17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਹਿਰੂ ਸਟੇਡੀਅਮ ਰੂਪਨਗਰ ’ਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ, ਯਸ਼ਵੰਤ ਬੱਸੀ)- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੇਸ਼ ਭਗਤੀ ਤੇ ਉਤਸ਼ਾਹ ...

ਅਜੀਤ ਡੈਸਕ 17-08-2026

ਰੂਪਨਗਰ, 16 ਅਗਸਤ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ, ਯਸ਼ਵੰਤ ਬੱਸੀ)- ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ ਗਿਆ। ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ. ਸੀ. ਸੀ. ਅਤੇ ਸਕੂਲੀ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ 31,780 ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਜ਼ਿਲ੍ਹੇ ਵਿਚ 5 ਸਕੂਲ ਆਫ਼ ਐਮੀਨੈਂਸ ਅਤੇ 7 ਪੀ. ਐਮ. ਸ੍ਰੀ ਸਕੂਲ ਚੱਲ ਰਹੇ ਹਨ, ਜਦਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਲਈ 13.9 ਕਰੋੜ ਰੁਪਏ ਖ਼ਰਚੇ ਗਏ ਹਨ। ਸਿਵਲ ਹਸਪਤਾਲ ਰੂਪਨਗਰ ਵਿਖੇ 17 ਕਰੋੜ ਰੁਪਏ ਦੀ ਲਾਗਤ ਨਾਲ 50 ਬਿਸਤਰਿਆਂ ਵਾਲੇ ਕ੍ਰਿਟੀਕਲ ਕੇਅਰ ਬਲਾਕ ਦੀ ਉਸਾਰੀ ਜਾਰੀ ਹੈ। ਰੂਪਨਗਰ ਬੱਸ ਸਟੈਂਡ ਦਾ ਨਿਰਮਾਣ ਵੀ 26.73 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਿਹਾ ਹੈ। ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਨੂੰ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਸ਼ਖ਼ਸੀਅਤਾਂ ਤੇ ਸਮਾਜ ਸੇਵੀਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ , ਜ਼ਿਲ੍ਹਾ ਤੇ ਸੈਸ਼ਨ ਜੱਜ, ਵਧੀਕ ਡਿਪਟੀ ਕਮਿਸ਼ਨਰ, ਐੱਸ. ਪੀ., ਆਰ. ਟੀ. ਓ., ਐੱਸ. ਡੀ. ਐਮ., ਜ਼ਿਲ੍ਹਾ ਸਿੱਖਿਆ ਅਫ਼ਸਰ, ਸਿਵਲ ਸਰਜਨ, ਜ਼ਿਲ੍ਹਾ ਖੇਡ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ, ਨਗਰ ਕੌਂਸਲ ਦੇ ਪ੍ਰਧਾਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਰੋਟਰੀ ਕਲੱਬ ਰੂਪਨਗਰ ਨੇ ਆਜ਼ਾਦੀ ਦਿਹਾੜਾ ਮਨਾਇਆ ਰੂਪਨਗਰ -ਰੋਟਰੀ ਕਲੱਬ ਰੂਪਨਗਰ ਵਲੋਂ 80ਵਾਂ ਆਜ਼ਾਦੀ ਦਿਹਾੜਾ ਰੋਟਰੀ ਭਵਨ ਰੂਪਨਗਰ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਤਿਰੰਗਾ ਝੰਡਾ ਲਹਿਰਾਉਣ ਨਾਲ ਹੋਈ, ਉਪਰੰਤ ਰੋਟੇਰੀਅਨਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਕਲੱਬ ਦੇ ਪ੍ਰਧਾਨ ਰੋਟੇਰੀਅਨ ਗਗਨ ਸੈਣੀ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕਰਨ ਅਤੇ ਸਮਾਜ ਸੇਵਾ ਲਈ ਹੋਰ ਸਮਰਪਿਤ ਹੋਣ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਮੈਂਬਰਾਂ ਨੂੰ ਮਠਿਆਈ ਵੰਡੀ ਗਈ ਅਤੇ ਫੈਲੋਸ਼ਿਪ ਨਾਸ਼ਤੇ ਦਾ ਪ੍ਰਬੰਧ ਕੀਤਾ ਗਿਆ। ਸਮਾਗਮ ਵਿਚ ਰੋਟਰੀ ਡਿਸਟ੍ਰਿਕਟ 3080 ਦੇ ਸਾਬਕਾ ਗਵਰਨਰ ਡਾ. ਆਰ.ਐੱਸ. ਪਰਮਾਰ ਤੇ ਚੇਤਨ ਅਗਰਵਾਲ, ਮੌਜੂਦਾ ਸਹਾਇਕ ਗਵਰਨਰ ਡਾ. ਨਿਮਰਤਾ ਪਰਮਾਰ, ਸਾਬਕਾ ਪ੍ਰਧਾਨ ਐਡਵੋਕੇਟ ਡੀ.ਐੱਸ. ਦਿਉਲ, ਡਾ. ਜੇ.ਕੇ. ਸ਼ਰਮਾ, ਸੁਧੀਰ ਸ਼ਰਮਾ, ਕੁਲਵੰਤ ਸਿੰਘ, ਪਰਮਿੰਦਰ ਕੁਮਾਰ, ਡਾ. ਭਾਨੂ ਪਰਮਾਰ, ਰੋਟੇਰੀਅਨ ਸੁਰਜੀਤ ਸਿੰਘ ਸੰਧੂ, ਨਵਿੰਦਰ ਸਿੰਘ, ਪ੍ਰਦੀਪ ਸ਼ਰਮਾ, ਨਰਿੰਦਰ ਭੋਲਾ, ਅਮਰ ਰਾਜ ਸੈਣੀ, ਸਕੱਤਰ ਅਸ਼ੋਕ ਚੱਢਾ ਅਤੇ ਡਾ. ਅੰਕੁਰ ਵਾਹੀ ਸਮੇਤ ਹੋਰ ਰੋਟੇਰੀਅਨ ਹਾਜ਼ਰ ਸਨ। ਬਾਜਵਾ ਹੈਲਥ ਕਲੱਬ ਵਲੋਂ ਹੈੱਡ ਵਰਕਸ ਵਿਖੇ ਬਾਜਵਾ ਹੈਲਥ ਕਲੱਬ ਵਲੋਂ ਆਜ਼ਾਦੀ ਦਿਹਾੜਾ ਹੈੱਡ ਵਰਕਸ ਵਿਖੇ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੇ ਮੁੱਖ ਮਹਿਮਾਨ ਜਸਪਾਲ ਸਿੰਘ ਸੇਠੀ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਮਿਲ ਕੇ ਕੰਮ ਕਰਨ ਦਾ ਪ੍ਰਣ ਲਿਆ। ਕਲੱਬ ਦੇ ਮੈਂਬਰਾਂ ਵਲੋਂ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ ਗਏ। ਇਸ ਮੌਕੇ ਮੁੱਖ ਬੁਲਾਰੇ ਗੁਰਮੁਖ ਸਿੰਘ ਸੈਣੀ, ਸੁਖਵਿੰਦਰ ਸਿੰਘ ਪਟਵਾਰੀ, ਐਮ.ਸੀ. ਰੂਪਨਗਰ ਅਤੇ ਕਲੱਬ ਦੇ ਪ੍ਰਧਾਨ ਜਸਵਿੰਦਰ ਸਿੰਘ ਬਾਲਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਅਤੇ ਸਮਾਗਮ ਵਿਚ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ। ਸਟੇਜ ਦੀ ਸੇਵਾ ਦਵਿੰਦਰ ਸਿੰਘ ਖ਼ਾਲਸਾ ਵਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਕਲੱਬ ਦੇ ਮੈਂਬਰ ਸਤਿੰਦਰ ਸਿੰਘ ਚੌਧਰੀ, ਮੋਹਨ ਸਿੰਘ ਬਡਵਾਲ, ਸ਼ੀਤਲ ਪ੍ਰਸਾਦ, ਰਾਜੀਵ ਮਿੱਤਲ, ਮਨਜੀਤ ਸਿੰਘ, ਮਦਨ ਲਾਲ, ਮਨਿੰਦਰ ਪਾਲ ਸਿੰਘ ਬਖ਼ਸ਼ੀ, ਬਰਿੰਦਰ ਸਿੰਘ ਸੇਠੀ, ਨਰੇਸ਼ ਕੁਮਾਰ, ਕੇਸਰ ਸਿੰਘ ਆਦਿ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਬਾਜਵਾ ਹੈਲਥ ਕਲੱਬ ਵਲੋਂ ਸਮੂਹ ਹਾਜ਼ਰੀਨ ਲਈ ਚਾਹ-ਪਾਣੀ ਦੀ ਸੇਵਾ ਕੀਤੀ ਗਈ। ਏਂਜਲਸ ਵਰਲਡ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ ਮੋਰਿੰਡਾ, (ਤਰਲੋਚਨ ਸਿੰਘ ਕੰਗ)-ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੀਆਂ ਕਵਿਤਾਵਾਂ, ਭਾਸ਼ਣ, ਗੀਤ ਅਤੇ ਡਾਂਸ ਪੇਸ਼ ਕੀਤਾ ਗਿਆ। ਕਿੰਡਰਗਾਰਟਨ ਦੇ ਛੋਟੇ ਵਿਦਿਆਰਥੀ ਸੁਤੰਤਰਤਾ ਸੈਨਾਨੀ ਦੇ ਰੂਪ ਵਿਚ ਸਜ-ਧਜ ਕੇ ਸਕੂਲ ਆਏ। ਇਸ ਮੌਕੇ ਸਕੂਲ ਨਿਰਦੇਸ਼ਕ ਯੂ.ਐੱਸ. ਢਿੱਲੋਂ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਆਜ਼ਾਦੀ ਸਿਰਫ਼ ਇੱਕ ਅਧਿਕਾਰ ਨਹੀਂ, ਬਲਕਿ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। (ਬਾਕੀ ਸਫ਼ਾ 7 ’ ਤੇ) ਸਫ਼ਾ 5 ਦੀ ਬਾਕੀ ਰੂਪਨਗਰ, (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਰੋਪੜ ਸਰਕਲ ਵੱਲੋਂ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਗਦੀਸ਼ ਚੰਦਰ ਕਾਜਲਾ ਨੇ ਤਿਰੰਗਾ ਲਹਿਰਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਜਗਦੀਸ਼ ਚੰਦਰ ਕਾਜਲਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਤੀਜਾ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਤਰੱਕੀ ਲਈ ਯੋਗਦਾਨ ਪਾਉਣਾ ਹਰੇਕ ਨਾਗਰਿਕ ਦਾ ਫਰਜ਼ ਹੈ। ਸਮਾਗਮ ਦੌਰਾਨ ਗਾਇਕ ਰਾਜ ਕੁਮਾਰ ਰਾਜੂ, ਕੇਹਰ ਸਿੰਘ, ਸ਼ਿਵ ਕੱਕੜ, ਚੇਤਨਾ ਵਰਮਾ ਅਤੇ ਪਰਵੀਨ ਪਿੰਨਾ ਵੱਲੋਂ ਦੇਸ਼ਭਗਤੀ ਦੇ ਗੀਤ ਪੇਸ਼ ਕੀਤੇ ਗਏ। ਕੇਹਰ ਸਿੰਘ ਘੋੜੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਗੀਤ ਪੇਸ਼ ਕੀਤਾ ਗਿਆ। ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਵੱਲੋਂ ਕਲਾਕਾਰਾਂ ਦਾ ਸਨਮਾਨ ਵੀ ਕੀਤਾ ਗਿਆ। ਤਿਰੰਗਾ ਲਹਿਰਾਉਣ ਉਪਰੰਤ ਹਾਜ਼ਰੀਨ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਕੌਂਸਲਰ ਹਰਮਿੰਦਰ ਪਾਲ ਸਿੰਘ ਅਹਲੂਵਾਲੀਆ, ਕੌਂਸਲਰ ਕਰਮਜੀਤ, ਐਮ.ਸੀ. ਜਸਬੀਰ ਕੌਰ, ਹਿੰਮਤ ਸਿੰਘ, ਰਾਜਿੰਦਰ ਕੱਕੜ, ਅਮਰਪ੍ਰੀਤ ਸਿੰਘ ਨੰਨਾ, ਧਰਮਿੰਦਰ ਕੁਮਾਰ, ਟੋਨੀ ਵਰਮਾ, ਸਤਿੰਦਰ ਨਾਗੀ, ਜਤਿੰਦਰ ਕੌਰ, ਮੋਨੂੰ ਵਰਮਾ, ਵਿਜੇ ਕੱਕੜ, ਜੋਤੀ ਨਾਗੀ, ਕਮਲਜੀਤ ਸਿੰਘ, ਰਾਕੇਸ਼ ਸਹਿਗਲ, ਅਨਿਲ ਕੁਮਾਰ ਸਿੰਘ ਤੇ ਹੋਰ ਹਾਜ਼ਰ ਸਨ। ਲਾਇਨਜ਼ ਕਲੱਬ ਨੇ ਆਜ਼ਾਦੀ ਦਿਹਾੜਾ ਰੂਪਨਗਰ, (ਸਤਨਾਮ ਸਿੰਘ ਸੱਤੀ)- ਲਾਇਨਜ਼ ਕਲੱਬ ਰੂਪਨਗਰ ਵਲੋਂ ਲਾਇਨਜ਼ ਭਵਨ ਰੂਪਨਗਰ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਧੀਰਜ ਗੋਇਲ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕਲੱਬ ਦੇ ਸਕੱਤਰ ਸੰਜੀਵ ਸੂਦ, ਕੈਸ਼ੀਅਰ ਰਜੇਸ਼ ਵਾਸੂਦੇਵਾ, ਰਜਨੀਸ਼ ਚੋਪੜਾ, ਚੇਅਰਮੈਨ ਸਤੀਸ਼ ਜਗੋਤਾ, ਸੁਰਜੀਤ ਕੁਮਾਰ, ਰਜੇਸ਼ ਵਰਮਾ, ਅਸ਼ਵਨੀ ਕੁਮਾਰ ਸ਼ਰਮਾ, ਲਲਿਤ ਨਾਗੀ, ਮਨੋਜ ਦੂਆ, ਸਰਬਜੀਤ ਸਿੰਘ ਮਾਵੀ, ਵਿਜੇ ਸ਼ਰਮਾ, ਨਕਸ਼ ਗੋਇਲ ਸਮੇਤ ਕਲੱਬ ਦੇ ਹੋਰ ਲਾਇਨਜ਼ ਮੈਂਬਰ ਹਾਜ਼ਰ ਸਨ। ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਮੋਰਿੰਡਾ, (ਤਰਲੋਚਨ ਸਿੰਘ ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਯੋਗਤਾ ਰਾਵਲ ਨੇ ਦੱਸਿਆ ਕਿ ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਚਲਾਕੀ, ਬਲਦੀਪ ਸਿੰਘ ਸੰਗਤਪੁਰ ਤੇ ਜੀਵਨ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਵਲੋਂ ਪਰੇਡ ਕਰਦੇ ਹੋਏ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਵਿਦਿਆਰਥੀਆਂ ਵਲੋਂ ਡੰਬਲ, ਲੇਜ਼ੀਅਮ ਤੇ ਸਕੇਟਸ ਦੇ ਵੱਖ-ਵੱਖ ਕਰਤਬ ਦਿਖਾਏ ਗਏ। ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰਵਨੀਤ ਕੌਰ ਅਤੇ ਪਵਨਦੀਪ ਕੌਰ ਵਲੋਂ ਸੁਤੰਤਰਤਾ ਦਿਵਸ ਸਬੰਧੀ ਭਾਸ਼ਣ ਦਿੱਤਾ ਗਿਆ। ਫਿਰ ਛੋਟੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਕਵਿਤਾਵਾਂ ਸਕੂਲ ਅਤੇ ਗਿੱਧਾ ਪੇਸ਼ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਵੈੱਲਫੇਅਰ ਕਮੇਟੀ ਦੇ ਮੈਂਬਰਾਂ ਵਲੋਂ ਨੈਤਿਕ ਕਦਰਾਂ ਕੀਮਤਾਂ ਸਬੰਧੀ ਇੱਕ ਸਕਿੱਟ ਵੀ ਪੇਸ਼ ਕੀਤੀ ਗਈ। ਸਟੇਜ ਦਾ ਸੰਚਾਲਨ ਵਿਦਿਆਰਥੀ ਪਰਮਿੰਦਰ ਸਿੰਘ ਤੇ ਪੁਸ਼ਪਿੰਦਰ ਸਿੰਘ ਵਲੋਂ ਮੈਡਮ ਪੂਨਮ ਵਰਮਾ ਤੇ ਮੈਡਮ ਦਲਜੀਤ ਕੌਰ ਦੇ ਨਾਲ ਕੀਤਾ ਗਿਆ। ਇਸ ਮੌਸੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਚਲਾਕੀ ਨੇ ਸੁਤੰਤਰਤਾ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਐੱਸ. ਏ. ਐੱਸ. ਨਗਰ, 16 ਅਗਸਤ (ਪ੍ਰੋ. ਅਵਤਾਰ ਸਿੰਘ)- ਜ਼ਿਲ੍ਹਾ ਮੁਹਾਲੀ ਅੰਦਰ ਵੱਖ-ਵੱਖ ਥਾਈਂ 80ਵਾਂ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਲੜੀ ਤਹਿਤ ਸਥਾਨਕ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ ਜੇਤੂ) ਸਰਕਾਰੀ ਕਾਲਜ ਮੁਹਾਲੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਅਤੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਅਤੇ ਦੇਸ਼-ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆ ਦਿੱਤੀਆਂ ਹਨ, ਲਿਹਾਜ਼ਾ ਸ਼ਹੀਦਾਂ ਦੇ ਸੁਪਨਿਆਂ ਅਨੁਸਾਰ ਸਮਾਜ ਦੀ ਸਿਰਜਣਾ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਵਾਲਾ ਖੁਸ਼ਹਾਲ ਅਤੇ ਰੰਗਲਾ ਪੰਜਾਬ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕ ਪੱਖੀ ਫ਼ੈਸਲਿਆਂ ਅਤੇ ਵਿਕਾਸਮੁਖੀ ਪਹਿਲਕਦਮੀਆਂ ਰਾਹੀਂ ਅਜਿਹਾ ਪੰਜਾਬ ਸਿਰਜਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਥੇ ਕਿ ਹਰ ਵਰਗ ਨੂੰ ਬਿਹਤਰ ਸਹੂਲਤਾਂ ਅਤੇ ਵਿਕਾਸ ਦੇ ਬਰਾਬਰ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਵੀ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ , ਜਿਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਦੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਸਰਕਾਰ ਦੀ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮਾਂ ਤਹਿਤ ਸੂਬੇ ਨੂੰ ਨਸ਼ਾ ਤੇ ਗੈਂਗਸਟਰਵਾਦ ਮੁਕਤ ਬਣਾਉਣ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸੜਕ ਸੁਰੱਖਿਆ ਫੋਰਸ ਵਲੋਂ ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਲਈ ਨਿਭਾਈ ਜਾ ਰਹੀ ਅਹਿਮ ਭੂਮਿਕਾ ਦਾ ਵੀ ਜ਼ਿਕਰ ਕੀਤਾ। ਸਮਾਗਮ ਦੌਰਾਨ ਡੀ. ਐੱਸ. ਪੀ. ਇਸ਼ਾਨ ਸਿੰਗਲਾ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਪਰੇਡ ‘ਚ ਪੁਲਿਸ ਦੀਆਂ ਪੁਰਸ਼ ਅਤੇ ਮਹਿਲਾ ਟੁਕੜੀਆਂ ਤੋਂ ਇਲਾਵਾ ਸਰਕਾਰੀ ਕਾਲਜ ਮੁਹਾਲੀ ਸਮੇਤ ਵੱਖ-ਵੱਖ ਸਕੂਲਾਂ ਦੇ ਐਨ. ਸੀ. ਸੀ. ਕੈਡਿਟਾਂ ਨੇ ਵੀ ਭਾਗ ਲਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਦਕਿ ਵੱਖ-ਵੱਖ ਵਿਭਾਗਾਂ ਵਲੋਂ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਵੱਖ-ਵੱਖ ਖੇਤਰਾਂ ‘ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਉਚੇਚ ਤੌਰ ‘ਤੇ ਸਨਮਾਨਿਤ ਕੀਤਾ ਗਿਆ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਵੀ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਾਲਜ ਦੇ ਅੰਦਰ ਬਣੀ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ ਜੇਤੂ) ਦੀ ਯਾਦਗਾਰ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਇਸ ਮੌਕੇ ਆਨਰੇਰੀ ਕੈਪਟਨ ਹਰਮਿੰਦਰ ਸਿੰਘ (ਸ਼ੌਰਿਆ ਚੱਕਰ ਜੇਤੂ) (ਪਿੰਡ ਬਡਾਲਾ), ਸੂਬੇਦਾਰ ਸੁਰਿੰਦਰ ਸਿੰਘ (ਪਿੰਡ ਨਗਲੀਆਂ), ਹੌਲਦਾਰ ਸਰਬਜੀਤ ਸਿੰਘ (ਪਿੰਡ ਬਲਟਾਣਾ), ਹੌਲਦਾਰ ਕਸ਼ਮੀਰੀ ਲਾਲ (ਪਿੰਡ ਬੜ੍ਹਮਾਜਰਾ) ਅਤੇ ਲਾਂਸ ਨਾਇਕ ਗਗਨਦੀਪ ਸਿੰਘ (ਲਾਲੜੂ) ਆਦਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਇਕੋ-ਇਕ ਜਿਊਂਦੇ ਆਜ਼ਾਦੀ ਘੁਲਾਟੀਏ ਗੁਰਦੀਪ ਸਿੰਘ, ਜੋ ਕਿ ਸਿਹਤ ਕਾਰਨਾਂ ਕਰਕੇ ਸਮਾਗਮ ‘ਚ ਸ਼ਾਮਿਲ ਨਹੀਂ ਹੋ ਸਕੇ, ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲੋੜਵੰਦ ਮਹਿਲਾਵਾਂ ਨੂੰ 10 ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ। ਸਮਾਗਮ ‘ਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਮਾਤਾ ਸੁਰਿੰਦਰ ਕੌਰ ਅਤੇ ਪਤਨੀ ਸੁਹਿੰਦਰ ਕੌਰ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸਿਮਰਨਦੀਪ ਸਿੰਘ, ਮੇਅਰ ਸਰਬਜੀਤ ਸਿੰਘ ਸਮਾਣਾ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮੇਘਾ ਧਾਲੀਵਾਲ, ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਏ. ਡੀ. ਸੀ. ਸੋਨਮ ਚੌਧਰੀ, ਏ. ਡੀ. ਸੀ. ਗੀਤਿਕਾ ਸਿੰਘ, ਏ. ਡੀ. ਸੀ. ਅਨਮੋਲ ਸਿੰਘ ਧਾਲੀਵਾਲ, ਐੱਸ. ਪੀ. ਸਿਟੀ ਦਿਲਪ੍ਰੀਤ ਸਿੰਘ, ਐੱਸ. ਪੀ. ਹੈੱਡਕੁਆਰਟਰ ਮੋਹਿਤ ਅਗਰਵਾਲ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਸਿੰਘ ਆਹਲੂਵਾਲੀਆ, ਉਪ ਚੇਅਰਮੈਨ ਸੁਭਾਸ਼ ਸ਼ਰਮਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸੇ ਤਰ੍ਹਾਂ ਜ਼ਿਲ੍ਹਾ ਕੋਰਟ ਕੰਪਲੈਕਸ ਮੁਹਾਲੀ ਵਿਖੇ ਵੀ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੁਲ ਕਸਾਨਾ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਸਮੁੱਚੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਜ਼ਾਦੀ ਸੰਗਰਾਮ ਦੌਰਾਨ ਜੀਵਨ ਦਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਵੀ ਯਾਦ ਕੀਤਾ। ਸਮਾਗਮ ਦੌਰਾਨ ਸਰਕਾਰੀ ਹਾਈ ਸਕੂਲ ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਅਤੇ ਰਾਸ਼ਟਰ ਗਾਇਨ ਪੇਸ਼ ਕੀਤਾ ਗਿਆ, ਜਿਸ ਨਾਲ ਸਮਾਗਮ ‘ਚ ਦੇਸ਼-ਭਗਤੀ ਦਾ ਮਾਹੌਲ ਹੋਰ ਗਹਿਰਾ ਹੋ ਗਿਆ। ਅੰਤ ‘ਚ ਉਨ੍ਹਾਂ ਨੇ ਸਮਾਗਮ ‘ਚ ਸ਼ਾਮਿਲ ਸਾਰੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਰਗਰਮ ਸਹਿਯੋਗ, ਅਨੁਸ਼ਾਸਨ ਅਤੇ ਸਮਰਪਣ ਲਈ ਧੰਨਵਾਦ ਕੀਤਾ। ਇਸੇ ਤਰ੍ਹਾਂ ਡਾ. ਅੰਬੇਡਕਰ ਵੈੱਲਫੇਅਰ ਮਿਸ਼ਨ ਪੰਜਾਬ ਵਲੋਂ ਆਜ਼ਾਦੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਜਸਟਿਸ ਦਰਸ਼ਨ ਸਿੰਘ ਮਲਵਈ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾ-ਮੁਕਤ) ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਹਾਜ਼ਰ ਪਤਵੰਤੇ ਨਾਗਰਿਕਾਂ, ਬੁੱਧੀਜੀਵੀਆਂ ਅਤੇ ਬੱਚਿਆਂ ਨੇ ਰਾਸ਼ਟਰੀ ਗਾਇਨ ਗਾ ਕੇ ਦੇਸ਼ ਦੇ ਸ਼ਹੀਦਾਂ ਨੂੰ ਨਮਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ‘ਚ ਜਸਟਿਸ ਦਰਸ਼ਨ ਸਿੰਘ ਮਲਵਈ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਪਰਵਾਨਿਆਂ ਅਤੇ ਡਾ. ਬੀ. ਆਰ. ਅੰਬੇਡਕਰ ਦੇ ਸੰਵਿਧਾਨਕ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਗਿਆਨੀ ਬਲਦੇਵ ਸਿੰਘ ਨਾਗਵੰਸ਼ੀ ਦੀ ਨਵੀਂ ਪੁਸਤਕ ‘ਧੁਰ ਕੀ ਬਾਣੀ ਆਈ’ ਨੂੰ ਵੀ ਮੁੱਖ ਮਹਿਮਾਨ ਅਤੇ ਮਿਸ਼ਨ ਦੇ ਅਹੁਦੇਦਾਰਾਂ ਵਲੋਂ ਲੋਕ-ਅਰਪਣ ਕੀਤਾ ਗਿਆ। ਇਸ ਮੌਕੇ ਡਾ. ਹਰਨੇਕ ਸਿੰਘ ਕਲੇਰ ਅਤੇ ਫ਼ਤਿਹ ਜੰਗ ਸਿੰਘ ਨੇ ਕਿਤਾਬ ਬਾਰੇ ਪਰਚੇ ਪੜ੍ਹੇ, ਜਦਕਿ ਹੋਰਨਾਂ ਸ਼ਖ਼ਸੀਅਤਾਂ ਨੇ ਗਿਆਨੀ ਬਲਦੇਵ ਸਿੰਘ ਨਾਗਵੰਸ਼ੀ ਦੇ ਇਸ ਸਾਹਿਤਕ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਵਧਾਈ ਵੀ ਦਿੱਤੀ। ਅੰਤ ‘ਚ ਮਿਸ਼ਨ ਦੇ ਸਰਪ੍ਰਸਤ ਕੁਲਵੰਤ ਸਿੰਘ ਸੰਧੂ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਸਿਕੰਦਰ ਸਿੰਘ ਧਮੋਟ, ਜਨਰਲ ਸਕੱਤਰ ਬਲਬੀਰ ਸਿੰਘ, ਕਾਨੂੰਨੀ ਸਲਾਹਕਾਰ ਜ਼ੈਲ ਚੰਦ ਮਾਹੇ, ਫਾਈਨਾਂਸ ਸੈਕਟਰੀ ਹਰੀ ਰਾਮ, ਮੰਗਤ ਰਾਮ ਕਨਸੋਟੀਆ, ਪ੍ਰੋ. ਲਖਵਿੰਦਰ ਕੌਰ ਸੇਵਾ-ਮੁਕਤ ਪ੍ਰਿੰਸੀਪਲ, ਜਸਟਿਸ ਆਕਾਸ਼ਦੀਪ ਸਿੰਘ ਮਲਵਈ, ਜਸਟਿਸ ਅਰਪਨਾ ਤੇ ਦਵਿੰਦਰ ਸਿੰਘ ਧਮੋਟ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸੇ ਤਰ੍ਹਾਂ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ‘ਚ ਮੇਜਰ ਜਨਰਲ ਅਜੇ ਸੂਦ (ਸੇਵਾ-ਮੁਕਤ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਦੇ ਮੈਨਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਦੇਸ਼ ਦੇ ਭਵਿੱਖ ਨੂੰ ਘੜਨ ‘ਚ ਉਨ੍ਹਾਂ ਦੀ ਭੂਮਿਕਾ ਨੂੰ ਪਛਾਣਨ ਲਈ ਪ੍ਰੇਰਿਤ ਕੀਤਾ, ਜਦਕਿ ਯੂਨੀਵਰਸਿਟੀ ਦੇ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਗਿਆਨ ਪ੍ਰਾਪਤ ਕਰਨ, ਇਮਾਨਦਾਰੀ ਬਣਾਈ ਰੱਖਣ, ਨਵੀਨਤਾ ਦੀ ਭਾਵਨਾ ਪੈਦਾ ਕਰਨ ਅਤੇ ‘ਵਿਕਸਿਤ ਭਾਰਤ’ ਦੇ ਸੁਪਨੇ ‘ਚ ਸਾਕਾਰ ਕਰਨ ‘ਚ ਸਾਰਥਕ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਇਸ ਗੱਲ ਦੀ ਯਾਦ ਦਿਵਾਉਂਦਾ ਹੈ ਕਿ ਆਜ਼ਾਦੀ ਸਿਰਫ਼ ਇਕ ਇਤਿਹਾਸਕ ਪ੍ਰਾਪਤੀ ਨਹੀਂ ਹੈ, ਸਗੋਂ ਇਹ ਇਕ ਨਿਰੰਤਰ ਜ਼ਿੰਮੇਵਾਰੀ ਹੈ, ਜੋ ਕਿ ਹਰ ਨਾਗਰਿਕ ਖਾਸ ਕਰਕੇ ਨੌਜਵਾਨਾਂ ਨੂੰ ਮੌਕਿਆਂ ਨੂੰ ਤਰੱਕੀ ‘ਚ ਬਦਲਣ ਲਈ ਪ੍ਰੇਰਿਤ ਕਰਦੀ ਹੈ। ਸਮਾਗਮ ਦੀ ਸਮਾਪਤੀ ਦੇਸ਼ ਭਗਤੀ ਦੇ ਜੋਸ਼ ਨਾਲ ਹੋਈ, ਜਿਸ ਨਾਲ ਯੂਨੀਵਰਸਿਟੀ ਭਾਈਚਾਰੇ ਨੂੰ ਆਜ਼ਾਦੀ, ਏਕਤਾ ਤੇ ਸੇਵਾ ਦੀਆਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਲਈ ਨਵੀਂ ਪ੍ਰੇਰਨਾ ਮਿਲੀ। ਇਸੇ ਲੜੀ ਤਹਿਤ ਤਹਿਤ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਮੁੱਚੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਤੀਜਾ ਹੈ। ਇਸ ਮੌਕੇ ਗਰੁੱਪ ਦੇ ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਹਰਾ ਅਤੇ ਵਾਈਸ ਪ੍ਰੈਜ਼ੀਡੈਂਟ ਜੈਸਿਕਾ ਦੁੱਗਲ ਬਾਹਰਾ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਇਸ ਤੋਂ ਬਾਅਦ ਰਿਆਤ-ਬਾਹਰਾ ਗਰੁੱਪ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ। ਸਮਾਰੋਹ ਦੌਰਾਨ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਫੈਕਲਟੀ ਮੈਂਬਰਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਕਈ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਤੇ ਹਾਜ਼ਰੀਨਾਂ ‘ਚ ਮਠਿਆਈ ਵੀ ਵੰਡੀ ਗਈ। ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਸੀ। ਸਮਾਗਮ ਦੀ ਸਮਾਪਤੀ ਦੇਸ਼ ਦੀ ਏਕਤਾ, ਅਖੰਡਤਾ ਤੇ ਖੁਸ਼ਹਾਲੀ ਲਈ ਸ਼ੁਭਕਾਮਨਾਵਾਂ ਨਾਲ ਹੋਈ। ਸਰਕਾਰੀ ਬਹੁ - ਤਕਨੀਕੀ ਕਾਲਜ ਖੂਨੀਮਾਜਰਾ ਖਰੜ, (ਗੁਰਮੁੱਖ ਸਿੰਘ ਮਾਨ)- ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ ਵਿਖੇ 80ਵਾਂ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੀ ਪ੍ਰਿੰ. ਰਕਸ਼ਾ ਕਿਰਨ ਨੇ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਦੀ ਹਾਜ਼ਰੀ ‘ਚ ਕੌਮੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਿੰ. ਰਕਸ਼ਾ ਕਿਰਨ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸਾਨੂੰ ਅਨੇਕਾਂ ਦੇਸ਼-ਭਗਤਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ, ਲਿਹਾਜ਼ਾ ਇਸ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਕਵਿਤਾ ਮੌਂਗਾ, ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ, ਸੰਦੀਪ ਬਜਾਜ, ਕੁਲਦੀਪ ਰਾਏ, ਅੰਸ਼ੂ ਸ਼ਰਮਾ, ਪੂਰਨੀਮਾ ਤੇ ਪ੍ਰੋ. ਰਮਨ ਕੁਮਾਰ ਸਮੇਤ ਕਾਲਜ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਸ਼ਹੀਦ ਨਰਪਿੰਦਰ ਸਿੰਘ ਪ੍ਰਿੰਸ ਦੀ ਸਮਾਰਕ ’ ਤੇ ਕੌਮੀ ਝੰਡਾ ਲਹਿਰਾਇਆ ਖਰੜ, 16 ਅਗਸਤ (ਗੁਰਮੁੱਖ ਸਿੰਘ ਮਾਨ)- ਖਰੜ ਨੇੜਲੇ ਪਿੰਡ ਤੋਲੇਮਾਜਰਾ ਵਿਖੇ ਸ਼ਹੀਦ ਨਰਪਿੰਦਰ ਸਿੰਘ ਪ੍ਰਿੰਸ ਦੀ ਯਾਦ ‘ਚ ਸਥਾਪਿਤ ਸਮਾਰਕ ‘ਤੇ ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਸ਼ਹੀਦ ਨਰਪਿੰਦਰ ਸਿੰਘ ਪ੍ਰਿੰਸ ਸਮੇਤ ਦੇਸ਼ ਦੀ ਆਜ਼ਾਦੀ ਅਤੇ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਸਾਨੂੰ ਸੂਰਬੀਰ ਯੋਧਿਆਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੀਏ ਅਤੇ ਉਨ੍ਹਾਂ ਦੀ ਸੋਚ ਤੇ ਕੁਰਬਾਨੀ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਈਏ। ਇਸ ਮੌਕੇ ਆਦੇਸ਼ ਮਠੋਡਾ ਅਤੇ ਗਗਨਦੀਪ ਸਿੰਘ ਤੋਲੇਮਾਜਰਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਨਗਰ ਕੌਂਸਲ ਖਰੜ ਸਮੇਤ ਹੋਰ ਵੱਖ - ਵੱਖ ਸੰਸਥਾਵਾਂ ਵਲੋਂ ਖਰੜ, (ਜੰਡਪੁਰੀ)- ਨਗਰ ਕੌਂਸਲ ਖਰੜ ਸਮੇਤ ਹੋਰ ਵੱਖ-ਵੱਖ ਸੰਸਥਾਵਾਂ ਵਲੋਂ ਖਰੜ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਨਗਰ ਕੌਂਸਲ ਖਰੜ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪੱਥਰੀਆਂ ਵਲੋਂ ਨਿਭਾਈ ਗਈ, ਉਪਰੰਤ ਪੁਲਿਸ ਟੁਕੜੀ ਵਲੋਂ ਕੌਮੀ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਸਰਕਾਰੀ ਮਾਡਲ ਸਕੂਲ ਦੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਪੱਥਰੀਆਂ ਨੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਪੈਰਾਂ ‘ਚੋਂ ਗੁਲਾਮੀ ਦੀਆਂ ਜੰਜ਼ੀਰਾਂ ਤੋੜਨ ਵਾਸਤੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਤੇ ਹੋਰਨਾਂ ਸੂਰਮਿਆਂ ਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ, ਜਿਸ ਕਾਰਨ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਲਿਹਾਜ਼ਾ ਸਾਨੂੰ ਆਪਣੇ ਸੂਰਮਿਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਮਿਊਂਸੀਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਿਤ ਕੁਮਾਰ ਮਨੂ ਵਲੋਂ ਵੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਰਘਬੀਰ ਸਿੰਘ ਮੋਦੀ ਚੇਅਰਮੈਨ ਬਲਾਕ ਸੰਮਤੀ, ਐਕਸਨ ਬੈਂਸ ਤੇ ਜੇ. ਈ. ਦੀਪਕ ਕੁਮਾਰ ਸਮੇਤ ਨਗਰ ਕੌਂਸਲ ਦੇ ਹੋਰਨਾਂ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਤਰ੍ਹਾਂ ਏ. ਪੀ. ਜੇ. ਪਬਲਿਕ ਸਕੂਲ ਵਿਖੇ ਵੀ ਆਜ਼ਾਦੀ ਦਿਹਾੜਾ ਉਤਸ਼ਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਦੇਸ਼-ਭਗਤੀ ‘ਤੇ ਆਧਾਰਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ, ਜਦਕਿ ਸਕੂਲ ਪ੍ਰਿੰ. ਜਸਬੀਰ ਚੰਦਰ ਵਲੋਂ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਇਸੇ ਤਰ੍ਹਾਂ ਮੈਕਸੀਮ ਮੈਰੀ ਸਕੂਲ ਵਲੋਂ ਵੀ ਆਜ਼ਾਦੀ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰ. ਪੂਜਾ ਖੋਸਲਾ ਤੇ ਬਲਜੀਤ ਕੌਰ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਦੇਸ਼-ਭਗਤੀ ਦੇ ਗੀਤ ਗਾਏ ਗਏ। ਇਸੇ ਲੜੀ ਤਹਿਤ ਭਾਰਤੀ ਕਲੀਨਿਕ ਖਰੜ ਵਲੋਂ ਵੀ ਆਜ਼ਾਦੀ ਦਿਵਸ ਮਨਾਇਆ ਗਿਆ, ਜਿਥੇ ਕਿ ਫ਼ਿਲਮੀ ਅਦਾਕਾਰ ਅਤੇ ਸਵ. ਗਾਇਕ ਰਾਜ ਬਰਾੜ ਦੀ ਪਤਨੀ ਇੰਦੂ ਬਰਾੜ, ਸਵ. ਗਾਇਕ ਮਨਿੰਦਰ ਮੰਗਾ ਦੀ ਪਤਨੀ ਪਰਮਜੀਤ ਕੌਰ ਅਤੇ ਉੱਘੀ ਸਮਾਜ ਸੇਵਿਕਾ ਹਰਦੀਪ ਕੌਰ ਹੁੰਦਲ, ਕੋਰੀਓਗ੍ਰਾਫ਼ਰ ਕਲਾਕਾਰ ਹੇਮਾ, ਫ਼ਿਲਮੀ ਅਦਾਕਾਰ ਦੀਪ ਗਿੱਲ, ਅਸ਼ਮੀਨ ਅਰੋੜਾ ਕੋਰੀਓਗ੍ਰਾਫ਼ਰ ਤੇ ਸਮਾਜ ਸੇਵੀ ਪ੍ਰਵੇਸ਼ ਭਾਰਤੀ ਸਮੇਤ ਹੋਰ ਕਈ ਪ੍ਰਸਿੱਧ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਇਪਿੰਦਰ ਭਾਰਤੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ। ਇਸੇ ਤਰ੍ਹਾਂ ਐਨੀਜ ਸਕੂਲ ਸ਼ਿਵਜੋਤ ਖਰੜ ਵਲੋਂ ਵੀ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸੇ ਮੌਕੇ ਜਿਥੇ ਸਕੂਲੀ ਬੱਚਿਆਂ ਵਲੋਂ ਦੇਸ਼-ਭਗਤੀ ‘ਤੇ ਆਧਾਰਿਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉਥੇ ਹੀ ਦੇਸ਼-ਭਗਤੀ ਦੇ ਗੀਤ ਵੀ ਗਾਏ ਗਏ। ਇਸੇ ਦੌਰਾਨ ਸਕੂਲ ਦੇ ਡਾਇਰੈਕਟਰ ਅਦਿੱਤੀ ਗੋਇਲ ਅਤੇ ਪ੍ਰਿੰ. ਨਿਰੰਜਨਾ ਚੈਟਰਜੀ ਵਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਡੇਰਾਬੱਸੀ ਵਿਖੇ ਆਜ਼ਾਦੀ ਦਿਹਾੜਾ ਡੇਰਾਬੱਸੀ, (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਕਾਲਜ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐੱਸ. ਡੀ. ਐੱਮ. ਅਮਿਤ ਗੁਪਤਾ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਮਾਰਚ ਪਾਸਟ ਤੋਂ ਸਲਾਮੀ ਲਈ। ਸਮਾਗਮ ‘ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਤਹਿਸੀਲਦਾਰ ਬੀਰਕਰਨ ਸਿੰਘ, ਐੱਸ. ਪੀ. ਬਿਕਰਮਜੀਤ ਸਿੰਘ ਬਰਾੜ, ਥਾਣਾ ਮੁਖੀ ਸੁਮੀਤ ਮੋਰ, ਐੱਸ. ਐੱਮ. ਓ. ਡਾ. ਧਰਮਿੰਦਰ ਸਿੰਘ ਅਤੇ ਈ. ਓ .ਰਵਨੀਤ ਸਿੰਘ ਸਮੇਤ ਕਈ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਐੱਸ. ਡੀ. ਐੱਮ. ਅਮਿਤ ਗੁਪਤਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬੀ ਸੂਰਬੀਰਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਅਤੇ ਜਲ੍ਹਿਆਂਵਾਲਾ ਬਾਗ਼ ਸੰਬੰਧੀ ਨਾਟਕ ਪੇਸ਼ ਕੀਤਾ। ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਅਤੇ ਸੀਨੀਅਰ ਉਪ ਪ੍ਰਧਾਨ ਦਵਿੰਦਰ ਸੈਣੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਸਮਾਗਮ ਦੇ ਅੰਤ ‘ਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। 

ਪਿਛਲੀ ਖ਼ਬਰ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਸਰਕਾਰੀ ਅੱਤਿਆਚਾਰ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਨਿਊ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਢਿੱਲੋਂ ਤੇ ਰਾਣਾ ਗਿੱਲ ਦੀ ਹਾਜ਼ਰੀ ’ਚ ਵੱਡੀ ਗਿਣਤੀ ਨੌਜਵਾਨ ਭਾਜਪਾ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।