ਕਾਹਨਪੁਰ ਖੂਹੀ, 31 ਜੁਲਾਈ (ਗੁਰਬੀਰ ਸਿੰਘ ਵਾਲੀਆ)- ਪੰਜਾਬ ਬੀ. ਸੀ. ਕਮਿਸ਼ਨ ਦੇ ਸਾਬਕਾ ਮੈਂਬਰ ਸੁਭਾਸ਼ ਚੌਧਰੀ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਏ.ਆਈ.ਸੀ.ਸੀ. ਸਕੱਤਰ ਰਵਿੰਦਰ ਦਲਵੀ ਅਤੇ ਏ .ਆਈ. ਸੀ. ਸੀ. ਡੀ. ਐਨ. ਟੀ. ਟਾਸਕ ਫੋਰਸ ਦੇ ਨੈਸ਼ਨਲ ਕੋਆਰਡੀਨੇਟਰ ਐਸ.ਪੀ. ਸਿੰਘ ਲੁਬਾਣਾ ਨਾਲ ਨਿੱਘੀ ਅਤੇ ਸਾਰਥਿਕ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ, ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਪਾਰਟੀ ਦੀ ਪਹੁੰਚ ਵਧਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਡੀ.ਐਨ.ਟੀ. (ਡਿਨੋਟੀਫਾਈਡ, ਨੋਮੈਡਿਕ ਅਤੇ ਸੈਮੀ-ਨੋਮੈਡਿਕ) ਭਾਈਚਾਰੇ ਦੇ ਹੱਕਾਂ ਦੀ ਰੱਖਿਆ, ਉਨ੍ਹਾਂ ਦੀ ਭਲਾਈ ਲਈ ਪ੍ਰਭਾਵਸ਼ਾਲੀ ਨੀਤੀਆਂ ਬਣਾਉਣ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ‘ਤੇ ਵੀ ਵਿਸ਼ੇਸ਼ ਚਰਚਾ ਹੋਈ। ਇਸ ਤੋਂ ਇਲਾਵਾ ਨੌਜਵਾਨਾਂ ਦੀ ਰਾਜਨੀਤੀ ਅਤੇ ਸਮਾਜ ਸੇਵਾ ਵਿਚ ਵਧ ਰਹੀ ਭੂਮਿਕਾ, ਉਨ੍ਹਾਂ ਨੂੰ ਪਾਰਟੀ ਨਾਲ ਜੋੜਨ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੰਗਠਨਾਤਮਕ ਰਣਨੀਤੀ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਸੁਭਾਸ਼ ਚੌਧਰੀ ਨੇ ਕਿਹਾ ਕਿ ਮਾਣਯੋਗ ਆਗੂਆਂ ਵਲੋਂ ਮਿਲੇ ਕੀਮਤੀ ਮਾਰਗ ਦਰਸ਼ਨ, ਵਿਸ਼ਵਾਸ ਅਤੇ ਹੌਸਲਾ-ਅਫ਼ਜ਼ਾਈ ਨੇ ਉਨ੍ਹਾਂ ਨੂੰ ਲੋਕ ਸੇਵਾ ਲਈ ਹੋਰ ਵਚਨਬੱਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿਤਾਂ ਦੀ ਪੱਖਦਾਰ ਰਹੀ ਹੈ ਅਤੇ ਸਮਾਜਿਕ ਨਿਆਂ, ਬਰਾਬਰੀ ਅਤੇ ਵਿਕਾਸ ਦੇ ਮੁੱਦਿਆਂ ਨੂੰ ਪਹਿਲ ਦੇਂਦੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ, ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ, ਸਮਾਜ ਦੇ ਪਿਛੜੇ ਅਤੇ ਵਾਂਝੇ ਵਰਗਾਂ ਨੂੰ ਇਨਸਾਫ਼ ਦਿਵਾਉਣ ਅਤੇ ਕਾਂਗਰਸ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਮੂਹ ਆਗੂਆਂ ਅਤੇ ਵਰਕਰਾਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਦਿਆਂ ਤਰੱਕੀ ਅਤੇ ਸਮਾਜਿਕ ਨਿਆਂ ਦੇ ਏਜੰਡੇ ਨੂੰ ਅੱਗੇ ਵਧਾਇਆ ਜਾਵੇਗਾ।