ਨੂਰਪੁਰ ਬੇਦੀ, 18 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਸਥਾਨਕ ਪੁਲਿਸ ਨੇ ਝਪਟਮਾਰੀ ਦੀ ਇੱਕ ਵਾਰਦਾਤ ਨੂੰ ਸੁਲਝਾਉਂਦਿਆਂ ਦੋ ਕਥਿਤ ਝਪਟਮਾਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਖੋਹੇ ਗਏ ਸੋਨੇ ਦੇ ਟੋਪਸ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਸਬ ਇੰਸਪੈਕਟਰ ਗੁਰਮੁਖ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸ਼ਵਨੀ ਕੁਮਾਰ ਪੁੱਤਰ ਕਰਤਾਰ ਸਿੰਘ ਵਾਸੀ ਪੱਤਣ ਰੋਡ, ਨੂਰਪੁਰ ਬੇਦੀ ਵਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਗਿਆ ਸੀ ਕਿ ਉਸ ਦੀ ਪਤਨੀ ਸੰਤੋਸ਼ ਕੁਮਾਰੀ ਸਵੇਰੇ ਕਰੀਬ 5 ਵਜੇ ਪੱਤਣ ਰੋਡ ਤੋਂ ਮੂਸਾਪੁਰ ਵਾਲੇ ਪਾਸੇ ਸੈਰ ਕਰਨ ਲਈ ਜਾ ਰਹੀ ਸੀ। ਜਦੋਂ ਉਹ ਇੱਕ ਪ੍ਰਾਈਵੇਟ ਹਸਪਤਾਲ ਦੇ ਸਾਹਮਣੇ ਪੁੱਜੀ ਤਾਂ ਪਿੱਛੋਂ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਉਸ ਦੇ ਕੋਲ ਆਏ। ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਔਰਤ ਦੇ ਕੰਨਾਂ ਵਿਚ ਪਾਏ ਸੋਨੇ ਦੇ ਟੋਪਸ ਝਪਟ ਕੇ ਖੋਹ ਲਏ ਅਤੇ ਦੋਵੇਂ ਮੁਲਜ਼ਮ ਮੋਟਰਸਾਈਕਲ ‘ਤੇ ਬੁੰਗਾ ਸਾਹਿਬ ਵਾਲੀ ਦਿਸ਼ਾ ਵੱਲ ਫ਼ਰਾਰ ਹੋ ਗਏ। ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਨੂਰਪੁਰ ਬੇਦੀ ਵਿਖੇ ਮਾਮਲਾ ਦਰਜ ਕਰਕੇ ਪੁਲਿਸ ਵਲੋਂ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਪੁਲਿਸ ਨੇ ਕਥਿਤ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਸਿੰਮੀ ਪੁੱਤਰ ਵਰਿੰਦਰ ਸਿੰਘ ਵਾਸੀ ਰੂਪਨਗਰ ਅਤੇ ਹਰਪਿੰਦਰ ਸਿੰਘ ਉਰਫ਼ ਸੋਨਾ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਖੈਰਾਬਾਦ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਖੋਹੇ ਗਏ ਸੋਨੇ ਦੇ ਟੋਪਸ ਵੀ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।