ਸਿਵਲ ਹਸਪਤਾਲ ਅਜਨਾਲਾ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਰਾਜ ਪੱਧਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ
ਅਜਨਾਲਾ, 14 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਜ਼ੁਰਗਾਂ ਦੀ ਸਿਹਤ ਸੁਰੱਖਿਆ ਅਤੇ ਮਾਣ ਸਨਮਾਨ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਅੱਜ ਸਰਕਾਰੀ ਹਸਪਤਾਲ ਅਜਨਾਲਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸ਼ਾਲੂ ਅਗਰਵਾਲ ਦੀ ਅਗਵਾਈ ਹੇਠ ਰਾਜ ਪੱਧਰੀ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ਤੌਰ ਤੇ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੀਤਾ ਗਿਆ | ਇਸ ਮੈਡੀਕਲ ਕੈਂਪ ਦੌਰਾਨ ਸਾਹ, ਹੱਡੀਆਂ, ਜਨਾਨਾ, ਅੱਖਾਂ ਅਤੇ ਮੈਡੀਸਨ ਸਮੇਤ ਹੋਰਨਾਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਕੈਂਪ ਵਿਚ ਆਏ ਲਗਭਗ 400 ਬਜ਼ੁਰਗਾਂ ਦਾ ਮੁਫਤ ਚੈੱਕਅਪ ਕੀਤਾ ਗਿਆ, ਲੋੜਵੰਦਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ ਅਤੇ ਵੱਖ-ਵੱਖ ਤਰ੍ਹਾਂ ਦੇ ਟੈਸਟ ਵੀ ਮੁਫਤ ਕੀਤੇ ਗਏ | ਇਸ ਮੌਕੇ ਹਾਜ਼ਰ ਬਜ਼ੁਰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਪੰਜਾਬ ਦੇ ਬਜ਼ੁਰਗਾਂ ਦਾ ਮਾਣ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ ਪੱਖੀ ਪਹੁੰਚ ਨੂੰ ਦਰਸਾਉਂਦੀ ਹੈ | ਉਨ੍ਹਾਂ ਦੱਸਿਆ ਕਿ ਅਸੀਂ ਸੀਨੀਅਰ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਸੰਮਤੀ ਮੰਨਦੇ ਹਾਂ ਅਤੇ ਉਨ੍ਹਾਂ ਦੀ ਸਿਹਤ ਸੁਰੱਖਿਆ ਅਤੇ ਮਾਣ ਸਨਮਾਨ ਨੂੰ ਯਕੀਨੀ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਯੋਗ ਕਦਮ ਚੁੱਕ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਲਗਾਏ ਜਾ ਰਹੇ ਅਜਿਹੇ ਕੈਂਪਾਂ ਵਿਚ ਬਜ਼ੁਰਗਾਂ ਨੂੰ ਸਿਹਤ ਸੇਵਾਵਾਂ ਨਾਲ ਸੰਬੰਧਿਤ ਸਾਰੀਆਂ ਸਹੂਲਤਾਂ ਦਾ ਲਾਭ ਇਕ ਛੱਤ ਹੇਠਾਂ ਹੀ ਦਿੱਤਾ ਜਾ ਰਿਹਾ ਹੈ ਜੋ ਕਿ ਆਪਣੇ ਆਪ ਵਿਚ ਮਿਸਾਲੀ ਕਾਰਜ ਹੈ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ ਸਿਵਲ ਹਸਪਤਾਲ ਅਜਨਾਲਾ ਵਿਖੇ ਲਗਾਏ ਕੈਂਪ ਦੌਰਾਨ 400 ਬਜ਼ੁਰਗਾਂ ਦਾ ਮੁਫਤ ਚੈੱਕਅਪ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਹਈਆ ਕਰਵਾਈਆਂ ਗਈਆਂ ਹਨ | ਇਸ ਮੌਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਸ਼ਾਲੂ ਅਗਰਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ, ਸ਼ਿਵਦੀਪ ਸਿੰਘ ਚਾਹਲ, ਐਡਵੋਕੇਟ ਸੰਦੀਪ ਕੌਸ਼ਲ, ਡਾ: ਸੁਮਿਤਪਾਲ ਸਿੰਘ, ਡਾ: ਨੀਰਜ ਅਗਰਵਾਲ, ਡਾ: ਹਰਮਨ ਕੌਰ, ਡਾ: ਆਰਜ਼ੂ, ਡਾ: ਪਿ੍ਯੰਕਾ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਡਾ: ਸੁਨੀਲ ਮਹਾਜਨ, ਡਾ: ਵਿਕਾਸਦੀਪ, ਕੰਵਲਜੀਤ ਕੌਰ, ਰੇਨੂੰ ਸਰਨਾ, ਸਤਿੰਦਰ ਕੌਰ, ਕੁਲਦੀਪ ਸਿੰਘ ਥੋਬਾ, ਰਾਜਵਿੰਦਰ ਸਿੰਘ ਰਾਜੂ ਅਤੇ ਗੁਰਤੇਜ ਸਿੰਘ ਛੀਨਾ ਆਦਿ ਹਾਜ਼ਰ ਸਨ |
ਬਜ਼ੁਰਗਾਂ ਦੀ ਸਿਹਤ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ 'ਆਪ' ਸਰਕਾਰ ਚੁੱਕ ਰਹੀ ਯੋਗ ਕਦਮ-ਕੁਲਦੀਪ ਸਿੰਘ ਧਾਲੀਵਾਲ
ਅਜੀਤ ਡੈਸਕ
15-02-2026