25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਗਰ ਪੰਚਾਇਤ ਕੀਰਤਪੁਰ ਸਾਹਿਬ ਦੀ ਚੋਣ ਹੋਈ

ਅਜੀਤ ਡੈਸਕ 09-07-2026
ਕੀਰਤਪੁਰ ਸਾਹਿਬ, 8 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਨਗਰ ਪੰਚਾਇਤ ਕੀਰਤਪੁਰ ਸਾਹਿਬ ਦੀ ਪ੍ਰਧਾਨਗੀ ਤੇ ਹੋਰ ਅਹੁਦਿਆਂ ਲਈ ਅੱਜ ਹੋਈ ਚੋਣ ਦੌਰਾਨ ਗੁਰਮੀਤ ਸਿੰਘ (ਟੀਨਾ) ਨੂੰ ਸਰਬਸੰਮਤੀ ਨਾਲ ਪ੍ਰਧਾਨ, ਹਰਵਿੰਦਰ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਨਾਮ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਚੋਣ ਪ੍ਰਕਿਰਿਆ ਸ਼ਾਂਤਮਈ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋਈ, ਜਿਸ ਵਿਚ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਸੁਖਪਾਲ ਸਿੰਘ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਨੇ ਚੋਣ ਪ੍ਰਕਿਰਿਆ ਨੂੰ ਨਿਯਮਾਂ ਅਨੁਸਾਰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੀਂ ਟੀਮ ਅਤੇ ਸਮੂਹ ਨਗਰ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੀਰਤਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਵਿਚ ਹੁਣ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੀ ਨਵੀਂ ਟੀਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰੇ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲੇ ਵਿਸ਼ਵਾਸ ਨੂੰ ਵਿਕਾਸ ਕਾਰਜਾਂ ਰਾਹੀਂ ਸਫਲ ਬਣਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੀਰਤਪੁਰ ਸਾਹਿਬ ਨੂੰ ਵਿਕਾਸ ਪੱਖੋਂ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟਾਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਬੱਸ ਸਟੈਂਡ ਬਣਾਇਆ ਜਾਵੇਗਾ, ਜਦਕਿ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਨੂੰ ਇਸ ਪੱਧਰ ਦਾ ਵਿਕਸਤ ਕੀਤਾ ਜਾ ਰਿਹਾ ਹੈ ਕਿ ਉਹ ਸੂਬੇ ਦੇ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਦੇਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੀਰਤਪੁਰ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਪ੍ਰੋਜੈਕਟ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਸ਼ਹਿਰ ਵਿਚ ਨਵਾਂ ਸੀਵਰੇਜ ਸਿਸਟਮ ਸਥਾਪਤ ਕਰਕੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਕੌਂਸਲਰ ਤਲਵਿੰਦਰ ਸਿੰਘ ਬਿੱਟੂ ਵਾਰਡ ਨੰਬਰ 5, ਕੌਂਸਲਰ ਜਗਤਾਰ ਸਿੰਘ ਭਗਵਾਲਾ ਵਾਰਡ ਨੰਬਰ 11, ਕੌਂਸਲਰ ਰਾਜਵੀਰ ਕੌਰ ਵਾਰਡ ਨੰਬਰ 7, ਕੌਂਸਲਰ ਰਜਨੀਸ਼ ਜੋਸ਼ੀ ਵਾਰਡ ਨੰਬਰ 3, ਕੌਂਸਲਰ ਭੁਪਿੰਦਰ ਕੌਰ ਵਾਰਡ ਨੰਬਰ 4 ਸਮੇਤ ਵੱਡੀ ਗਿਣਤੀ ਸ਼ਹਿਰਵਾਸੀ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ–ਗੜ੍ਹਸ਼ੰਕਰ ਰੋਡ ‘ਤੇ ਭਾਰੀ ਵਾਹਨਾਂ ਦੀ ਆਵਾਜਾਈ ‘ਤੇ ਮੁਕੰਮਲ ਪਾਬੰਦੀ ਅਗਲੀ ਖ਼ਬਰ ਸੈਲੂਨ ਵਾਲੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।