ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਖ਼ਾਲਸਾ ਕਾਲਜ ਪਹੁੰਚਣ ’ਤੇ ਫੁੱਲਾਂ ਨਾਲ ਕੀਤਾ ਭਰਵਾਂ ਸਵਾਗਤ
ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸਜਾਏ ਗਏ ਖ਼ਾਲਸਾ ਮਾਰਚ ਦਾ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਪੁੱਜਣ ਤੇ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਫੁੱਲਾਂ ਨਾਲ ਭਰਵਾਂ ਸਵਾਗਤ ਕੀਤਾ ਗਿਆ।
ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸਜਾਏ ਗਏ ਖ਼ਾਲਸਾ ਮਾਰਚ ਦਾ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਪੁੱਜਣ ਤੇ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਫੁੱਲਾਂ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸਲਾਮੀ ਵੀ ਦਿੱਤੀ ਗਈ।ਇਸ ਖ਼ਾਲਸਾ ਮਾਰਚ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤੀ ਗਈ, ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਦਲਜੀਤ ਸਿੰਘ ਭਿੰਡਰ ਵੀ ਮੌਜੂਦ ਰਹੇ।ਇਸ ਮੌਕੇ ਜਥੇਦਾਰ ਗੜਗੱਜ ਨੇ ਨੌਜਵਾਨਾਂ ਨੂੰ ਮੀਰੀ-ਪੀਰੀ ਦਿਵਸ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਤੋਂ ਜਾਣੂ ਕਰਵਾਇਆ।ਉਨ੍ਹਾਂ ਨੇ ਸਿੱਖ ਗੁਰੂਆਂ ਅਤੇ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨ ਪੀੜ੍ਹੀ ਨੂੰ ਮਹਾਨ ਸਿੱਖ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਵੀ ਪ੍ਰੇਰਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਬੋਲਦਿਆਂ ਕਿਹਾ ਕਿ ਅਸੀਂ ਬਹੁਤ ਹੀ ਭਾਗਾਂ ਵਾਲੇ ਹਾਂ ਕਿ ਸਾਨੂੰ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਸ ਮਾਰਚ ਨੇ ਨੌਜਵਾਨਾਂ ਵਿਚ ਚੇਤਨਾ ਪੈਦਾ ਕੀਤੀ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਪਰਾਲਾ ਬੇਹੱਦ ਸਾਰਥਿਕ ਸਿੱਧ ਹੋਇਆ ਹੈ। 05 ਆਰਪੀਆਰ38 ਸ੍ਰੀ ਅਨੰਦਪੁਰ ਸਾਹਿਬ ਦੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕਰਦੇ ਹੋਏ ਪ੍ਰਿੰਸੀਪਲ ਜਸਵੀਰ ਸਿੰਘ ਨਾਲ ਹਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਚਾਵਲਾ, ਡਾ. ਭਿੰਡਰ ਤੇ ਹੋਰ।