‘ ਮੇਰੀ ਦੁਕਾਨ ਮੇਰੇ ਨਾਮ ’ ਯੋਜਨਾ ਨਾਲ 8,500 ਦੁਕਾਨਦਾਰਾਂ ਨੂੰ ਮਿਲੇਗਾ ਲਾਭ - ਅਨਿਲ ਠਾਕੁਰ
ਵਪਾਰੀਆਂ ਦੀਆਂ 7,000 ਸ਼ਿਕਾਇਤਾਂ ਦਾ ਨਿਪਟਾਰਾ, 1,000 ਹਾਲੇ ਲੰਬਿਤ
ਰੂਪਨਗਰ, 14 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਰੂਪਨਗਰ ਵਿਖੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਮੇਰੀ ਦੁਕਾਨ ਮੇਰੇ ਨਾਮ’ ਯੋਜਨਾ ਤਹਿਤ ਸੂਬੇ ਦੇ ਲਗਭਗ 8,500 ਦੁਕਾਨਦਾਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ।
ਰੂਪਨਗਰ, 14 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਰੂਪਨਗਰ ਵਿਖੇ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਮੇਰੀ ਦੁਕਾਨ ਮੇਰੇ ਨਾਮ’ ਯੋਜਨਾ ਤਹਿਤ ਸੂਬੇ ਦੇ ਲਗਭਗ 8,500 ਦੁਕਾਨਦਾਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿਚ ਜ਼ਿਲ੍ਹਾ ਵਪਾਰੀ ਕਮਿਸ਼ਨਾਂ ਦੀਆਂ ਲਗਭਗ 800 ਮੀਟਿੰਗਾਂ ਦੌਰਾਨ 7,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਕਰੀਬ 1,000 ਸ਼ਿਕਾਇਤਾਂ ਹਾਲੇ ਵਿਚਾਰ ਅਧੀਨ ਹਨ। ਉਨ੍ਹਾਂ ਪੀ.ਐਸ.ਪੀ.ਸੀ.ਐਲ., ਗਮਾਡਾ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਬਕਾਇਆ ਮਾਮਲੇ ਜਲਦੀ ਹੱਲ ਕਰਨ ਲਈ ਕਿਹਾ। ਅਨਿਲ ਠਾਕੁਰ ਨੇ ਦੱਸਿਆ ਕਿ ਸਥਾਨਕ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਲਈ ਸਰਕਾਰ ਵਲੋਂ 40 ਕਰੋੜ ਰੁਪਏ ਰੱਖੇ ਗਏ ਹਨ। ਇਸ ਰਾਸ਼ੀ ਨਾਲ ਸਟਰੀਟ ਲਾਈਟਾਂ, ਪਾਰਕਿੰਗ ਅਤੇ ਹੋਰ ਸਹੂਲਤਾਂ ਵਿਚ ਸੁਧਾਰ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਲੰਬਿਤ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਐਸ.ਐਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਵਪਾਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ ਵਚਨਬੱਧ ਹੈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਕਮਿਸ਼ਨ ਦੇ ਨੁਮਾਇੰਦੇ ਹਾਜ਼ਰ ਸਨ।