ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਵਲੋਂ ਅਧਿਕਾਰੀਆਂ ਨਾਲ ਮੀਟਿੰਗ
ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤੀਪੂਰਵਕ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਸ੍ਰੀ ਰਜਨੀਸ਼ ਅਰੋੜਾ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਚੋਣ ਹਲਕਾ 051 ਸ੍ਰੀ ਚਮਕੌਰ ਸਾਹਿਬ-ਕਮ-ਉਪ ਮੰਡਲ ਮੈਜਿਸਟਰੇਟ, ਸ੍ਰੀ ਚਮਕੌਰ ਸਾਹਿਬ ਵਲੋਂ ਹਲਕੇ ਦੇ ਸਮੂਹ ਸੁਪਰਵਾਈਜ਼ਰਾਂ ਤੇ ਪੁਲਿਸ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਹਲਕੇ ਵਿਚ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਤਿਆਰ ਕਰਨਾ ਸੀ।
ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸ਼ਾਂਤੀਪੂਰਵਕ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਸ੍ਰੀ ਰਜਨੀਸ਼ ਅਰੋੜਾ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਚੋਣ ਹਲਕਾ 051 ਸ੍ਰੀ ਚਮਕੌਰ ਸਾਹਿਬ-ਕਮ-ਉਪ ਮੰਡਲ ਮੈਜਿਸਟਰੇਟ, ਸ੍ਰੀ ਚਮਕੌਰ ਸਾਹਿਬ ਵਲੋਂ ਹਲਕੇ ਦੇ ਸਮੂਹ ਸੁਪਰਵਾਈਜ਼ਰਾਂ ਤੇ ਪੁਲਿਸ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਹਲਕੇ ਵਿਚ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਤਿਆਰ ਕਰਨਾ ਸੀ। ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਵਲੋਂ ਸਮੂਹ ਸੁਪਰਵਾਈਜ਼ਰਾਂ ਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਅਧੀਨ ਪੈਂਦੇ ਸਮੂਹ ਪੋਲਿੰਗ ਸਟੇਸ਼ਨਾਂ ਦਾ ਨਿੱਜੀ ਤੌਰ ’ਤੇ ਸਾਂਝਾ ਦੌਰਾ ਕਰਨ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਬਰੀਕੀ ਨਾਲ ਪੜਤਾਲ ਕਰਕੇ ਅਜਿਹੇ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਕਰਨ, ਜਿੱਥੇ ਵੋਟਾਂ ਪੈਣ ਦੌਰਾਨ ਜਾਂ ਚੋਣ ਪ੍ਰਕਿਰਿਆ ਸਮੇਂ ਕਿਸੇ ਸ਼ਰਾਰਤੀ ਅਨਸਰ ਵਲੋਂ ਕਿਸੇ ਕਿਸਮ ਦੀ ਗੜਬੜੀ ਪੈਦਾ ਕੀਤੀ ਜਾ ਸਕਦੀ ਹੋਵੇ ਜਾਂ ਪੋਲਿੰਗ ਸਟੇਸ਼ਨ ਨੂੰ ਕੋਈ ਨੁਕਸਾਨ ਪਹੁੰਚਾਉਣ ਦਾ ਖ਼ਦਸ਼ਾ ਹੋਵੇ। ਇਸ ਤੋਂ ਇਲਾਵਾ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਖੇਤਰ ਵਿਚ ਅਜਿਹੇ ਸੰਵੇਦਨਸ਼ੀਲ ਵਰਗਾਂ, ਕਬੀਲਿਆਂ, ਜਾਤੀਆਂ ਜਾਂ ਸਮੁਦਾਇਕ ਦੀ ਵੀ ਵਿਸ਼ੇਸ਼ ਤੌਰ ’ਤੇ ਪੜਤਾਲ ਕੀਤੀ ਜਾਵੇ, ਜਿਥੇ ਵੋਟਰਾਂ ਨੂੰ ਪੈਸੇ ਜਾਂ ਕਿਸੇ ਹੋਰ ਕਿਸਮ ਦਾ ਲਾਲਚ ਦੇ ਕੇ ਵੋਟਾਂ ਖ਼ਰੀਦਣ ਜਾਂ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਸੰਵੇਦਨਸ਼ੀਲ ਬਿੰਦੂਆਂ ਦੀ ਸਹੀ ਰਿਪੋਰਟ ਤਿਆਰ ਕਰਕੇ ਸਮੇਂ ਸਿਰ ਪੇਸ਼ ਕੀਤੀ ਜਾਵੇ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਸਕਣ ਤੇ ਹਰ ਵੋਟਰ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ। ਮੀਟਿੰਗ ਵਿਚ ਸਥਾਨਕ ਡੀ. ਐਸ. ਪੀ. ਮਨਜੀਤ ਸਿੰਘ ਔਲਖ, ਨਾਇਬ ਤਹਿਸੀਲਦਾਰ ਅਮਿਤਾਭ ਤਿਵਾੜੀ ਸਮੇਤ ਸਬ ਡਵੀਜ਼ਨ ਨਾਲ ਸੰਬੰਧਿਤ ਹੋਰ ਅਧਿਕਾਰੀ ਵੀ ਮੌਜੂਦ ਸਨ।