ਪੁਰਖਾਲੀ, 20 ਜੁਲਾਈ (ਅੰਮ੍ਰਿਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਵਲੋਂ ਅਕਬਰਪੁਰ ਖੇਤਰ ਅਧੀਨ ਆਉਂਦੇ ਵੱਖ-ਵੱਖ ਇੱਟਾਂ ਦੇ ਭੱਠਿਆਂ ਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਉਦੇਸ਼ ਉਨ੍ਹਾਂ ਬੱਚਿਆਂ ਤੱਕ ਪਹੁੰਚ ਕਰਨਾ ਹੈ, ਜੋ ਕਿਸੇ ਕਾਰਨ ਕਰਕੇ ਨਿਯਮਤ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ। ਇਸ ਮੁਹਿੰਮ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸਾਰਿਕਾ ਨੇ ਖੁਦ ਖੇਤਰ ਦਾ ਦੌਰਾ ਕਰਕੇ ਟੀਕਾਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਿਹਤ ਵਿਭਾਗ ਦੀ ਟੀਮ ਨਾਲ ਗੱਲਬਾਤ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਕੋਈ ਵੀ ਬੱਚਾ ਜੀਵਨ ਰੱਖਿਅਕ ਟੀਕਿਆਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਭੱਠਿਆਂ ਅਤੇ ਝੁੱਗੀਆਂ ਵਿਚ ਰਹਿਣ ਵਾਲੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਸਿਹਤ ਪ੍ਰਤੀ ਜਾਗਰੂਕ ਹੋਣ ਅਤੇ ਟੀਕਾਕਰਨ ਦਾ ਪੂਰਾ ਕੋਰਸ ਕਰਵਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਟੀਮ ਐਸ.ਆਈ. ਜਗਤਾਰ ਸਿੰਘ, ਹੈਲਥ ਵਰਕਰ ਹਰਜੀਤ ਸਿੰਘ ਕਮਾਲਪੁਰ, ਐਲ.ਐਚ.ਵੀ. ਪ੍ਰੋਮਿਲਾ ਦੇਵੀ, ਵੀਨਾ ਰਾਣੀ ਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।