ਰੂਪਨਗਰ, 18 ਜੁਲਾਈ (ਸਤਨਾਮ ਸਿੰਘ ਸੱਤੀ)-ਪੰਜਾਬ ਭਰ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਵੀ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਆਪਣੇ-ਆਪਣੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਡਿਊਟੀ ਨਿਭਾਉਂਦਿਆਂ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ।ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕਈ ਮੀਟਿੰਗਾਂ ਦੌਰਾਨ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਿਧਾਂਤਕ ਤੌਰ ‘ਤੇ ਮੰਨਣ ਅਤੇ ਜਲਦ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਮਿਊਨਿਟੀ ਹੈਲਥ ਅਫ਼ਸਰਾਂ ਦਾ ਰੈਗੂਲਰ ਕੈਡਰ ਸੈਕਸ਼ਨ ਕਰਨਾ, ਹੋਰ ਸੂਬਿਆਂ ਦੇ ਮੁਕਾਬਲੇ 5,000 ਰੁਪਏ ਪ੍ਰਤੀ ਮਹੀਨਾ ਘੱਟ ਤਨਖ਼ਾਹ ਦੀ ਵਿਸੰਗਤੀ ਦੂਰ ਕਰਨਾ, ਸਾਲ 2018 ਤੋਂ ਬੰਦ ਲੌਇਲਟੀ ਬੋਨਸ ਬਹਾਲ ਕਰਨਾ ਅਤੇ ਮੰਨੀਆਂ ਹੋਈਆਂ ਵਿੱਤੀ ਮੰਗਾਂ ਦੇ ਨੋਟੀਫ਼ਿਕੇਸ਼ਨ ਜਾਰੀ ਕਰਨਾ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ। ਆਗੂਆਂ ਨੇ ਕਿਹਾ ਕਿ ਲੋਕ ਹਿਤ ਨੂੰ ਧਿਆਨ ਵਿਚ ਰੱਖਦਿਆਂ ਉਹ ਅਜੇ ਵੀ ਓ.ਪੀ.ਡੀ. ਅਤੇ ਟੀ.ਬੀ. ਸਬੰਧੀ ਸੇਵਾਵਾਂ ਨਿਰਵਿਘਨ ਦੇ ਰਹੇ ਹਨ, ਪਰ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ 22 ਜੁਲਾਈ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਹੋਣ ਵਾਲੀ ਵਿਸ਼ਾਲ ਰੋਸ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ ਅਤੇ ਪੰਜਾਬ ਦੇ ਹਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਕਮਿਊਨਿਟੀ ਹੈਲਥ ਅਫ਼ਸਰ ਇਸ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਤੋਂ ਪਹਿਲਾਂ ਮੰਗਾਂ ਦੇ ਨੋਟੀਫ਼ਿਕੇਸ਼ਨ ਜਾਰੀ ਨਾ ਹੋਏ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਨੀਤ ਕੌਰ ਤੋਂ ਇਲਾਵਾ ਰਜਿੰਦਰ ਕੌਰ, ਜਸ਼ਨਦੀਪ ਕੌਰ, ਸਾਰਿਕਾ ਭਾਟੀਆ, ਡਾ. ਮੁਨੀਸ਼ ਕੁਮਾਰ, ਰਵਨੀਤ ਕੌਰ, ਰਾਜਪ੍ਰੀਤ ਕੌਰ ਅਤੇ ਨਵਰੀਤ ਕੌਰ ਵੀ ਹਾਜ਼ਰ ਸਨ।