ਅਜਨਾਲਾ, 12 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ ਜੋ ਸੂਬੇ ਵਿਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ | ਇਹ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਆਲਮੀ ਪੱਧਰ 'ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ ਅਤੇ ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ 'ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ' ਵਿਚ ਅੰਤਰਰਾਸਟਰੀ ਉਦਯੋਗਿਕ ਦਿੱਗਜਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯੋਜਨਾ ਤਿਆਰ ਕਰਨ ਲਈ ਆਪਸੀ ਸਹਿਮਤੀ ਵਿਕਸਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਸੰਮੇਲਨ 'ਪੰਜਾਬ ਮੀਨਜ ਬਿਜਨਸਪਾਲਿਸੀ-ਟੂ-ਪ੍ਰੈਕਟਿਸ' (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ 'ਤੇ ਆਧਾਰਤ ਹੋਵੇਗਾ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੈਂਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ, ਦੱਖਣੀ ਕੋਰੀਆ ਆਦਿ ਦੇਸ਼ਾਂ ਵਿਚ ਰੋਡ ਸ਼ੋਅ ਕੀਤੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ |
ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ - ਕੁਲਦੀਪ ਸਿੰਘ ਧਾਲੀਵਾਲ <br/>
ਅਜੀਤ ਡੈਸਕ
13-02-2026