਉਣਾ, ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਨੂੰ ਯੂਪੀ, ਬਿਹਾਰ ਬਨਣ ਤੋਂ ਰੋਕਣਾ, ਪ੍ਰਵਾਸੀਆਂ ਦੇ ਬਣ ਰਹੇ ਵੋਟਰ ਕਾਰਡ , ਆਧਾਰ ਕਾਰਡਾਂ ਸਮੇਤ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਮੁੱਖ ਮੁੱਦੇ ਹੋਣਗੇ। ਇਸ ਮੌਕੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਨਮਨ ਕੀਤਾ ਗਿਆ। ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਵੀ ਪ੍ਰਮੁੱਖਤਾ ਨਾਲ ਉਠਾਉਂਦੇ ਹੋਏ ਇਸ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਮਾਜਿਕ ਏਕਤਾ, ਨੌਜਵਾਨਾਂ ਦੀ ਭਲਾਈ ਅਤੇ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਅਗਲੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਭਵਿੱਖ ਦੀ ਕਾਰਜ-ਯੋਜਨਾ ਸਬੰਧੀ ਵਿਸਥਾਰਪੂਰਵਕ ਸਲਾਹ-ਮਸ਼ਵਰਾ ਕੀਤਾ ਗਿਆ। ਇਸ ਮੌਕੇ ਕਿਸ਼ੋਰ ਸਿੰਘ, ਰੁਪਿੰਦਰ ਪਾਲ ਸਿੰਘ, ਜਸਵੀਰ ਸਿੰਘ ਜਟਾਣਾ,, ਬਲਵਿੰਦਰ ਸਿੰਘ ਭੈਰੋਮਾਜਰਾ,ਦਰਸ਼ਨ ਸਿੰਘ ਬੈਂਸ ਫਰੀਦ, ਪ੍ਰੇਮ ਸਿੰਘ, ਦਲਜੀਤ ਸਿੰਘ, ਕਮਲਜੀਤ ਸਿੰਘ, ਸੁਖਬੀਰ ਸਿੰਘ, ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ, ਦਵਿੰਦਰ ਸਿੰਘ ਹਰੀਏਵਾਲ, ਪਰਮਿੰਦਰ ਕੌਰ ਮਾਸੀ ਅੰਮ੍ਰਿਤਪਾਲ ਸਿੰਘ, ਨਿਹੰਗ ਸਿੰਘ ਜਸਵੀਰ ਸਿੰਘ ਭਤੀਜਾ ਬਾਬਾ ਰਾਜਾ ਰਾਜ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ, ਤਰਲੋਚਨ ਸਿੰਘ ਅਤੇ ਪੰਥਕ, ਸਮਾਜਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਰਜਿ. ਮੋਰਿੰਡਾ ਵਲੋਂ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਗੁਰਦੁਆਰਾ ਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।