02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਵਧੀਕ ਡਿਪਟੀ ਕਮਿਸ਼ਨਰ ਨੇ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਦੀ ਤੁਰੰਤ ਬਹਾਲੀ ਦੇ ਦਿੱਤੇ ਨਿਰਦੇਸ਼

ਅਜੀਤ ਡੈਸਕ 01-08-2026
ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਨੇ ਅੱਜ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਦੀ ਬਹਾਲੀ ਤੇ ਵਿਕਾਸ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਮੈਦਾਨ ਨੂੰ ਜਲਦੀ ਤੋਂ ਜਲਦੀ ਪਹਿਲਾਂ ਵਾਲੀ ਸਥਿਤੀ ਵਿਚ ਬਹਾਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸਰਕਾਰ ਵਲੋਂ ਕਰਵਾਏ ਗਏ ਇੱਕ ਧਾਰਮਿਕ ਸਮਾਗਮ ਲਈ ਲਗਾਏ ਗਏ ਵੱਡੇ ਟੈਂਟ ਅਤੇ ਭਾਰੀ ਮਸ਼ੀਨਰੀ ਦੀ ਆਵਾਜਾਈ ਕਾਰਨ ਖੇਡ ਮੈਦਾਨ ਅਤੇ ਅਥਲੈਟਿਕ ਟਰੈਕ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ। ਮੈਦਾਨ ਵਿਚ ਕਈ ਥਾਵਾਂ ’ਤੇ ਡੂੰਘੇ ਖੱਡੇ ਪੈ ਗਏ ਸਨ ਅਤੇ ਟਰੱਕਾਂ ਦੀ ਆਵਾਜਾਈ ਕਾਰਨ ਮੈਦਾਨ ਦੀ ਸਤਹਿ ਵੀ ਪ੍ਰਭਾਵਿਤ ਹੋਈ ਸੀ, ਜਿਸ ਨੂੰ ਲੈ ਕੇ ਖਿਡਾਰੀਆਂ, ਨਾਗਰਿਕਾਂ ਅਤੇ ਵੱਖ-ਵੱਖ ਵਰਗਾਂ ਵਲੋਂ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਸੀ। ਇਸ ਮਾਮਲੇ ’ਤੇ ਪ੍ਰਸਿੱਧ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਅਤੇ ਉਲੰਪੀਅਨ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਗਟ ਸਿੰਘ ਨੇ ਵੀ ਸੋਸ਼ਲ ਮੀਡੀਆ ਰਾਹੀਂ ਸਰਕਾਰ ਦੀ ਆਲੋਚਨਾ ਕੀਤੀ ਸੀ। ਇਸ ਤੋਂ ਇਲਾਵਾ ਸਰਕਾਰੀ ਕਾਲਜ ਰੂਪਨਗਰ ਦੀ ਓਲਡ ਸਟੂਡੈਂਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਮੈਦਾਨ ਨੂੰ ਪਹਿਲਾਂ ਵਾਲੀ ਸਥਿਤੀ ਵਿਚ ਬਹਾਲ ਕਰਨ ਅਤੇ ਭਵਿੱਖ ਵਿਚ ਅਜਿਹੇ ਸਮਾਗਮ ਖੇਡ ਮੈਦਾਨ ਵਿਚ ਨਾ ਕਰਵਾਉਣ ਦੀ ਮੰਗ ਕੀਤੀ ਸੀ। ਮੀਟਿੰਗ ਦੌਰਾਨ ਡਾ. ਅਕਸ਼ਿਤਾ ਗੁਪਤਾ ਨੇ ਕਿਹਾ ਕਿ ਧਾਰਮਿਕ ਸਮਾਗਮ ਦੀ ਸਮਾਪਤੀ ਤੋਂ ਬਾਅਦ ਸਰਕਾਰੀ ਕਾਲਜ ਦਾ ਖੇਡ ਮੈਦਾਨ ਪਹਿਲਾਂ ਨਾਲੋਂ ਵੀ ਬਿਹਤਰ ਹਾਲਤ ਵਿਚ ਵਿਕਸਤ ਅਤੇ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਬੰਧੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੈਦਾਨ ਦੀ ਸੰਭਾਲ, ਸੁਧਾਰ ਤੇ ਵਿਕਾਸ ਲਈ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਰਿਸ਼ ਕਾਰਨ ਮੈਦਾਨ ਵਿਚ ਖੜ੍ਹੇ ਪਾਣੀ ਦੀ ਤੁਰੰਤ ਨਿਕਾਸੀ ਕੀਤੀ ਜਾਵੇ ਤਾਂ ਜੋ ਬਹਾਲੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਅਥਲੈਟਿਕ ਟਰੈਕ ਦੀ ਮੁਰੰਮਤ ਕਰਕੇ ਉਸ ਨੂੰ ਮੁੜ ਵਰਤੋਂ ਯੋਗ ਬਣਾਇਆ ਜਾਵੇ ਅਤੇ ਉੱਚ ਗੁਣਵੱਤਾ ਵਾਲੀ ਘਾਹ ਲਗਾ ਕੇ ਮੈਦਾਨ ਨੂੰ ਦੁਬਾਰਾ ਖਿਡਾਰੀਆਂ ਲਈ ਤਿਆਰ ਕੀਤਾ ਜਾਵੇ। ਡਾ. ਗੁਪਤਾ ਨੇ ਕਿਹਾ ਕਿ ਬਰਸਾਤੀ ਮੌਸਮ ਤੋਂ ਬਾਅਦ ਮੈਦਾਨ ਵਿਚ ਵਰਖਾ ਦੇ ਪਾਣੀ ਦੀ ਰੀਚਾਰਜਿੰਗ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ, ਜਿਸ ਨਾਲ ਭੂ-ਜਲ ਸੰਭਾਲ ਦੇ ਨਾਲ-ਨਾਲ ਮੈਦਾਨ ਦੀ ਗੁਣਵੱਤਾ ਵਿਚ ਵੀ ਸੁਧਾਰ ਆਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਰਕਾਰੀ ਕਾਲਜ ਰੂਪਨਗਰ ਵਿਚ ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਦੀ ਉਸਾਰੀ ਲਈ ਵਿਸਥਾਰਪੂਰਵਕ ਐਸਟੀਮੇਟ ਤਿਆਰ ਕਰਕੇ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਕਾਰਜਕਾਰੀ ਇੰਜੀਨੀਅਰ (ਮਾਈਨਿੰਗ) ਸੰਦੀਪ ਮਾਂਗਟ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਪਨ ਕੁਮਾਰ, ਕਾਰਜ ਸਾਧਕ ਅਫ਼ਸਰ ਰੂਪਨਗਰ ਅਸ਼ੋਕ ਕੁਮਾਰ, ਸਰਕਾਰੀ ਕਾਲਜ ਰੂਪਨਗਰ ਤੋਂ ਪ੍ਰੋ. ਹਰਮਨਦੀਪ ਕੌਰ ਅਤੇ ਡਾ. ਧਰਮਿੰਦਰ ਸਿੰਘ, ਲੋਕ ਨਿਰਮਾਣ ਵਿਭਾਗ ਦੇ ਜੂਨੀਅਰ ਇੰਜੀਨੀਅਰ ਰਾਜ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ ਸਕਾਊਟ ਤੇ ਗਾਈਡ ਤ੍ਰਿਤਿਆ ਟੈਸਟਿੰਗ ਕੈਂਪ ਲਗਾਇਆ ਅਗਲੀ ਖ਼ਬਰ ਨੰਗਲ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।