ਨੂਰਪੁਰ ਬੇਦੀ, 17 ਜੂਨ (ਵਿੰਦਰਪਾਲ ਝਾਂਡੀਆਂ)-ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਵਿਭਾਗ ਵਿਚ ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਸਮੇਤ ਹੋਰ ਹੱਕੀ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਵਲੋਂ ਨੂਰਪੁਰ ਬੇਦੀ ਵਿਖੇ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ ਦੇ ਕੇ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਅੱਜ 17ਵੇਂ ਦਿਨ ਵਿਚ ਦਾਖਲ ਹੋ ਗਈ। ਇਸ ਮੌਕੇ ਤੇ ਮਨਰੇਗਾ ਕਰਮਚਾਰੀਆਂ ਦੇ ਧਰਨੇ ’ਚ ਸ਼ਾਮਲ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਸ਼ਾਮਲ ਹੋ ਕੇ ਸਮਰਥਨ ਦੇ ਕੇ ਉਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਜਾ ਰਿਹਾ ਹੈ। ਅੱਜ ਨਰੇਗਾ ਮੁਲਾਜ਼ਮਾਂ ਦੇ ਧਰਨੇ ਵਿਚ ਸੰਮਤੀ ਮੈਂਬਰਾਂ ਵਲੋਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀਮਾਜਰਾ ਵਲੋਂ ਧਰਨੇ ਵਿਚ ਸ਼ਾਮਲ ਹੋਕੇ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਸੁਣੀਆਂ ਅਤੇ ਨਰੇਗਾ ਮੁਲਾਜ਼ਮਾਂ ਵਲੋਂ ਉਹਨਾਂ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀਮਾਜਰਾ ਅਤੇ ਸਮੂਹ ਸੰਮਤੀ ਮੈਂਬਰਾਂ ਵਲੋਂ ਨਰੇਗਾ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਇਆ ਕਿ ਅਸੀਂ ਤੁਹਾਡੀਆਂ ਮੰਗਾਂ ਸਰਕਾਰ ਤੱਕ ਪਹਿਲ ਦੇ ਆਧਾਰ ਤੇ ਹੱਲ ਕਰਾਉਣ ਲਈ ਯਤਨ ਕਰਾਂਗੇ। ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚਨੌਲੀ ਵਲੋਂ ਦੱਸਿਆ ਗਿਆ ਕਿ ਨਰੇਗਾ ਮੁਲਾਜ਼ਮ ਪਿੰਡਾਂ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ, ਲਗਭਗ 70 ਫ਼ੀਸਦੀ ਵਿਕਾਸ ਨਰੇਗਾ ਤਹਿਤ ਪਿੰਡਾਂ ਵਿਚ ਹੋਇਆ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਰੇਗਾ ਮੁਲਾਜ਼ਮਾਂ ਨੂੰ ਪਹਿਲ ਦੇ ਅਧਾਰ ਤੇ ਪੰਚਾਇਤ ਵਿਭਾਗ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ। ਇਸ ਮੌਕੇ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ, ਚੌਧਰੀ ਹੁਸਨ ਲਾਲ ਚੌਹਾਨ, ਮਨਜੀਤ ਸਿੰਘ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਹਰਵਿੰਦਰ ਸਿੰਘ ਬਿੰਦੀ ਰੂੜੇਵਾਲ, ਹੇਮੰਤ ਸੈਣੀ, ਕੁਲਵਿੰਦਰ ਸਿੰਘ ਜੱਟਪੁਰ ਹਾਜ਼ਰ ਸਨ। ਯੂਨੀਅਨ ਦੇ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਕਾਇਆ ਤਨਖਾਹਾਂ ਜਲਦ ਜਾਰੀ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਕਲਮ ਛੋੜ ਹੜਤਾਲ ਜਾਰੀ ਰਹੇਗੀ। ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਚਨੌਲੀ ,ਪ੍ਰੈੱਸ ਸਕੱਤਰ ਸਤਨਾਮ ਸਿੰਘ ਅਬਿਆਣਾ, ਜਸਪਾਲ ਸਿੰਘ ਅਬਿਆਣਾ, ਜੇ.ਈ. ਜਗਜੀਤ ਸਿੰਘ, ਰੋਹਿਤ ਕੁਮਾਰ, ਜਿੰਦਰਪਾਲ, ਕਪਿਲ ਚੌਹਾਨ, ਮਨਦੀਪ ਸਿੰਘ ਚਨੌਲੀ, ਰਾਕੇਸ਼ ਕੁਮਾਰ, ਰਵੀ ਕੁਮਾਰ, ਰਾਜ ਕੁਮਾਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।