ਅਕਾਲੀ ਦਲ ਦੇ ਧਰਨੇ ਨੂੰ ਹਾਸੋਹੀਣਾ ਦੱਸਣਾ ਹੰਕਾਰ ਦੀ ਸਿਖਰ : ਮੱਕੜ
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਦੇ ਪ੍ਰਧਾਨ ਰਾਜੂ ਸਤਿਆਲ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਦਿੱਤੇ ਰੋਸ ਧਰਨੇ ਸਬੰਧੀ ਦਿੱਤੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਲੋਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਏ ਧਰਨੇ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਹਾਸੋਹੀਣਾ ਦੱਸਣਾ ਹੰਕਾਰ ਦੀ ਸਿਖਰ ਹੈ।
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਦੇ ਪ੍ਰਧਾਨ ਰਾਜੂ ਸਤਿਆਲ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਦਿੱਤੇ ਰੋਸ ਧਰਨੇ ਸਬੰਧੀ ਦਿੱਤੇ ਬਿਆਨ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਲੋਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਏ ਧਰਨੇ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਹਾਸੋਹੀਣਾ ਦੱਸਣਾ ਹੰਕਾਰ ਦੀ ਸਿਖਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਰੋਪੜ ਥਰਮਲ ਪਲਾਂਟ ਦੇ ਨਾਂ ’ਤੇ ਰਾਜਨੀਤੀ ਕਰਦੇ ਰਹੇ ਹਨ, ਪਰ ਹੁਣ ਦੱਸਣ ਕਿ ਥਰਮਲ ਪਲਾਂਟ ਦੀ ਮੌਜੂਦਾ ਸਥਿਤੀ ਕੀ ਹੈ। ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਕਰਨ ਵਾਲੇ ਸਰਕਾਰ ਦੇ ਨੁਮਾਇੰਦੇ ਇਹ ਵੀ ਦੱਸਣ ਕਿ ਥਰਮਲ ਪਲਾਂਟ ਵਿਚ ਕਿੰਨੀ ਨਵੀਂ ਭਰਤੀ ਕੀਤੀ ਗਈ ਹੈ। ਉਨ੍ਹਾਂ ਥਰਮਲ ਕਾਲੋਨੀਆਂ ਦੀ ਹਾਲਤ ਅਤੇ ਦਸਮੇਸ਼ ਪਿਤਾ ਦੇ ਨਾਂ ’ਤੇ ਸਥਾਪਤ ਥਰਮਲ ਪਲਾਂਟ ਦੀ ਬਿਹਤਰੀ ਲਈ ਕੀਤੇ ਕੰਮਾਂ ਬਾਰੇ ਵੀ ਸਵਾਲ ਉਠਾਏ। ਸ੍ਰੀ ਮੱਕੜ ਨੇ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਉਹ ਦੱਸਣ ਕਿ ਬਸੰਤ ਨਗਰ, ਨਵੀਂ ਅਨਾਜ ਮੰਡੀ ਅਤੇ ਸਦਾਬਰਤ ਟਰੀਟਮੈਂਟ ਪਲਾਂਟ ਦਾ ਪਾਣੀ ਓਵਰਫਲੋ ਹੋ ਕੇ ਸਰਹਿੰਦ ਨਹਿਰ ਵਿਚ ਕਿਉਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿੰਨੀ ਸਕੱਤਰੇਤ ਦੇ ਸਾਹਮਣੇ ਅਤੇ ਉਨ੍ਹਾਂ ਦੇ ਆਪਣੇ ਵਾਰਡ ਦੇ ਨੇੜੇ ਗੰਦਗੀ ਦੇ ਢੇਰ ਕਿਸ ਦੀ ਇਜਾਜ਼ਤ ਨਾਲ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਸਰਹਿੰਦ ਨਹਿਰ ਦੇ ਕਿਨਾਰੇ ਪਿਆ ਗੰਦ ਬੀਤੇ ਦਿਨ ਦੀ ਬਰਸਾਤ ਨਾਲ ਨਹਿਰ ਵਿਚ ਜਾਣ ਦਾ ਖ਼ਦਸ਼ਾ ਬਣਿਆ ਰਿਹਾ, ਪਰ ਇਸ ਨੂੰ ਚੁੱਕਣ ਲਈ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਗਿਆ। ਬਿਜਲੀ ਦੇ ਕੱਟਾਂ ਬਾਰੇ ਬੋਲਣ ਤੋਂ ਪਹਿਲਾਂ ਰਾਜੂ ਸਤਿਆਲ ਇਹ ਦੱਸਣ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਬਿਜਲੀ ਉਤਪਾਦਨ ਵਧਾਉਣ ਲਈ ਕੀ ਕੰਮ ਕੀਤੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਮੁਖ ਸਿੰਘ ਸੈਣੀ, ਕੌਂਸਲਰ ਸੁਖਵਿੰਦਰ ਸਿੰਘ ਪਟਵਾਰੀ, ਗੁਰਵਿੰਦਰ ਸਿੰਘ ਬਾਵਾ, ਪ੍ਰਧਾਨ ਯੂਥ ਅਕਾਲੀ ਦਲ ਹਲਕਾ ਰੋਪੜ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਤਰਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।