ਰੂਪਨਗਰ, 31 ਜੁਲਾਈ (ਯਸ਼ਵੰਤ ਬੱਸੀ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ, ਉਤਸ਼ਾਹ ਅਤੇ ਸਮਾਜਿਕ ਸਦਭਾਵਨਾ ਨਾਲ ਮਨਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ ਜ਼ਿਲ੍ਹਾ ਭਾਜਪਾ ਦਫ਼ਤਰ, ਰੂਪਨਗਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ । ਜਿਸ ਵਿਚ ਆਉਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਭਾਜਪਾ ਦੀਆਂ ਹਦਾਇਤਾਂ ਅਨੁਸਾਰ ਪੂਰੀ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸਥਾਨਾਂ ’ਤੇ ਸਮਾਗਮ ਕਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਇਸ ਪਵਿੱਤਰ ਅਵਸਰ ਨਾਲ ਜੁੜ ਸਕਣ। ਜ਼ਿਲ੍ਹਾ ਐਸ.ਸੀ. ਮੋਰਚਾ ਦੀ ਪ੍ਰਧਾਨ ਸ੍ਰੀਮਤੀ ਅੰਜੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਅਗਸਤ ਤੋਂ ਪ੍ਰੋਗਰਾਮਾਂ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਸ਼ੀ ਤੋਂ ਪੂਜਨ ਉਪਰੰਤ ਪਵਿੱਤਰ ਕਲਸ਼ ਰੂਪਨਗਰ ਪਹੁੰਚ ਚੁੱਕੇ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਦਾ ਮੌਕਾ ਸਮੂਹ ਸੰਗਤ ਨੂੰ ਪ੍ਰਾਪਤ ਹੋਵੇਗਾ। ਇਸ ਤੋਂ ਬਾਅਦ ਇਹ ਪਵਿੱਤਰ ਕਲਸ਼ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਤ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਲਿਜਾਏ ਜਾਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਉਪਦੇਸ਼ ਅਤੇ ਸਿੱਖਿਆਵਾਂ ਘਰ-ਘਰ ਤੱਕ ਪਹੁੰਚਣਗੀਆਂ ਤੇ ਨਵੀਂ ਪੀੜ੍ਹੀ ਨੂੰ ਵੀ ਉਨ੍ਹਾਂ ਦੇ ਮਹਾਨ ਜੀਵਨ ਤੋਂ ਪ੍ਰੇਰਣਾ ਮਿਲੇਗੀ। ਮੀਟਿੰਗ ਦੌਰਾਨ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਅਤੇ ਪਾਰਟੀ ਵਰਕਰਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਜੋੜਨ ਦੀ ਅਪੀਲ ਕੀਤੀ ਗਈ। ਇਸ ਮੌਕੇ ਹਿੰਮਤ ਸਿੰਘ ਗਿਰਨ, ਰਜਿੰਦਰ ਕੱਕੜ, ਤਿਲਕ ਰਾਜ, ਭਗਤ ਸਿੰਘ, ਕੌਂਸਲਰ ਕਰਮਜੀਤ ਕੌਰ, ਅਮਰਦੀਪ ਸਿੰਘ ਨੰਨਾ, ਕਮਲਜੀਤ ਸਿੰਘ, ਰਾਜ ਕੁਮਾਰ ਰਾਜੂ, ਦੀਪਕ, ਸੁਰਿੰਦਰਪਾਲ ਸੇਠੀ, ਟੋਨੀ ਵਰਮਾ, ਨਵੀਨ ਕੁਮਾਰ, ਸ਼ਿਵ ਕੱਕੜ ਆਦਿ ਆਗੂ ਤੇ ਵਰਕਰ ਹਾਜ਼ਰ ਸਨ।