04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਿਹਤ ਵਿਭਾਗ ਵਲੋਂ ਕਲਵਾ ਅਤੇ ਕਾਹਨਪੁਰ ਖੂਹੀ ਵਿਖੇ ‘ਡਰਾਈ ਡੇ’ ਮਨਾਇਆ

ਅਜੀਤ ਡੈਸਕ 19-07-2026
ਕਾਹਨਪੁਰ ਖੂਹੀ, 18 ਜੁਲਾਈ (ਗੁਰਬੀਰ ਸਿੰਘ ਵਾਲੀਆ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਏ.ਏ.ਕੇ. ਕਲਵਾ ਅਤੇ ਪਿੰਡ ਕਾਹਨਪੁਰ ਖੂਹੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਤਹਿਤ ’ਡਰਾਈ ਡੇ’ ਮਨਾਇਆ ਗਿਆ। ਇਸ ਦੌਰਾਨ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਲਈ ਜਾਗਰੂਕ ਕਰਦਿਆਂ ਸਫ਼ਾਈ ਅਤੇ ਮੱਛਰਾਂ ਦੀ ਰੋਕਥਾਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹੈਲਥ ਇੰਸਪੈਕਟਰ ਹਰਿੰਦਰ ਸਿੰਘ ਅਤੇ ਵਿਵੇਕ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਸਮੇਤ ਜਨਤਕ ਥਾਵਾਂ ’ਤੇ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੇ ਘਰ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਮਲਿਆਂ, ਕੂਲਰਾਂ, ਫਰਿੱਜ ਦੀਆਂ ਟਰੇਆਂ, ਪਾਣੀ ਵਾਲੇ ਭਾਂਡਿਆਂ ਅਤੇ ਟੈਂਕੀਆਂ ਨੂੰ ਨਿਯਮਿਤ ਤੌਰ ’ਤੇ ਸਾਫ਼ ਕਰਕੇ ਹਫ਼ਤੇ ਵਿਚ ਘੱਟੋ-ਘੱਟ ਇੱਕ ਵਾਰ ਪੂਰੀ ਤਰ੍ਹਾਂ ਖਾਲੀ ਅਤੇ ਸੁੱਕਾ ਰੱਖਿਆ ਜਾਵੇ। ਪਾਣੀ ਸਟੋਰ ਕਰਨ ਵਾਲੇ ਭਾਂਡਿਆਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਮੱਛਰਦਾਨੀਆਂ ਦੀ ਵਰਤੋਂ ਕਰਨ ਅਤੇ ਜੇਕਰ ਤੇਜ਼ ਬੁਖਾਰ, ਸਰੀਰ ਦਰਦ ਜਾਂ ਹੋਰ ਡੇਂਗੂ ਵਰਗੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਸਾਵਧਾਨ ਰਹਿਣ ਅਤੇ ਸਾਂਝੇ ਯਤਨਾਂ ਨਾਲ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਅਮਰੀਕ ਸਿੰਘ ਭੱਠਲ, ਹੋਸ਼ਿਆਰ ਸਿੰਘ ਅਤੇ ਆਸ਼ਾ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ 22 ਦੀ ਸੰਗਰੂਰ ਰੈਲੀ ਲਈ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਿਜ਼ਨਲ ਟਰਾਂਸਪੋਰਟ ਵਿਭਾਗ ਨੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।