ਨੂਰਪੁਰ ਬੇਦੀ, 16 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਵਲੋਂ ਨੂਰਪੁਰ ਬੇਦੀ ਵਿਖੇ ਸ਼ੁਰੂ ਕੀਤਾ ਗਿਆ ਧਰਨਾ ਅੱਜ 16ਵੇਂ ਦਿਨ ਵਿਚ ਦਾਖਲ ਹੋ ਗਿਆ। ਧਰਨੇ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਬੀ.ਡੀ.ਪੀ.ਓ. ਦਫ਼ਤਰ ਨੂਰਪੁਰ ਬੇਦੀ ਮੂਹਰੇ ਧਰਨੇ ’ਤੇ ਬੈਠੇ ਮੁਲਾਜ਼ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪੰਚਾਇਤ ਵਿਭਾਗ ਵਿਚ ਮਰਜ ਕੀਤੇ ਜਾਣ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਵਲੋਂ ਹਾਲੇ ਤੱਕ ਇਸ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਮਨਰੇਗਾ ਅਧੀਨ ਕੰਮ ਕਰਦੇ ਕਰਮਚਾਰੀ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹ ਵੀ ਨਹੀਂ ਮਿਲੀ, ਜਿਸ ਕਾਰਨ ਉਹ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰਾਂ ਦੇ ਰੋਜ਼ਾਨਾ ਖ਼ਰਚੇ, ਬੱਚਿਆਂ ਦੀ ਪੜ੍ਹਾਈ ਅਤੇ ਹੋਰ ਜ਼ਰੂਰੀ ਲੋੜਾਂ ਨੂੰ ਪੂਰਾ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਕਰਮਚਾਰੀ ਕਰਜ਼ਾ ਲੈ ਕੇ ਘਰ ਦਾ ਗੁਜ਼ਾਰਾ ਕਰਨ ਲਈ ਮਜਬੂਰ ਹਨ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਲਾਰਿਆਂ ਲੱਪਿਆ ਨਾਲ ਸਮਾਂ ਬਿਤਾਇਆ ਜਾ ਰਿਹਾ ਹੈ, ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਅਤੇ ਬਕਾਇਆ ਤਨਖਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਦੀ ਹੋਵੇਗੀ।